ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਘੁਟਾਲੇਬਾਜ਼ਾਂ ਦੀ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਪੁਸ਼ਤਪਨਾਹੀ ਕਰਕੇ ਇਸ ਘੁਟਾਲੇ ਉੱਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
ਚੰਡੀਗੜ੍ਹ/26 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਉਸ ਬੀਜ ਘੁਟਾਲੇ ਦੀ ਇੱਕ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ 28 ਮਈ ਨੂੰ ਸੂਬੇ ਦਾ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ, ਜਿਸ ਤਹਿਤ ਝੋਨੇ ਦੇ ਨਕਲੀ ਬਰੀਡਰ ਬੀਜਾਂ ਦੀਆਂ ਕਿਸਮਾਂ ਭੋਲੇ ਭਾਲੇ ਕਿਸਾਨਾਂ ਨੂੰ ਅਸਲੀ ਬੀਜਾਂ ਨਾਲੋਂ ਤਿੰਨ ਗੁਣਾ ਵੱਧ ਕੀਮਤ ਉੱਤੇ ਵੇਚੀਆਂ ਗਈਆਂ ਹਨ।
ਇਸ ਸੰਬੰਧੀ ਐਲਾਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ, ਪਾਰਟੀ ਸਾਂਸਦਾਂ, ਸਾਬਕਾ ਸਾਂਸਦਾਂ, ਵਿਧਾਇਕਾਂ ਅਤੇ ਹਲਕਿਆਂ ਦੇ ਨੁੰਮਾਇਦਿਆਂ ਸਮੇਤ ਸੀਨੀਅਰ ਪਾਰਟੀ ਆਗੂਆਂ ਵੱਲੋਂ ਇਹ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ। ਉਹਨਾਂ ਨੇ ਪਾਰਟੀ ਆਗੂਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਆਪਣਾ ਫਰਜ਼ ਨਿਭਾਉਂਦਿਆਂ ਸਮਾਜਿਕ ਦੂਰੀ ਬਣਾਕੇ ਰੱਖਣ ਲਈ ਆਖਿਆ ਤਾਂ ਕਿ ਮਹਾਂਮਾਰੀ ਦੇ ਇਸ ਸਮੇਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਕੋਈ ਠੇਸ ਨਾ ਵੱਜੇ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਦੁਆਰਾ ਕੀਤੀ ਸ਼ਿਕਾਇਤ ਕਿ ਉਹਨਾਂ ਨੂੰ ਨਕਲੀ ਬਰੀਡਰ ਬੀਜ ਵੇਚੇ ਜਾ ਰਹੇ ਹਨ, ਉੱਤੇ ਖੇਤੀਬਾੜੀ ਵਿਭਾਗ ਦੁਆਰਾ 11 ਮਈ ਨੂੰ ਲੁਧਿਆਣਾ ਵਿਖੇ ਦਰਜ ਕਰਵਾਈ ਐਫਆਈਆਰ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਹੁਣ ਘੁਟਾਲੇਬਾਜ਼ਾਂ ਨੂੰ ਸਿਆਸੀ ਸੁਰੱਖਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਉੁਹਨਾਂ ਕਿਹਾ ਕਿ ਇਸ ਮਾਮਲੇ ਵਿਚ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਪੁਲਿਸ ਨੇ ਨਕਲੀ ਬੀਜ ਸਪਲਾਈ ਕਰਨ ਵਾਲੀ ਕੰਪਨੀ ਕਰਨਾਲ ਐਗਰੀ ਸੀਡਜ਼ ਦੇ ਨਾ ਗੋਦਾਮਾਂ ਉਤੇ ਛਾਪੇ ਮਾਰੇ ਹਨ ਅਤੇ ਨਾ ਹੀ ਇਸ ਦੇ ਗੁਰਦਾਸਪੁਰ ਵਿਚਲੇ ਦਫ਼ਤਰ ਉੱਤੇ। ਉਹਨਾਂ ਕਿਹਾ ਕਿ ਸਰਕਾਰ ਸਿਰਫ ਇਸ ਕਰਕੇ ਲੱਖਾਂ ਕਿਸਾਨਾਂ ਦਾ ਨੁਕਸਾਨ ਹੁੰਦਾ ਵੇਖਣ ਲਈ ਤਿਆਰ ਹੈ, ਕਿਉਂਕਿ ਕਰਨਾਲ ਐਗਰੀ ਸੀਡਜ਼ ਦਾ ਮਾਲਕ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਰੀਬੀ ਸਾਥੀ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ ਅਤੇ ਸਰਕਾਰ ਨੂੰ ਉਹਨਾਂ ਸਾਰੇ ਦੋਸ਼ੀਆਂ ਨੂੰ ਸਜਾਂ ਦੇਣ ਲਈ ਮਜ਼ਬੂਰ ਕਰ ਦਿਆਂਗੇ, ਜਿਹੜੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਖੁਦਕੁਸ਼ੀ ਦੇ ਮੂੰਹ ਵੱਲ ਧੱਕ ਰਹੇ ਹਨ।
ਇਹ ਟਿੱਪਣੀ ਕਰਦਿਆਂ ਕਿ ਸੈਕੜੇ ਕਰੋੜਾਂ ਰੁਪਏ ਦਾ ਇਹ ਬੀਜ ਘੁਟਾਲਾ ਕਾਂਗਰਸੀ ਆਗੂਆਂ ਦੀ ਬੇਈਮਾਨ ਬੀਜ ਉਤਪਾਦਕਾਂ ਅਤੇ ਵਿਕਰੇਤਾਵਾਂ ਨਾਲ ਮਿਲੀਭੁਗਤ ਦਾ ਨਤੀਜਾ ਹੈ, ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕੇਸ ਦੀ ਜਾਂਚ ਲਈ ਇੱਕ ਸਿਟ ਦਾ ਗਠਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਰਨਾਲ ਐਗਰੀ ਸੀਡਜ਼ ਦੇ ਪ੍ਰਬੰਧਕਾਂ ਸਮੇਤ ਸਾਰੇ ਨਕਲੀ ਬੀਜ ਵਿਕਰੇਤਾਵਾਂ ਦੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਨੂੰ ਇਸ ਸਮੁੱਚੀ ਘਟਨਾ ਦੀ ਇੱਕ ਸੁਤੰਤਰ ਜਾਂਚ ਦਾ ਵੀ ਹੁਕਮ ਦੇਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਅੱਗੇ ਆਉਣ ਅਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਕਿਸੇ ਦੂਸਰੀ ਕਿਸਮ ਦਾ ਬੀਜ ਮੁਫਤ ਦੇਣਾ ਚਾਹੀਦਾ ਹੈ।