ਸਾਬਕਾ ਅਕਾਲੀ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਦਿੱਤੀ ਸ਼ਿਕਾਇਤ ਮਗਰੋਂ ਕਾਰਵਾਈ ਹੋਈ
ਚੰਡੀਗੜ੍ਹ/05 ਅਪ੍ਰੈਲ:ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਦਮੀ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੀ ਜਾਂਚ ਲਈ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰੇ।
ਇਸ ਦਾ ਖੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਸੰਬੰਧੀ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਰਾਮ ਸ਼ੰਕਰ ਕਥੇਰੀਆ ਨੂੰ ਦਿੱਤੀ ਸ਼ਿਕਾਇਤ ਮਗਰੋਂ ਕੌਮੀ ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ।
ਸਰਦਾਰ ਇੰਦਰ ਇਕਬਾਲ ਅਟਵਾਲ ਨੇ ਕਿਹਾ ਕਿ ਉਹਨਾਂ ਨੇ ਕੌਮੀ ਕਮਿਸ਼ਨ ਨੂੰ ਲਿਖੀ ਚਿੱਠੀ ਵਿਚ ਦੱਸਿਆ ਸੀ ਕਿ ਕਿਸ ਤਰ੍ਹਾਂ ਅਂੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਸਮੇਂ ਅਤੇ ਮੌਤ ਤੋਂ ਬਾਅਦ ਵੇਰਕਾ ਦੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਤੋਂ ਇਨਕਾਰ ਕਰਕੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਵਿਤਕਰਾ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਭਾਈ ਖਾਲਸਾ ਦੀ ਆਪਣੇ ਪਰਿਵਾਰ ਨਾਲ ਟੈਲੀਫੋਨ ਉੱਤੇ ਹੋਈ ਆਖਰੀ ਗੱਲਬਾਤ ਬਾਰੇ ਵੀ ਦੱਸਿਆ, ਜਿਸ ਵਿਚ ਭਾਈ ਖਾਲਸਾ ਨੇ ਇਹ ਖੁਲਾਸਾ ਕੀਤਾ ਸੀ ਕਿ ਚਾਰ ਘੰਟੇ ਤੋਂ ਉਹਨਾਂ ਦਾ ਇਲਾਜ ਨਹੀਂ ਕੀਤਾ ਗਿਆ ਅਤੇ ਉਹਨਾਂ ਨੇ ਆਖਰੀ ਫਤਿਹ ਬੁਲਾ ਦਿੱਤੀ ਸੀ। ਉਹਨਾਂ ਇਹ ਵੀ ਦੱਸਿਆ ਸੀ ਕਿਸ ਤਰ੍ਹਾਂ ਇੱਕ ਸਰਕਾਰੀ ਮਾਸਟਰ, ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦਾ ਸਕੱਤਰ ਸੀ ਅਤੇ ਜਿਸ ਦੀ ਪਤਨੀ ਇੱਕ ਕੌਂਸਲਰ ਸੀ, ਨੇ ਭਾਈ ਖਾਲਸਾ ਦਾ ਅੰਤਿਮ ਸਸਕਾਰ ਹੋਣ ਤੋਂ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਗਾ ਦਿੱਤਾ ਸੀ।
ਸਾਬਕਾ ਅਕਾਲੀ ਵਿਧਾਇਕ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਸੀ ਕਿ ਭਾਈ ਨਿਰਮਲ ਸਿੰਘ ਮਜ਼ਬ੍ਹੀ ਭਾਈਚਾਰੇ ਨਾਲ ਸੰਬੰਧ ਰੱਖਦੇ ਸਨ ਅਤੇ ਉਹਨਾਂ ਦੀ ਦੁਖਦਾਈ ਮੌਤ ਨੇ ਸਿੱਖ ਪੰਥ ਅਤੇ ਖਾਸ ਕਰਕੇ ਦਲਿਤ ਅਤੇ ਮਜ਼ਬ੍ਹੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਭਾਈ ਖਾਲਸਾ ਦੇ ਕੀਤੇ ਗਏ ਨਿਰਾਦਰ ਨੂੰ ਸਮੁੱਚਾ ਮਜ਼ਬ੍ਹੀ ਭਾਈਚਾਰਾ ਆਪਣੇ ਅਪਮਾਨ ਵਜੋਂ ਵੇਖ ਰਿਹਾ ਹੈ।
ਇਹ ਟਿਪੱਣੀ ਕਰਦਿਆਂ ਕਿ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਹਜ਼ੂਰੀ ਰਾਗੀ ਦਾ ਇਸ ਤਰ੍ਹਾਂ ਨਿਰਾਦਰ ਨਾ ਹੋਣ ਦਿੱਤਾ ਜਾਂਦਾ, ਸਰਦਾਰ ਅਟਵਾਲ ਨੇ ਕੌਮੀ ਕਮਿਸ਼ਨ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ। ਉਹਨਾਂ ਨੇ ਇੱਕ ਵੱਖਰੀ ਪਟੀਸ਼ਨ ਪੰਜਾਬ ਸਟੇਟ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੋਲ ਵੀ ਪਾਈ ਸੀ।