ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦਾ ਚੈਕ ਸੌਂਪਿਆ
ਮਜੀਠਾ, 21 ਅਪ੍ਰੈਲ : ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਆਪਣੇ ਲਈ ਵੱਕਾਰ ਦਾ ਸਵਾਲ ਬਣਾਉਣ ਦੀ ਥਾਂ ਤਿੰਨ ਖੇਤੀ ਕਾਨੂੰਨ ਰੱਦ ਕਰੇ ਅਤੇ ਕਿਹਾ ਕਿ ਇਹਨਾਂ ਕਾਨੂੰਨਾਂ ਦਾ ਸਿਰਫ ਕਿਸਾਨਾਂ ’ਤੇ ਹੀ ਨਹੀਂ ਬਲਕਿ ਦੇਸ਼ ’ਤੇ ਉਲਟ ਅਸਰ ਪੈ ਰਿਹਾ ਹੈ।
ਅਕਾਲੀ ਆਗੂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪਿੰਡ ਪੰਧਰ ਖੁਰਕ ਦੇ ਕਿਸਾਨ ਗੁਰਜੰਟ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦਾ ਚੈਕ ਵੀ ਪਰਿਵਾਰ ਨੂੰ ਸੌਂਪਿਆ।
ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਾ ਸਿਰਫ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਮੰਨ ਕੇ ਇਸ ’ਤੇ ਡੱਟਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੇ ਕਿਸਾਨ ਇਕਜੁੱਟ ਹੋ ਕੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਨੇ ਹਊਮੈ ਵਾਲਾ ਸਟੈਂਡ ਅਪਣਾਇਆ ਹੋਇਆ ਹੈ ਤੇ ਉਹ ਕਿਸਾਨਾਂ ਦੀਆਂ ਭਾਵਨਾਵਾਂ ਸੁਣਨ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਅੰਨਦਾਤਾ ਪ੍ਰਤੀ ਇਸ ਤਰੀਕੇ ਦਾ ਰਵੱਈਆ ਅਪਣਾਉਣਾ ਕੇਂਦਰ ਸਰਕਾਰ ਨੂੰ ਮਹਿੰਗਾ ਪਵੇਗਾ। ਉਹਨਾਂ ਦੱਸਿਆ ਕਿ ਉਹਨਾਂ ਦੇ ਹਲਕੇ ਤੋਂ ਤਿੰਨ ਹੋਰ ਕਿਸਾਨ ਰਤਨ ਸਿੰਘ, ਮੰਗਲ ਸਿੰਘ ਤੇ ਤਰਸੇਮ ਸਿੰਘ ਵੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਹਨ।
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦੀ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਲਈ ਆਪ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਅੱਖਾਂ ਮੀਚ ਲਈਆਂ ਹਨ ਤੇ ਉਹ ਕੀਤੇ ਵਾਅਦੇ ਅਨੁਸਾਰ ਪੂਰਨ ਕਰਜ਼ਾ ਮੁਆਫ ਕਰਨ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਿਸਾਨ ਨਮੋਸ਼ੀ ਵਿਚ ਆਪਣੀ ਜ਼ਿੰਦਗੀ ਖਤਮ ਕਰ ਰਹੇ ਹਨ । ਉਹਨਾਂ ਕਿਹਾ ਕਿ ਕਰਜ਼ਾ ਤੇ ਤਿੰਨ ਖੇਤੀ ਕਾਨੁੰਨ ਕਿਸਾਨਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰ ਰਹੇ ਹਨ ਤੇ ਦਸੂਹਾ ਵਿਚ ਹਾਲ ਹੀ ਵਿਚ ਪਿਓ ਕਿਰਪਾਲ ਸਿੰਘ ਤੇ ਜਗਤਾਰ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਇਸਦੀ ਪ੍ਰਤੱਖ ਉਦਾਹਰਣ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੀਵਿੰਡ ਅਤੇ ਮੈਂਬਰ ਜੋਧ ਸਿੰਘ ਸਮਰਾ ਵੀ ਹਾਜ਼ਰ ਸਨ।