ਕਿਹਾ ਕਿ ਉਹ ਪਰਾਲੀ ਦੀ ਸੰਭਾਲ ਲਈ ਕੇਂਦਰ ਤੋਂ ਹਾਸਿਲ ਕੀਤੇ 385 ਕਰੋੜ ਰੁਪਏ ਦਾ ਹਿਸਾਬ ਦੇਣ
ਕਾਂਗਰਸ ਸਰਕਾਰ ਨੂੰ ਪਰਾਲੀ ਦੀ ਸੰਭਾਲ ਉੱਤੇ ਆਉਂਦੀ ਲਾਗਤ ਦੀ ਪੂਰਤੀ ਵਜੋਂ ਕਿਸਾਨਾਂ 3 ਹਜ਼ਾਰ ਪ੍ਰਤੀ ਏਕੜ ਸਹਾਇਤਾ ਦੇਣ ਲਈ ਕਿਹਾ
ਚੰਡੀਗੜ•/18 ਅਕਤੂਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਹੈ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਕਿਸਾਨਾਂ ਨੂੰ ਪਰਾਲੀ ਫੂਕਣ ਤੋਂ ਰੋਕਣ ਵਾਸਤੇ ਕਿਸੇ ਇੱਕ ਵੀ ਕਿਸਾਨ ਨੂੰ ਮੁਆਵਜ਼ਾ ਦੇਣ ਵਿਚ ਕਿਉਂ ਨਾਕਾਮ ਹੋਈ ਹੈ? ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਹੈ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਬੇਵਕੂਫ ਬਣਾਉਣ ਲਈ ਪ੍ਰਧਾਨ ਮੰਤਰੀ ਨਾਲ ਫੋਟੋਆਂ ਖਿਚਵਾ ਕੇ ਝੂਠ ਅਤੇ ਧੋਖੇ ਦੀ ਸਿਆਸਤ ਕਿਉਂ ਕਰ ਰਹੇ ਹਨ?
ਪਰਾਲੀ ਦੀ ਸੰਭਾਲ ਉੱਤੇ ਆਉਂਦੀ ਲਾਗਤ ਦੀ ਪੂਰਤੀ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਆਪਣੀ ਸਰਕਾਰ ਦੀ ਨਾਕਾਮੀ ਨੂੰ ਲੁਕੋਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿਚ ਕੀਤੇ ਤਮਾਸ਼ੇ ਬਾਰੇ ਟਿੱਪਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਹਿਲਾਂ ਪਰਾਲੀ ਦੀ ਸੰਭਾਲ ਵਾਸਤੇ ਕੇਂਦਰ ਤੋਂ ਹਾਸਿਲ ਕੀਤੀ 385 ਕਰੋੜ ਰੁਪਏ ਦੀ ਰਾਸ਼ੀ ਦਾ ਹਿਸਾਬ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੀ ਇਹ ਅਜੀਬ ਨਹੀਂ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੇਂਦਰ ਕੋਲੋਂ ਹੋਰ ਪੈਸਾ ਮੰਗ ਰਹੇ ਹਨ ਅਤੇ ਉਹ ਇਸ ਬਾਰੇ ਕੁੱਝ ਨਹੀਂ ਦੱਸ ਪਾਏ ਹਨ ਕਿ ਉਹਨਾਂ ਦੀ ਸਰਕਾਰ ਨੇ ਅੰਨਦਾਤਾ ਨੂੰ ਇਸ ਕੰਮ ਵਾਸਤੇ ਇੱਕ ਪੈਸਾ ਵੀ ਕਿਉਂ ਨਹੀਂ ਦਿੱਤਾ ਹੈ?
ਮੁੱਖ ਮੰਤਰੀ ਨੂੰ ਕੇਂਦਰ ਕੋਲੋਂ ਹੋਰ ਪੈਸੇ ਮੰਗਣ ਤੋਂ ਪਹਿਲਾਂ ਆਪਣੀ ਕਥਨੀ ਉੱਤੇ ਅਮਲ ਕਰਨ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਰਾਲੀ ਸੰਭਾਲ ਉੱਤੇ ਆਉਂਦੀ ਲਾਗਤ ਦੀ ਪੂਰਤੀ ਲਈ ਤੁਰੰਤ ਸਾਰੇ ਝੋਨਾ ਉਤਪਾਦਕਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਦੋਂ ਤੁਸੀਂ ਇਹ ਕਰ ਦਿਓਗੇ ਤਾਂ ਅਸੀਂ ਖੁਦ ਤੁਹਾਡੇ ਨਾਲ ਜਾਵਾਂਗੇ ਅਤੇ ਕਿਸਾਨਾਂ ਦੀ ਭਲਾਈ ਲਈ ਕੇਂਦਰ ਕੋਲੋਂ ਹੋਰ ਫੰਡਾਂ ਦੀ ਮੰਗ ਕਰਾਂਗੇ। ਪਰੰਤੂ ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਇਸ ਦਾ ਜੁਆਬ ਦੇਣਾ ਪਵੇਗਾ ਕਿ ਤੁਸੀਂ ਕੇਂਦਰੀ ਫੰਡਾਂ ਦੀ ਦੁਰਵਰਤੋਂ ਕਿਉਂ ਕੀਤੀ ਅਤੇ ਪੰਜਾਬ ਦੇ ਕਿਸਾਨਾਂ ਨੂੰ ਇਹਨਾਂ ਫੰਡਾਂ ਦਾ ਸਿੱਧਾ ਲਾਭ ਕਿਉਂ ਨਹੀਂ ਦਿੱਤਾ?
ਮੁੱਖ ਮੰਤਰੀ ਤੋਂ ਇਹ ਪੁੱਛਦਿਆਂ ਕਿ ਉਹ ਜੁਆਬ ਦੇਣ ਕਿ 385 ਕਰੋੜ ਰੁਪਏ ਕਿੱਥੇ ਗਏ, ਕਿਉਂਕਿ ਜ਼ਮੀਨੀ ਪੱਧਰ ਉੱਤੇ ਕਿਤੇ ਵੀ ਪਰਾਲੀ ਦੀ ਸੰਭਾਲ ਹੋਈ ਨਜ਼ਰ ਨਹੀਂ ਆ ਰਹੀ ਹੈ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਇੱਕ ਬਹੁਤ ਵੱਡਾ ਘਪਲਾ ਹੈ, ਜਿਸ ਦਾ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਵੱਲੋਂ ਪਰਦਾਫਾਸ਼ ਕੀਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਕਿਸਾਨਾਂ ਨਾਲ ਡਟ ਕੇ ਖੜਿ•ਆ ਹੈ ਅਤੇ ਸਰਕਾਰ ਨੂੰ ਕਿਸਾਨਾਂ ਨੂੰ ਕਿਸੇ ਵੀ ਤਰੀਕੇ ਤੰਗ ਨਹੀਂ ਕਰਨ ਦੇਵੇਗਾ। ਉਹਨਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਜਿੱਥੇ ਵੀ ਉਹਨਾਂ ਨੂੰ ਕਿਸਾਨਾਂ ਨੂੰ ਪਰੇਸ਼ਾਨ ਕੀਤੇ ਜਾਣ ਦੀ ਇਤਲਾਹ ਮਿਲੇ , ਉਹ ਤੁਰੰਤ ਉੱਥੇ ਪਹੁੰਚਣ ਅਤੇ ਕਿਸਾਨਾਂ ਖ਼ਿਲਾਫ ਕੋਈ ਵੀ ਕੇਸ ਦਰਜ ਨਾ ਹੋਣ ਦੇਣ।
ਇਹ ਟਿੱਪਣੀ ਕਰਦਿਆਂ ਕਿ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦਾ ਖਰਚਾ ਉਠਾਉਣ ਲਈ ਨਹੀਂ ਕਿਹਾ ਜਾ ਸਕਦਾ, ਜੋ ਕਿ 3 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵੀ ਵੱਧ ਆਉਂਦਾ ਹੈ, ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਝੋਨੇ ਦੀ ਬਿਜਾਈ 10 ਦਿਨ ਦੇਰੀ ਨਾਲ ਯਾਨੀ 20 ਜੂਨ ਤੋਂ ਕਰਨ ਦੇ ਸਰਕਾਰ ਦੇ ਨਾਦਰਸ਼ਾਹੀ ਹੁਕਮ ਦੀ ਸਜ਼ਾ ਭੁਗਤ ਰਹੇ ਹਨ। ਇਸ ਹੁਕਮ ਕਰਕੇ ਕਿਸਾਨਾਂ ਕੋਲ ਪਰਾਲੀ ਦੀ ਸੰਭਾਲ ਵਾਸਤੇ ਬਹੁਤ ਹੀ ਘੱਟ ਸਮਾਂ ਬਚਿਆ ਹੈ। ਉਹਨਾਂ ਕਿਹਾ ਕਿ ਇਹੀ ਵਜ•ਾ ਹੈ ਕਿ ਸਰਕਾਰ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਪੈਸੇ ਵੰਡਣੇ ਚਾਹੀਦੇ ਹਨ ਤਾਂ ਕਿ ਉਹਨਾਂ ਨੂੰ ਪਰਾਲੀ ਫੂਕਣ ਤੋਂ ਰੋਕਿਆ ਜਾ ਸਕੇ।