ਜਲੰਧਰ/ 05 ਫਰਵਰੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸਿਰਫ ਬੇਅਦਬੀ ਦੇ ਮੁੱਦੇ ਉੱਤੇ ਰਾਜਨੀਤੀ ਕਰਨ ਵਿਚ ਦਿਲਚਸਪੀ ਰੱਖਦੀ ਹੈ, ਇਸ ਘਿਣਾਉਣੇ ਅਪਰਾਧ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਫੜਣ ਲਈ ਸਰਕਾਰ ਨੇ ਕੁੱਝ ਨਹੀਂ ਕੀਤਾ ਹੈ।
ਆਦਮਪੁਰ ਵਿਖੇ ਪਾਰਟੀ ਵਰਕਰਾਂ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਨਾ ਸਿਰਫ ਸਮੁੱਚੇ ਮੁੱਦੇ ਦਾ ਸਿਆਸੀਕਰਨ ਕਰ ਦਿੱਤਾ ਹੈ, ਸਗੋਂ ਆਪਣੇ ਵੱਲੋਂ ਗਠਿਤ ਕੀਤੀ ਐਸਆਈਟੀ ਨੂੰ ਵੀ ਕੇਸ ਦੀ ਨਿਰਪੱਖ ਜਾਂਚ ਨਹੀ ਕਰਨ ਦੇ ਰਹੀ ਹੈ। ਉਹਨਾਂ ਕਿਹਾ ਕਿ ਇਹੀ ਵਜ•ਾ ਹੈ ਕਿ ਇਸ ਕੇਸ ਦੀ ਸਹੀਂ ਢੰਗ ਨਾਲ ਜਾਂਚ ਨਹੀਂ ਹੋ ਰਹੀ ਹੈ ਅਤੇ ਅਜੇ ਤੀਕ ਕੁੱਝ ਵੀ ਹੱਥ-ਪੱਲੇ ਨਹੀਂ ਪਿਆ ਹੈ।
ਇਸ ਤੋਂ ਬਾਅਦ ਸਰਦਾਰ ਬਾਦਲ ਨੇ ਕਰਤਾਰਪੁਰ ਵਿਖੇ ਵੀ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ।
ਇਸ ਮੁੱਦੇ ਉੱਤੇ ਇੱਕ ਸੁਆਲ ਦਾ ਜੁਆਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਬੇਅਦਬੀ ਦੇ ਸਾਰੇ ਕੇਸਾਂ ਦੀ ਨਿਰਪੱਖ ਜਾਂਚ ਚਾਹੁੰਦੇ ਹਨ ਤਾਂ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਕੇਸ ਵਿਚ ਐਸਆਈਟੀ ਨੂੰ ਮਿਲੇ ਸੁਰਾਗਾਂ ਨੂੰ ਲੈ ਕੇ ਅੱਗੇ ਵਧਣਾ ਚਾਹੀਦਾ ਹੈ ਅਤੇ ਬੇਅਦਬੀ ਦੇ ਕੇਸਾਂ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।
ਐਨਡੀਏ ਸਰਕਾਰ ਵੱਲੋਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ 6 ਹਜ਼ਾਰ ਰੁਪਏ ਸਾਲਾਨਾ ਸ਼ੁਰੂ ਕੀਤੀ ਸਿੱਧੀ ਕਿਸਾਨ ਸਹਾਇਤਾ ਸਕੀਮ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਕਿਸਾਨਾਂ ਦੀ ਸੂਚੀਆਂ ਦੇਣ ਲਈ ਕਿਹਾ ਹੈ ਤਾਂ ਕਿ ਕਿਸਾਨਾਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਇਸ ਸਾਲ ਮਾਰਚ ਮਹੀਨੇ ਵਿਚ ਹੀ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਦੂਜੇ ਸੂਬਿਆਂ ਨੇ ਕਿਸਾਨਾਂ ਦੀਆਂ ਸੂਚੀਆਂ ਦੇਣੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਜਦਕਿ ਕਾਂਗਰਸ ਸਰਕਾਰ ਨੇ ਇਸ ਸੰਬੰਧੀ ਅਜੇ ਤੀਕ ਕੋਈ ਕਦਮ ਨਹੀਂ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਇਸੇ ਢੰਗ ਨਾਲ ਪੰਜਾਬ ਸਰਕਾਰ ਨੇ ਕੇਂਦਰ ਦੀ ਮੁਫਤ ਮੈਡੀਕਲ ਬੀਮਾ ਸਕੀਮ ਨੂੰ ਲਾਗੂ ਨਾ ਕਰਕੇ ਗਰੀਬਾਂ ਨੂੰ 5 ਲੱਖ ਰੁਪਏ ਤਕ ਦੇ ਮੁਫਤ ਇਲਾਜ ਦੀ ਸਹੂਲਤ ਤੋਂ ਵਾਂਝਾ ਰੱਖ ਦਿੱਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜਾ ਮੁੱਖ ਮੰਤਰੀ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਤਕਲੀਫਾਂ ਦੀ ਬਿਲਕੁੱਲ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੁਕੰਮਲ ਕਰਜ਼ਾ ਮੁਆਫੀ ਦੇਣ ਅਤੇ ਵਾਅਦੇ ਮੁਤਾਬਿਕ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਤੋਂ ਮੁਕਰਨ ਮਗਰੋਂ ਮੁੱਖ ਮੰਤਰੀ ਹੁਣ ਕਿਸਾਨਾਂ ਨੂੰ ਸਾਰੀਆਂ ਫਸਲਾਂ ਉਤੇ ਘੱਟੋ ਘੱਟ ਸਮਰਥਨ ਮੁੱਲ ਦੇਣ ਤੋਂ ਵੀ ਇਨਕਾਰ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਕੇਂਦਰ ਵੱਲੋਂ ਇਹ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕਿ ਐਮਐਸਪੀ ਅਤੇ ਅਸਲੀ ਖਰੀਦ ਮੁੱਲ ਵਿਚਲੇ ਖੱਪੇ ਉਸ ਵੱਲੋਂ ਭਰ ਦਿੱਤਾ ਜਾਵੇਗਾ, ਪੰਜਾਬ ਵਿਚ ਕਿਸਾਨਾਂ ਦੀ ਮੱਕੀ ਅਤੇ ਦਾਲਾਂ ਐਮਐਸਪੀ ਉੱਤੇ ਨਹੀਂ ਵਿਕ ਰਹੀਆਂ ਹਨ, ਕਿਉਂਕਿ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨਾ ਅਜੇ ਸ਼ੁਰੂ ਨਹੀਂ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਚੀਮਾ, ਪਵਨ ਕੁਮਾਰ ਟੀੰਨੂੰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਖਹਿਰਾ ਵੀ ਹਾਜ਼ਿਰ ਸਨ।
ਡੱਬੀ
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਲੋਕ ਸਭਾ ਸੀਟ ਅੰਦਰ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਪਿਛਲੀ ਚੋਣ ਲੜਣ ਵਾਲੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਇੱਕ ਵੱਖਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਅਕਾਲੀ ਅਤੇ ਭਾਜਪਾ ਆਗੂਆਂ ਤੋਂ ਇਹ ਫੀਡ ਬੈਕ ਲੈਣਾ ਸੀ ਕਿ ਜਲੰਧਰ ਹਲਕੇ ਵਾਸਤੇ ਕਿਹੜਾ ਉਮੀਦਵਾਰ ਸਭ ਤੋਂ ਠੀਕ ਰਹੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਚੀਮਾ, ਪਵਨ ਕੁਮਾਰ ਟੀੰਨੂੰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਖਹਿਰਾ ਵੀ ਹਾਜ਼ਿਰ ਸਨ।
ਡੱਬੀ
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਲੋਕ ਸਭਾ ਸੀਟ ਅੰਦਰ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਪਿਛਲੀ ਚੋਣ ਲੜਣ ਵਾਲੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਇੱਕ ਵੱਖਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਅਕਾਲੀ ਅਤੇ ਭਾਜਪਾ ਆਗੂਆਂ ਤੋਂ ਇਹ ਫੀਡ ਬੈਕ ਲੈਣਾ ਸੀ ਕਿ ਜਲੰਧਰ ਹਲਕੇ ਵਾਸਤੇ ਕਿਹੜਾ ਉਮੀਦਵਾਰ ਸਭ ਤੋਂ ਠੀਕ ਰਹੇਗਾ।