ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਅਤੇ ਰਾਹੁਲ ਗਾਂਧੀ ਦੋਸ਼ੀ ਮੰਤਰੀ ਦੀ ਛੁੱਟੀ ਕਰਨ ਤੋਂ ਕਿਉਂ ਝਿਜਕ ਰਹੇ ਹਨ?
ਚੰਡੀਗੜ•/24 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਆਪਣੇ ਉਸ ਕੈਬਨਿਟ ਸਾਥੀ ਨੂੰ ਜੱਗ ਜ਼ਾਹਿਰ ਕਰਨ, ਜਿਸ ਨੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਅਸ਼ਲੀਲ ਸੁਨੇਹਾ ਭੇਜ ਕੇ ਉਸ ਨਾਲ ਛੇੜਖਾਨੀ ਕੀਤੀ ਸੀ ਅਤੇ ਪੁੱਛਿਆ ਹੈ ਕਿ ਉਹ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੋਸ਼ੀ ਮੰਤਰੀ ਖ਼ਿਲਾਫ ਕਾਰਵਾਈ ਕਰਨ ਤੋਂ ਕਿਉਂ ਝਿਜਕ ਰਹੇ ਹਨ?
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਿਕ ਡੇਢ ਮਹੀਨਾ ਪਹਿਲਾਂ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਅਸ਼ਲੀਲ ਸੁਨੇਹੇ ਭੇਜਣ ਵਾਲੇ ਇੱਕ ਕੈਬਨਿਟ ਮੰਤਰੀ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮਹਿਲਾ ਅਧਿਕਾਰੀ ਵੱਲੋਂ ਇਹ ਮਾਮਲਾ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਵਜੂਦ ਇਸ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਦੋਸ਼ੀ ਮੰਤਰੀ ਨੂੰ ਜੱਗ ਜ਼ਾਹਿਰ ਨਾ ਕਰਕੇ ਅਤੇ ਉਸ ਦੀ ਕੈਬਨਿਟ ਵਿਚੋਂ ਛੁੱਟੀ ਨਾ ਕਰਕੇ ਇਸ ਘਟੀਆ ਕਾਰੇ ਨੂੰ ਲੁਕੋਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ?
ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਰਾਹੁਲ ਗਾਂਧੀ, ਜਿਸ ਨੂੰ ਇਸ ਮਸਲੇ ਤੋਂ ਜਾਣੂ ਕਰਵਾਇਆ ਜਾ ਚੁੱਕਿਆ ਹੈ, ਵੀ ਪਿਛਲੇ ਇੱਕ ਮਹੀਨੇ ਤੋਂ ਇਸ ਮੁੱਦੇ ਉੱਤੇ ਚੁੱਪ ਧਾਰੀ ਬੈਠਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਹ ਇਸ ਮਾਮਲੇ ਨੂੰ ਰਫਾ ਦਫਾ ਕਰਨ ਵਿਚ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਿਆ ਹੋਇਆ ਹੈ? ਉਹਨਾਂ ਕਿਹਾ ਕਿ ਅਜਿਹਾ ਘਿਣਾਉਣਾ ਵਿਵਹਾਰ ਕਰਨ ਵਾਲਾ ਦੋਸ਼ੀ ਮੰਤਰੀ ਉਸ ਮੰਤਰੀ ਮੰਡਲ ਵਿਚ ਕਿਵੇਂ ਬੈਠ ਸਕਦਾ ਹੈ, ਜਿੱਥੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸੰਬੰਧੀ ਫੈਸਲੇ ਲਏ ਜਾਣੇ ਹਨ। ਉਹਨਾਂ ਕਿਹਾ ਕਿ ਜੇਕਰ ਦੋਸ਼ੀ ਮੰਤਰੀ ਦੀ ਤੁਰੰਤ ਛੁੱਟੀ ਨਾ ਕੀਤੀ ਗਈ ਤਾਂ ਇਸ ਦਾ ਇਹੀ ਮਤਲਬ ਹੋਵੇਗਾ ਕਿ ਕਾਂਗਰਸ ਦੇ ਵੱਡੇ ਆਗੂ ਔਰਤਾਂ ਦੇ ਸਨਮਾਨ ਦੀ ਰਾਖੀ ਪ੍ਰਤੀ ਸੰਜੀਦਾ ਨਹੀਂ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਦੋਗਲੇ ਚਿਹਰਾ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਐਮ ਜੇ ਅਕਬਰ ਦੇ ਸੰਪਾਦਕ ਸਮੇਂ ਦੇ ਕਾਰਜਕਾਲ ਦੌਰਾਨ ਮਹਿਲਾ ਪੱਤਰਕਾਰਾਂ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ਾਂ ਵਿਚ ਘਿਰਨ ਮਗਰੋ ਉਸ ਦੇ ਅਸਤੀਫੇ ਦੀ ਮੰਗ ਕੀਤੀ ਸੀ, ਪਰੰਤੂ ਹੁਣ ਪੰਜਾਬ ਵਿਚ ਕਾਂਗਰਸ ਦੇ ਇੱਕ ਕੈਬਨਿਟ ਮੰਤਰੀ ਉੱਤੇ ਅਜਿਹੇ ਦੋਸ਼ ਲੱਗਣ ਤੋਂ ਬਾਅਦ ਕਾਂਗਰਸ ਅਤੇ ਰਾਹੁਲ ਦੋਵਾਂ ਵੱਲੋਂ ਦੋਸ਼ੀ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਅਤੇ ਰਾਹੁਲ ਗਾਂਧੀ ਨੂੰ ਔਰਤਾਂ ਦੀ ਸੁਰੱਖਿਆ ਦੇ ਮੁੱਦੇ ਉੱਤੇ ਦੋਹਰੇ ਮਾਪਦੰਡ ਅਪਣਾਉਣ ਤੋਂ ਵਰਜਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮਹਿਲਾ ਆਈਏਐਸ ਅਧਿਕਾਰੀ ਨੂੰ ਮੰਤਰੀ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਦੂਜੀਆਂ ਔਰਤਾਂ ਲਈ ਵੀ ਰਾਹ ਖੁੱਥਲ ਜਾਵੇਗਾ, ਜਿਹਨਾਂ ਦੀ ਆਪਣਾ ਰੋਸ ਜ਼ਾਹਰ ਕਰਨ ਵਾਸਤੇ ਮੁੱਖ ਮੰਤਰੀ ਤਕ ਪਹੁੰਚ ਨਹੀਂ ਹੈ।
ਮੰਤਰੀ ਦੀ ਤੁਰੰਤ ਬਰਖਾਸਤਗੀ ਦੀ ਅਹਿਮੀਅਤ ਉੱਤੇ ਚਾਨਣਾ ਪਾਉਂਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਕੇਸ ਦੇ ਕਈ ਪਹਿਲੂ ਹਨ। ਉਹਨਾਂ ਕਿਹਾ ਕਿ ਸਭ ਤੋਂ ਅਹਿਮ ਉਸ ਮਹਿਲਾ ਅਧਿਕਾਰੀ ਨੂੰ ਇਨਸਾਫ ਮਿਲਣਾ ਚਾਹੀਦਾ ਹੈ, ਜਿਸ ਦੀ ਮਰਿਆਦਾ ਨੂੰ ਮੰਤਰੀ ਵੱਲੋਂ ਭੰਗ ਕੀਤਾ ਗਿਆ ਹੈ। ਦੂਜੀ ਗੱਲ ਇਹ ਹੈ ਕਿ ਸਾਰਿਆਂ ਨੂੰ ਇਹ ਸੁਨੇਹਾ ਜਾਣਾ ਚਾਹੀਦਾ ਹੈ ਕਿ ਦੋਸ਼ੀ ਭਾਵੇਂ ਕਿੰਨਾ ਵੀ ਤਾਕਤਵਰ ਅਤੇ ਰਸੂਖਵਾਨ ਕਿਉਂ ਨਾ ਹੋਵੇ, ਉਸ ਦੀ ਅਜਿਹੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਭ ਤੋਂ ਅਖੀਰ ਵਿਚ ਇਹ ਇੱਕ ਪ੍ਰਸਾਸ਼ਨ ਦਾ ਵੀ ਮੁੱਦਾ ਹੈ। ਜਦੋਂ ਸੂਬੇ ਅੰਦਰ ਅੰਮ੍ਰਿਤਸਰ ਹਾਦਸੇ ਦੇ ਪੀੜਤਾਂ ਅਤੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਨਸਾਫ ਦੇਣ ਦੀ ਲੋੜ ਹੈ ਤਾਂ ਅਜਿਹੇ ਹਾਲਾਤਾਂ ਵਿਚ ਤੁਰਕੀ ਅੰਦਰ ਛੁੱਟੀਆਂ ਮਨਾਉਂਦਾ ਹੋਇਆ ਮੁੱਖ ਮੰਤਰੀ ਲੋਕਾਂ ਨੂੰ ਕੀ ਸੁਨੇਹਾ ਦੇ ਰਿਹਾ ਹੈ? ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਕਾਰਵਾਈ ਕਰਨ ਵਿਚ ਮੁੱਖ ਮੰਤਰੀ ਵੱਲੋਂ ਕੀਤੀ ਦੇਰੀ ਨੇ ਪੰਜਾਬੀਆਂ ਨੂੰ ਪਹਿਲਾਂ ਹੀ ਇਹ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਅੰਦਰ ਔਰਤਾਂ ਸੁਰੱਖਿਅਤ ਨਹੀਂ ਹਨ।