ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸਰਕਾਰ ਨੂੰ ਵੱਖ ਵੱਖ ਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਮੁਫਤ ਏਕਾਂਤਵਾਸ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ
ਅੰਮ੍ਰਿਤਸਰ/14 ਮਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੁਬਈ ਤੋਂ ਵਾਪਸ ਆਏ ਪੰਜਾਬੀਆਂ ਨੂੰ ਰਾਜਾਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਮੁੱਢਲੀਆਂ ਸਹੂਲਤਾਂ ਨਾ ਦੇ ਕੇ ਸਰੀਰਕ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਚਾਰ ਘੰਟਿਆਂ ਤਕ ਇਹਨਾਂ ਯਾਤਰੀਆਂ ਨੂੰ ਏਕਾਂਤਵਾਸ ਕੇਂਦਰਾਂ ਵਿਚ ਤਬਦੀਲ ਕਰਨ ਦੀ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਅਤੇ ਇੰਨੇ ਲੰਬੇ ਸਮੇਂ ਤਕ ਉਹਨਾਂ ਨੂੰ ਪਾਣੀ ਅਤੇ ਖਾਣਾ ਤਕ ਮੁਹੱਈਆ ਨਹੀਂ ਕਰਵਾਇਆ ਗਿਆ। ਉਹਨਾਂ ਨੇ ਹਵਾਈ ਅੱਡੇ ਉੱਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਲਈ ਢੁੱਕਵੇਂ ਪ੍ਰਬੰਧ ਨਾ ਕਰਨ ਵਾਸਤੇ ਵੀ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਉੱਥੇ ਬੇਲੋੜੀ ਭੀੜ ਜਮ੍ਹਾਂ ਹੋ ਗਈ ਸੀ। ਉਹਨਾਂ ਕਿਹਾ ਕਿ ਰਾਜਾਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਸਿਰਫ 200 ਪੰਜਾਬੀਆਂ ਨੂੰ ਬਾਹਰੋਂ ਲਿਆਂਦਾ ਗਿਆ ਹੈ ਅਤੇ ਸੂਬਾ ਸਰਕਾਰ ਉਹਨਾਂ ਲਈ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਵਿਚ ਵੀ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਲਾਪਰਵਾਹੀ ਕਰਕੇ ਬੱਚਿਆਂ ਅਤੇ ਔਰਤਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀ ਝੱਲਣੀ ਪਈ ਹੈ।
ਸਰਦਾਰ ਰਣੀਕੇ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਪੰਜਾਬੀਆਂ ਨੂੰ ਮੁੱਲ ਦੇ ਏਕਾਂਤਵਾਸ ਕੇਂਦਰਾਂ ਵਿਚ ਭੇਜਣਾ ਸਹੀ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਨੇ 14 ਦਿਨਾਂ ਦੇ ਏਕਾਂਤਵਾਸ ਲਈ 1000 ਰੁਪਏ ਤੋਂ ਲੈ ਕੇ 3800 ਰੁਪਏ ਪ੍ਰਤੀ ਦਿਨ ਤਕ ਦਾ ਕਿਰਾਇਆ ਨਿਸ਼ਚਿਤ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਯਾਤਰੀ ਆਰਥਿਕ ਤੰਗੀ ਕਰਕੇ ਇਹ ਕਿਰਾਇਆ ਨਹੀਂ ਦੇ ਸਕਦੇ, ਉਹਨਾਂ ਨੂੰ ਸਰਕਾਰੀ ਏਕਾਂਤਵਾਸ ਕੇਂਦਰਾਂ ਅੰਦਰ ਮੁਫਤ ਰਹਿਣ ਦੀ ਪੇਸ਼ਕਸ਼ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਵੰਦੇ ਭਾਰਤ ਮਿਸ਼ਨ ਤਹਿਤ ਹੋਰ ਭਾਰਤੀ ਅੰਮ੍ਰਿਤਸਰ ਵਾਪਸ ਆਉਂਦੇ ਹਨ ਤਾਂ ਉਹਨਾਂ ਨੂੰ ਮੁਫਤ ਏਕਾਂਤਵਾਸ ਦੀ ਸਹੂਲਤ ਦੇਣੀ ਚਾਹੀਦੀ ਹੈ।