ਡਾਕਟਰ ਚੀਮਾ ਨੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਸੂਬੇ ਅੰਦਰ ਬਹੁਤ ਸਾਰੇ ਬੇਹੱਦ ਸੰਵੇਦਨਸ਼ੀਲ ਇਲਾਕਿਆਂ ਵਿਚ ਨੀਮ ਫੌਜੀ ਦਸਤੇ ਤਾਇਨਾਤ ਨਹੀਂ ਕੀਤੇ ਗਏ
ਚੰਡੀਗੜ੍ਹ/18 ਮਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਤੋਂ ਇਲਾਵਾ ਪੰਜਾਬ ਦੇ ਸਾਰੇ ਸੰਵੇਦਨਸ਼ੀਲ ਬੂਥਾਂ ਅੰਦਰ ਤੁਰੰਤ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਹੈ।
ਮੁੱਖ ਚੋਣ ਕਮਿਸ਼ਨਰ ਨੂੰ ਇਸ ਸੰਬੰਧ ਵਿਚ ਲਿਖੀ ਚਿੱਠੀ ਵਿਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਸੰਬੰਧੀ ਕਾਨੂੰਨਾਂ ਦੀ ਸਭ ਤੋਂ ਪਵਿੱਤਰ ਖਾਸੀਅਤ ਇਹ ਹੁੰਦੀ ਹੈ ਕਿ ਇਹ ਉਮੀਦਵਾਰਾਂ ਸਮੇਤ ਸਾਰਿਆਂ ਨੂੰ ਬਰਾਬਰ ਦੀ ਮੁਕਾਬਲੇਬਾਜ਼ੀ ਦਾ ਮੌਕਾ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਚੋਣਾਂ ਦੇ ਕਾਰਜ ਨੂੰ ਨਿਰਵਿਘਨ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਂਦਾ ਹੈ ਅਤੇ ਸੱਤਾਧਾਰੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਵਾਸਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਸਮੇਤ ਕਿਸੇ ਵੀ ਢੰਗ ਨਾਲ ਚੋਣ ਮਾਹੌਲ ਨੂੰ ਵਿਗਾੜੇ ਜਾਣ ਤੋਂ ਰੋਕਦਾ ਹੈ।
ਬਠਿੰਡਾ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਅੰਦਰ ਵਧੇਰੇ ਨੀਮ ਫੌਜੀ ਦਸਤਿਆਂ ਦੀ ਲੋੜ ਤੋਂ ਚੋਣ ਕਮਿਸ਼ਨ ਨੂੰ ਜਾਣੂ ਕਰਵਾਉਂਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਬਠਿੰਡਾ ਹਲਕੇ ਅੰਦਰ 1729 ਬੂਥ ਹਨ ਅਤੇ ਸਿਰਫ 700 ਬੂਥਾਂ ਅੰਦਰ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਗਏ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਹਲਕੇ ਅੰਦਰ ਕੁੱਝ ਚੋਣਵੇਂ ਬੂਥਾਂ ਉਤੇ ਨੀਮ ਫੌਜੀ ਦਸਤਿਆਂ ਦੀ ਤਾਇਨਾਤੀ ਕੀਤੀ ਗਈ ਹੈ ਜਦਕਿ ਅਬੋਹਰ ਸਿਟੀ ਅਤੇ ਫਿਰੋਜ਼ਪੁਰ ਸਿਟੀ ਵਰਗੇ ਬੇਹੱਦ ਸੰਵੇਦਨਸ਼ੀਲ ਇਲਾਕਿਆਂ ਨੂੰ ਕੇਂਦਰੀ ਬਲਾਂ ਤੋਂ ਸੱਖਣੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਬਾਦਲ ਪਰਿਵਾਰ ਨੂੰ ਹਰਾਉਣ ਦੇ ਇੱਕ ਨੁਕਾਤੀ ਏਜੰਡੇ ਨੇ ਇਹਨਾਂ ਦੋਵੇ ਹਲਕਿਆਂ ਨੂੰ ਬੇਹੱਦ ਸੰਵੇਦਨਸ਼ੀਲ ਬਣਾ ਦਿੱਤਾ ਹੈ। ਇਸ ਲਈ ਬਠਿੰਡਾ ਅਤੇ ਫਿਰੋਜ਼ਪੁਰ ਹਲਕਿਆਂ ਦੇ ਸਾਰੇ ਬੂਥਾਂ ਉੱਤੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਦੀ ਸਖ਼ਤ ਜਰੂਰਤ ਹੈ।
ਡਾਕਟਰ ਚੀਮਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਸੂਬੇ ਅੰਦਰ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਹਰ ਜ਼ਿਲ੍ਹੇ ਦੇ ਹਰ ਬੂਥ ਉਤੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ, ਕਿਉਂਕਿ ਕਾਂਗਰਸ ਪਾਰਟੀ ਆਪਣੀ ਹਾਰ ਦਿਸਦੀ ਵੇਖ ਕੇ ਪੰਜਾਬ ਵਿਚ ਵੋਟਰਾਂ ਨੂੰ ਡਰਾਉਣ ਲਈ ਨਜਾਇਜ਼ ਤਰੀਕਿਆਂ ਦਾ ਇਸਤੇਮਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਰੇ ਲੋਕ ਸਭਾ ਹਲਕਿਆਂ ਅੰਦਰ ਹਰ ਬੂਥ ਉੱਤੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।