ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਟਕੋਰ ਕਰਨ ਵਿਚ ਵੱਡੀ ਭੂਮਿਕਾ ਨਿਭਾਏਗਾ
ਚੰਡੀਗੜ੍ਹ/13 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਐਨਡੀਏ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਉੱਤੇ ਇੱਕ ਮਾਨਵਵਾਦੀ ਰੁਖ਼ ਅਪਣਾਉਂਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਅਜਿਹਾ ਵਿਵਹਾਰ ਸਿੱਖਾਂ ਦੇ ਰਿਸਦੇ ਜ਼ਖ਼ਮਾਂ ਨੂੰ ਭਰਨ ਵਿਚ ਸਹਾਈ ਹੋਵੇਗਾ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਿੱਖਾਂ ਦੀਆਂ ਜ਼ਖਮੀ ਭਾਵਨਾਵਾਂ ਉੱਤੇ ਟਕੋਰ ਕਰਨ ਵਿਚ ਵੱਡੀ ਭੂਮਿਕਾ ਨਿਭਾਏਗਾ, ਜਿਹਨਾਂ ਨੂੰ ਉਹਨਾਂ ਕਾਲੇ ਦਿਨਾਂ ਦੌਰਾਨ ਅਕਹਿ ਅੱਤਿਆਚਾਰ ਅਤੇ ਅਪਮਾਨ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਕੇਂਦਰ ਅਤੇ ਸੂਬੇ ਦੀਆਂ ਕਾਂਗਰਸ ਸਰਕਾਰਾਂ ਦੇ ਅਸੰਵੇਦਨਸ਼ੀਲ ਅਤੇ ਵਿਤਕਰੇ ਭਰੇ ਫੈਸਲਿਆਂ ਨੇ ਪੰਜਾਬ ਨੂੰ ਅੱਤਵਾਦ ਦੀ ਹਨੇਰੀ ਗੁਫਾ ਵੱਲ ਧੱਕ ਦਿੱਤਾ ਸੀ। ਉਹਨਾਂ ਕਿਹਾ ਕਿ ਸਿੱਖਾਂ ਅੰਦਰ ਅਲਹਿਦਗੀ ਦੀ ਭਾਵਨਾ ਖਤਮ ਕਰਨ ਦੇ ਉਦੇਸ਼ ਨਾਲ ਲਏ ਬਹੁਤ ਸਾਰੇ ਪੰਜਾਬ ਪੱਖੀ ਅਤੇ ਸਿੱਖ-ਪੱਖੀ ਫੈਸਲਿਆਂ ਲਈ ਅਸੀਂ ਮੋਦੀ ਸਰਕਾਰ ਦੇ ਸ਼ੁਕਰਗੁਜ਼ਾਰ ਹਾਂ।
ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਅਤੇ ਐਸਜੀਪੀਸੀ ਸਿਧਾਂਤਕ ਤੌਰ ਤੇ ਹਮੇਸ਼ਾਂ ਹੀ ਮੌਤ ਦੀ ਸਜ਼ਾ ਦਾ ਵਿਰੋਧ ਕੀਤਾ ਹੈ ਅਤੇ ਕਰਦੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਸਰਦਾਰ ਪਰਕਾਸ਼ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਇਸ ਮਾਮਲੇ ਉਤੇ ਸਰਬਸੰਮਤੀ ਬਣਾਉਣ ਲਈ ਲੰਬੀ ਲੜਾਈ ਲੜੀ ਹੈ, ਜਿਸ ਵਿਚ ਅਨੇਕਾਂ ਮੌਕਿਆਂ ਉਤੇ ਕੇਂਦਰ ਸਰਕਾਰ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣਾ ਵੀ ਸ਼ਾਮਿਲ ਹੈ। ਉਹਨਾਂ ਕਿਹਾ ਕਿ ਅੱਠ ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਫੈਸਲਾ ਇਸ ਮੁੱਦੇ ਉੱਤੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਲਗਾਤਾਰ ਕੀਤੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ।
ਕਾਂਗਰਸ ਪਾਰਟੀ ਉਤੇ ਆਪਣੇ ਸਿਆਸੀ ਫਾਇਦਿਆਂ ਲਈ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਨੂੰ ਭੰਗ ਕਰਨ ਦਾ ਦੋਸ਼ ਲਾਉਂਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਇਸ ਮੁੱਦੇ ਦੀ ਅਸਲੀਅਤ ਨੂੰ ਸਮਝਣ ਅਤੇ ਅਤੀਤ ਦੀ ਕੁੜੱਤਣ ਭੁਲਾ ਕੇ ਇਕ ਨਵੀਂ ਸ਼ੁਰੂਆਤ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵੇਲੇ ਕੀਤੇ ਗਏ ਸਰਕਾਰੀ ਅੱਤਵਾਦ ਦੇ ਪੀੜਤਾਂ ਦਾ ਸਾਡੇ ਸਿਰ ਕਰਜ਼ ਹੈ। ਉਹਨਾਂ ਕਿਹਾ ਕਿ ਉਸ ਸਮੇਂ ਸਰਕਾਰੀ ਏਜੰਸੀਆਂ ਵੱਲੋਂ ਬੇਗੁਨਾਹਾਂ ਉੱਤੇ ਢਾਹੇ ਅੱਤਿਆਚਾਰਾਂ ਨੂੰ ਕੌਣ ਭੁੱਲ ਸਕਦਾ ਹੈ, ਜਿਹਨਾਂ ਨੇ ਸਿੱਖ ਨੌਜਵਾਨਾਂ ਦੇ ਅੰਨ੍ਹੇਵਾਹ ਕਤਲ ਕੀਤੇ ਸਨ, ਕੁੜੀਆਂ ਦੀ ਪੱਤਾਂ ਲੁੱਟੀਆਂ ਅਤੇ ਤਬਾਹੀ ਮਚਾਈ ਸੀ। ਅੱਠ ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ਇਹਨਾਂ ਪੀੜਤਾਂ ਦੀ ਜਖ਼ਮੀ ਮਾਨਸਿਕਤਾ ਲਈ ਮੱਲ੍ਹਮ ਦਾ ਕੰਮ ਰਹੀ ਹੈ।
ਕੇਂਦਰ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਅੰਦਰ ਸੜ੍ਹ ਰਹੇ ਸਾਰੇ ਕੈਦੀਆਂ ਦੀ ਰਿਹਾਈ ਯਕੀਨੀ ਬਣਾਉਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਿੱਖ ਸੰਗਤ ਵੀ ਚੋਣਵੇਂ ਸਿੱਖ ਕੈਦੀਆਂ ਨੂੰ ਰਿਹਾ ਕਰਨ ਦੀ ਬਜਾਇ ਸਾਰੇ ਕੈਦੀਆਂ ਨੂੰ ਰਿਹਾ ਕਰਨ ਦੇ ਪੱਖ ਵਿਚ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤਾਂ ਦੇਸ਼ ਦੇ ਉਹਨਾਂ ਸਾਰੇ ਕੈਦੀਆਂ ਨੂੰ ਰਿਹਾ ਕੀਤੇ ਜਾਣ ਦੇ ਹੱਕ ਵਿਚ ਹੈ, ਜਿਹੜੇ ਕਾਨੂੰਨ ਮੁਤਾਬਿਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ 550ਵੇਂ ਪਰਕਾਸ਼ ਪੁਰਬ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਇਹ ਸਭ ਤੋਂ ਵੱਡੀ ਸ਼ਰਧਾਂਜ਼ਲੀ ਹੋਵੇਗੀ।