ਸੁਖਬੀਰ ਸਿੰਘ ਬਾਦਲ ਨੇ ਸੂਬੇ ਅੰਦਰ ਪਟਾਕਿਆਂ ਦੀ ਫੈਕਟਰੀਆਂ ਉੱਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ
ਚੰਡੀਗੜ੍ਹ/04 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਬਟਾਲਾ ਵਿਖੇ ਇੱਕ ਪਟਾਕਿਆਂ ਦੀ ਫੈਕਟਰੀ ਵਿਚ ਧਮਾਕਾ ਹੋਣ ਨਾਲ 18 ਵਿਅਕਤੀਆਂ ਦੀ ਮੌਤ ਅਤੇ ਦਰਜਨਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਨਾਲ ਹੀ ਸੂਬੇ ਅੰਦਰ ਪਟਾਕਿਆਂ ਦੀਆਂ ਸਾਰੀਆਂ ਫੈਕਟਰੀਆਂ ਉੱਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਨਾ ਹੀ ਆਸ ਜਤਾਈ ਕਿ ਪਟਾਕਿਆਂ ਦੀ ਫੈਕਟਰੀ ਦੇ ਮਲਬੇ ਥੱਲੇ ਦਬੇ ਲੋਕਾਂ ਨੂੰ ਬਚਾਅ ਲਿਆ ਜਾਵੇਗਾ। ਉਹਨਾਂ ਨੇ ਪਟਾਕਿਆਂ ਦੀਆਂ ਫੈਕਟਰੀਆਂ ਉੱਤੇ ਸੁਰੱਖਿਆ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਖਿ਼਼ਲਾਫ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਹਨਾਂ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਆਖਿਆ।
ਇਸੇ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵੀ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਤੁਰੰਤ ਸਾਰੇ ਜਿ਼ਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦੇਣਾ ਚਾਹੀਦਾ ਹੈ ਕਿ ਉਹ ਪਟਾਕਿਆਂ ਦੀ ਫੈਕਟਰੀਆਂ ਵਿਚ ਸੁਰੱਖਿਆ ਨਿਯਮਾਂ ਨੂੰ ਤੁਰੰਤ ਸਖ਼ਤੀ ਨਾਲ ਲਾਗੂ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਰਿਹਾਇਸ਼ੀ ਖੇਤਰਾਂ ਵਿਚ ਕੋਈ ਵੀ ਪਟਾਕਿਆਂ ਦੀ ਫੈਕਟਰੀ ਮੌਜੂਦ ਨਾ ਹੋਵੇ।