ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪਾਬੰਦ ਹੈ
ਮੁੱਖ ਮੰਤਰੀ ਵੱਲੋਂ ਆਪਣੇ ਮੰਤਰੀਆਂ ਦੀ ਵਚਨਬੱਧਤਾ ਬਾਰੇ ਮਾਰੀ ਪਲਟੀ ਨੂੰ ਮੰਦਭਾਗਾ ਕਰਾਰ ਦਿੱਤਾ
ਫਗਵਾੜਾ/ਮੁਕੇਰੀਆਂ/16 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੇਸ਼ ਅਤੇ ਪੰਜਾਬ ਦੇ ਹਿੱਤ ਵਿਚ ਹੈ ਅਤੇ ਪੰਜਾਬ ਅੰਦਰ ਇਹਨਾਂ ਦੋਵੇਂ ਪਾਰਟੀਆਂ ਦੀ ਭਾਈਵਾਲੀ ਪੱਕੀ ਹੈ।
ਫਗਵਾੜਾ ਅਤੇ ਮੁਕੇਰੀਆਂ ਵਿਖੇ ਭਾਜਪਾ ਉਮੀਦਵਾਰਾਂ ਰਾਜੇਸ਼ ਬਾਘਾ ਅਤੇ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਵੱਡੇ ਇੱਕਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਕੁੱਝ ਪਾਰਟੀਆਂ ਜ਼ਿਮਨੀ ਚੋਣਾਂ ਵਿਚ ਸਿਆਸੀ ਫਾਇਦਾ ਲੈਣ ਲਈ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਝਗੜੇ ਦੀਆਂ ਖਬਰਾਂ ਫੈਲਾ ਰਹੀਆਂ ਹਨ, ਪਰ ਉਹ ਕਾਮਯਾਬ ਨਹੀਂ ਹੋਣਗੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਮਝਦੇ ਹਨ ਕਿ ਅਕਾਲੀ ਦਲ ਅਤੇ ਭਾਜਪਾ ਇੱਕ ਦੂਜੇ ਨੂੰ ਬਿਨਾਂ ਸ਼ਰਤ ਸਮਰਥਨ ਦਿੰਦੀਆਂ ਹਨ। ਉਹ ਇਹ ਵੀ ਸਮਝਦੇ ਹਨ ਕਿ ਪਾਕਿਸਤਾਨ ਲਗਾਤਾਰ ਗੜਬੜ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਕਾਲੀ-ਭਾਜਪਾ ਦੇ ਮਜ਼ਬੂਤ ਗਠਜੋੜ ਕਰਕੇ ਉਸ ਦੀਆਂ ਸਾਰੀਆਂ ਨਾਪਾਕ ਚਾਲਾਂ ਨਾਕਾਮ ਹੋ ਜਾਂਦੀਆਂ ਹਨ। ਉਹਨਾਂ ਕਿਹਾ ਕਿ ਇਹ ਗਠਜੋੜ ਆਉਣ ਵਾਲੇ ਸਮੇਂ ਵਿਚ ਵੀ ਕਾਇਮ ਰਹੇਗਾ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਗਵਾਈ ਹੇਠ ਐਨਡੀਏ ਸਰਕਾਰ ਨੇ ਸਿੱਖਾਂ ਦੇ ਲੰਬੇ ਸਮੇਂ ਤੋਂ ਲਟਕੇ ਮਸਲਿਆਂ ਨੂੰ ਹੱਲ ਕੀਤਾ ਹੈ। ਉਹਨਾਂ ਕਿਹਾ ਕਿ ਐਨਡੀਏ ਸਰਕਾਰ ਵੱਲੋਂ ਕੀਤੀ ਠੋਸ ਕਾਰਵਾਈ ਸਦਕਾ ਹੀ 1984 ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੁੱਲ੍ਹੇ ਸਨ ਅਤੇ ਸਿਟ ਵੱਲੋਂ ਉਹਨਾਂ ਦੀ ਮੁੜ ਜਾਂਚ ਕੀਤੀ ਗਈ ਸੀ, ਜਿਸ ਕਰਕੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜੇਲ੍ਹ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਜਗਦੀਸ਼ ਟਾਈਟਲਰ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦਾ ਵੀ ਜਲਦੀ ਇਹੋ ਹਸ਼ਰ ਹੋਵੇਗਾ। ਉਹਨਾਂ ਕਿਹਾ ਕਿ ਜਿਸ ਢੰਗ ਨਾਲ ਕੇਂਦਰ ਸਰਕਾਰ ਨੇ 550ਵੇਂ ਪਰਕਾਸ਼ ਪੁਰਬ ਸਮਾਗਮ ਮਨਾਉਣ ਵਿਚ ਮੱਦਦ ਕੀਤੀ ਹੈ ਅਤੇ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਫੈਸਲਾ ਲਿਆ ਹੈ, ਉਸ ਨਾਲ ਸਾਰੀ ਨਾਨਕ ਨਾਮ ਲੇਵਾ ਸੰਗਤ ਦੀਆਂ ਅਰਦਾਸਾਂ ਪੂਰੀਆਂ ਹੋ ਗਈਆਂ ਹਨ।
ਬਾਅਦ ਵਿਚ ਇੱਕ ਸੁਆਲ ਦਾ ਜੁਆਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਬਉੱਚ ਸੰਸਥਾ ਹੈ ਅਤੇ ਅਕਾਲੀ ਦਲ ਇਸ ਦੇ ਸਾਰੇ ਹੁਕਮਾਂ ਦਾ ਪਾਬੰਦ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਹਰਪ੍ਰੀਤ ਸਿੰਘ ਵੱਲੋਂ ਸਾਰਿਆਂ ਨੂੰ ਸਿਆਸਤ ਲਾਂਭੇ ਰੱਖਣ ਦੀ ਕੀਤੀ ਅਪੀਲ ਤੋਂ ਬਾਅਦ ਵੀ ਕਾਂਗਰਸ ਪਾਰਟੀ ਅਜੇ ਵੀ ਸਿਆਸਤ ਕਰ ਰਹੀ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇ ਮੰਤਰੀ ਕੁੱਝ ਹੋਰ ਕਹਿੰਦੇ ਹਨ ਅਤੇ ਮੁੱਖ ਮੰਤਰੀ ਕੋਈ ਹੋਰ ਬੋਲੀ ਬੋਲ ਰਿਹਾ ਹੈ। ਹੁਣ ਉਹ ਇਹ ਕਹਿੰਦਾ ਹੈ ਕਿ ਐਸਜੀਪੀਸੀ ਸਿਰਫ ਗੁਰਦੁਆਰਾ ਸਾਹਿਬ ਦੇ ਅੰਦਰ ਤਕ ਸੀਮਤ ਰਹੇ ਅਤੇ ਗੁਰਦੁਆਰਾ ਸਾਹਿਬ ਤੋਂ ਬਾਹਰ ਸਮਾਗਮਾਂ ਦਾ ਬੰਦੋਬਸਤ ਸਰਕਾਰ ਉੱਤੇ ਛੱਡ ਦੇਵੇ। ਉਹਨਾਂ ਕਿਹਾ ਕਿ ਜਦੋਂ ਸਾਰੀ ਸਿੱਖ ਕੌਮ ਏਕਤਾ ਦਾ ਸੁਨੇਹਾ ਦੇਣ ਲਈ ਇਕੱਠੀ ਹੋਈ ਹੈ ਤਾਂ ਇਸ ਮੌਕੇ ਅਜਿਹੀਆਂ ਸ਼ਰਤਾਂ ਲਾਉਣਾ ਪੰਥ ਦੇ ਹਿੱਤ ਵਿਚ ਨਹੀਂ ਹੈ।
ਇਸ ਤੋਂ ਪਹਿਲਾਂ ਇੱਕਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਲ ਢਾਈ ਸਾਲ ਦੇ ਪ੍ਰਸਾਸ਼ਨ ਤੋਂ ਬਾਅਦ ਵਿਖਾਉਣ ਲਈ ਇੱਕ ਵੀ ਪ੍ਰਾਪਤੀ ਨਹੀਂ ਹੈ। ਉਹਨਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਜਿਹਨਾਂ ਵਿਚੋਂ ਕਿਸਾਨਾਂ, ਖੇਤ ਮਜ਼ਦੂਰਾਂ, ਜਵਾਨਾਂ ਅਤੇ ਦਲਿਤਾਂ ਨੂੰ ਸਭ ਤੋਂ ਵੱਧ ਮਾਰ ਝੱਲਣੀ ਪੈ ਰਹੀ ਹੈ।
ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸ਼ਗਨ ਸਕੀਮ ਸਮੇਤ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਾ ਅਤੇ ਗੈਰ ਕਾਨੂੰਨੀ ਰੇਤ ਮਾਈਨਿੰਗ ਲਗਾਤਾਰ ਵਧ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਮੰਤਰੀ ਸੋਮ ਪ੍ਰਕਾਸ, ਵਿਜੈ ਸਾਂਪਲਾ, ਪ੍ਰਭਾਤ ਝਾਅ, ਦਿਨੇਸ਼ ਕੁਮਾਰ, ਤੀਕਸ਼ਣ ਸੂਦ, ਐਸ ਐਸ ਚੰਨੀ, ਡਾਕਟਰ ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਿਦ ਅਤੇ ਸਰਬਜੋਤ ਸਿੰਘ ਸਾਬੀ ਵੀ ਮੌਜੂਦ ਸਨ।