ਚੰਡੀਗੜ੍ਹ/22 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਕੇਸਾਂ ਬਾਰੇ ਸੀਬੀਆਈ ਵੱਲੋਂ ਮੁਹਾਲੀ ਦੀ ਅਦਾਲਤ ਵਿਚ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਵਾਪਸ ਲਏ ਜਾਣ ਦੀ ਮੰਗ ਕਰ ਰਹੀਆਂ ਸਿੱਖ ਜਥੇਬੰਦੀਆਂ ਦੇ ਨੁੰਮਾਇਦਿਆਂ ਉੱਤੇ ਅੱਜ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੋਲੇ ਵਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਨਿਖੇਧੀ ਕੀਤੀ ਹੈ।
ਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਸਿੱਖਾਂ ਨੂੰ ਕਲੋਜ਼ਰ ਰਿਪੋਰਟ ਵਾਪਸ ਲੈਣ ਦੀ ਮੰਗ ਕਰਨ ਵਾਸਤੇ ਸੀਬੀਆਈ ਦੇ ਦਫਤਰ ਜਾਣ ਤੋਂ ਰੋਕਿਆ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਨੁੰਮਾਇੰਦਿਆਂ ਉੱਤੇ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੋਲਿਆਂ ਨਾਲ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਡਰਾਉਣ ਲਈ ਹਵਾ ਵਿਚ ਗੋਲੀਆਂ ਵੀ ਚਲਾਈਆਂ ਗਈਆਂ।
ਮੁੱਖ ਮੰਤਰੀ ਨੂੰ ਸਰਕਾਰੀ ਮਸ਼ੀਨਰੀ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਕੁਚਲਣ ਤੋਂ ਵਰਜਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਇਸ ਬਾਰੇ ਪਹਿਲਾਂ ਹੀ ਸਪੱਸ਼ਟ ਕਰ ਚੁੱਕਿਆ ਹੈ ਕਿ ਇਸ ਵੱਲੋਂ ਕਲੋਜ਼ਰ ਰਿਪੋਰਟ ਨੂੰ ਵਾਪਸ ਕਰਵਾਉਣ ਅਤੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਾਰੇ ਹੀਲੇ ਵਸੀਲੇ ਇਸਤੇਮਾਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਪਹਿਲੀ ਪਾਰਟੀ ਸੀ, ਜਿਸ ਨੇ ਸਭ ਤੋਂ ਪਹਿਲਾਂ ਇਸ ਮੁੱਦੇ ਉਤੇ ਆਪਣਾ ਸਟੈਂਡ ਸਪੱਸ਼ਟ ਕੀਤਾ ਸੀ।