ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੂੰ ਸ਼ਰਾਰਤੀ ਤੱਤਾਂ ਖ਼ਿਲਾਫ ਕਾਰਵਾਈ ਕਰਨ ਅਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਖਿਆ
ਚੰਡੀਗੜ੍ਹ/14 ਜੂਨ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੜਤਾਲ ਕਰ ਰਹੇ ਉਹਨਾਂ ਡਾਕਟਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕੋਲਕੋਤਾ ਵਿਚ ਐਨਆਰਐਸ ਕਾਲਜ ਦੇ ਡਾਕਟਰਾਂ ਉੁੱਤੇ ਹੋਏ ਹਮਲੇ ਖ਼ਿਲਾਫ ਅੰਦੋਲਨ ਕਰ ਰਹੇ ਹਨ ਅਤੇ ਜਿਸ ਨਾਲ ਪੂਰੇ ਸੂਬੇ ਅੰਦਰ ਡਾਕਟਰਾਂ ਖ਼ਿਲਾਫ ਹਿੰਸਾ ਸ਼ੁਰੂ ਹੋ ਗਈ ਹੈ। ਪਾਰਟੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਅਪੀਲ ਕੀਤੀ ਹੈ ਕਿ ਉਹ ਡਾਕਟਰਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਦੀ ਰਾਖੀ ਲਈ ਸ਼ਰਾਰਤੀ ਤੱਤਾਂ ਖ਼ਿਲਾਫ ਤੁਰੰਤ ਕਾਰਵਾਈ ਕਰਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸ਼ਰਾਰਤੀ ਤੱਤਾਂ ਦੀ ਉਸ ਭੀੜ ਖ਼ਿਲਾਫ ਤੁਰੰਤ ਕਾਰਵਾਈ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਨੇ ਐਨਆਰਐਸ ਕਾਲਜ ਕੋਲਕੋਤਾ ਵਿਖੇ ਇੱਕ ਅਸਾਧ ਰੋਗ ਤੋਂ ਪੀੜਤ ਮਰੀਜ਼ ਦੀ ਮੌਤ ਮਗਰੋਂ ਇੱਕ ਡਾਕਟਰ ਉੱਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਨਾਲ ਸਥਿਤੀ ਹੋਰ ਵੀ ਵਿਗੜ ਗਈ ਹੈ ਅਤੇ ਪੱਛਮੀ ਬੰਗਾਲ ਵਿਚ ਬਹੁਤ ਸਾਰੀਆਂ ਥਾਂਵਾਂ ਉੱਤੇ ਡਾਕਟਰਾਂ ਉੱਤੇ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਨਾਲ ਸੂਬੇ ਅੰਦਰ ਸਿਹਤ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਘਟਨਾਵਾਂ ਦੇ ਪ੍ਰਤੀਕਰਮ ਵਜੋ ਅਤੇ ਪੱਛਮੀ ਬੰਗਾਲ ਦੇ ਡਾਕਟਰਾਂ ਨਾਲ ਇੱਕਜੁਟਤਾ ਵਿਖਾਉਂਦਿਆਂ ਡਾਕਟਰਾਂ ਵੱਲੋਂ ਕੀਤੀ ਹੜਤਾਲ ਨਾਲ ਪੂਰੇ ਦੇਸ਼ ਅੰਦਰ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਖਤਰਾ ਖੜ੍ਹਾ ਹੋ ਗਿਆ ਹੈ।
ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਣ ਦੀ ਅਪੀਲ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਐਨਆਰਐਸ ਕਾਲਜ ਵਿਚ ਡਾਕਟਰਾਂ ਉੱਤੇ ਹੋਏ ਹਮਲੇ ਨੂੰ ਕਿਸੇ ਵੀ ਹਾਲਾਤ ਵਿਚ ਫਿਰਕੂ ਰੰਗ ਨਹੀਂ ਦੇਣਾ ਚਾਹੀਦਾ। ਉਹਨਾਂ ਕਿਹਾ ਕਿ ਵਰਧਮਾਨ ਮੈਡੀਕਲ ਕਾਲਜ, ਕਲਕੱਤਾ ਮੈਡੀਕਲ ਕਾਲਜ ਅਤੇ ਕੇਬੀਸੀ ਮੈਡੀਕਲ ਕਾਲਜਾਂ ਸਮੇਤ ਹੋਰ ਬਹੁਤ ਸਾਰੇ ਕਾਲਜਾਂ ਦੇ ਡਾਕਟਰਾਂ ਨੂੰ ਵੀ ਧਮਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਹਿਲਾ ਡਾਕਟਰਾਂ ਅਤੇ ਨਰਸਾਂ ਨੂੰ ਤੁਰੰਤ ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਦਬਕਾਇਆ ਜਾ ਰਿਹਾ ਹੈ ਅਤੇ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਉਹਨਾਂ ਨੇ ਅਜਿਹਾ ਨਾ ਕੀਤਾ, ਤਾਂ ਉਹਨਾਂ ਉੱਤੇ ਤੇਜ਼ਾਬੀ ਹਮਲੇ ਕੀਤੇ ਜਾਣਗੇ। ਬਹੁਤ ਸਾਰੇ ਡਾਕਟਰ ਹੋਸਟਲਾਂ ਵਿਚ ਬੰਦੀ ਬਣ ਗਏ ਹਨ, ਜਿਹਨਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। 184 ਸਾਲਾਂ ਵਿਚ ਪਹਿਲੀ ਵਾਰ ਕਲਕੱਤਾ ਮੈਡੀਕਲ ਕਾਲਜ ਦੇ ਗੇਟਾਂ ਨੂੰ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਡਾਕਟਰਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਹੜੇ ਅਜਿਹੇ ਹਾਲਾਤਾਂ ਵਿਚ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ। ਐਨਆਰਐਸ ਮੈਡੀਕਲ ਕਾਲਜ ਦੇ 100 ਤੋਂ ਵੱਧ ਡਾਕਟਰ ਆਪਣੇ ਅਸਤੀਫੇ ਦੇ ਚੁੱਕੇ ਹਨ। ਜੇਕਰ ਪੱਛਮੀ ਬੰਗਾਲ ਸਰਕਾਰ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਹਾਲਾਤ ਹੱਥਾਂ ਵਿਚੋਂ ਨਿਕਲ ਸਕਦੇ ਹਨ।