ਪੀੜਤ ਪਰਿਵਾਰਾਂ ਨੂੰ ਮਿਲਣ ਵਿਚ ਅਸਫਲ ਰਹਿਣ ਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਲਈ ਜ਼ਿੰਮੇਵਾਰੀ ਕਾਂਗਰਸੀ ਵਿਧਾਇਕਾਂ ਨਾਲ ਸਟੇਜ ਸਾਂਝੀ ਕਰਨ ਦੀ ਕੀਤੀ ਨਿਖੇਧੀ
ਅਕਾਲੀ ਆਗੂਆਂ ਨੇ ਰਾਜ ਭਵਨ ਤੱਕ ਮਾਰਚ ਕਰਦਿਆਂ ਪੀੜਤ ਪਰਿਵਾਰਾਂ ਨਾਲ ਮਿਲ ਕੇ ਦਿੱਤੀਆਂ ਗ੍ਰਿਫਤਾਰੀਆਂ
ਹਰ ਪੀੜਤ ਪਰਿਵਾਰ ਲਈ 25 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਕੀਤੀ ਮੰਗ
ਰਾਜਪਾਲ ਨੂੰ ਸ਼੍ਰੋ੍ਰਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਦਿੱਤੇ ਮੰਗ ਪੱਤਰ 'ਤੇ ਕਾਰਵਾਈ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਲਈ ਆਖਿਆ
ਚੰਡੀਗੜ•, 7 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਰਨ ਤਾਰਨ ਦੀ ਪੁਲਿਸ ਲਾਈਨ ਦੇ ਦੌਰੇ ਨੂੰ ਸਿਰਫ ਤਸਵੀਰਾਂ ਖਿਚਵਾਉਣ ਤੇ ਝੂਟੇ ਲੈਣ ਲਈ ਕੀਤਾ ਗਿਆ ਦੌਰਾ ਕਰਾਰ ਦਿੱਤਾ ਤੇ ਇਸ ਗੱਲ ਦੀ ਨਿਖੇਧੀ ਕੀਤੀ ਕਿ ਉਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਵਿਚ ਅਸਫਲ ਰਹੇ ਅਤੇ ਉਹਨਾਂ ਕਾਂਗਰਸੀ ਵਿਧਾਇਕਾਂ ਨਾਲ ਸਟੇਜ ਸਾਂਝੀ ਕੀਤੀ ਜਿਹਨਾਂ ਨੂੰ ਪੀੜਤਾਂ ਨੇ ਤ੍ਰਾਸਦੀ ਦੇ ਮੁਜਰਮ ਕਰਾਰ ਦਿੱਤਾ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਰਾਜ ਭਵਨ ਵੱਲ ਰੋਸ ਮਾਰਚ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਿਲਣ ਦਾ ਸਿਰਫ ਡਰਾਮਾ ਕੀਤਾ ਹੈ ਜਦਕਿ ਸੱਚਾਈ ਇਹ ਹੈ ਕਿ ਉਹ 25 ਮਿੰਟ ਤੱਕ ਤਰਨ ਤਾਰਨ ਪੁਲਿਸ ਲਾਈਨ ਵਿਚ ਰਹੇ ਜੋ ਕਿ ਫੌਜੀ ਛਾਉਣੀ ਵਿਚ ਬਦਲ ਗਈ ਸੀ ਕਿਉਂਕਿ ਕਾਂਗਰਸ ਸਰਕਾਰ ਨੂੰ ਲੋਕਾਂ ਦੇ ਰੋਹ ਦਾ ਡਰ ਸੀ। ਉਹਨਾਂ ਕਿਹਾ ਕਿ ਲੋਕਾਂ ਨੂੰ ਦਰਬਾਰ ਵਿਚ ਇਸ ਤਰੀਕੇ ਸੱਦਿਆ ਗਿਆ ਸੀ ਜਿਸ ਕਾਰਨ ਬਹੁ ਗਿਣਤੀ ਲੋਕਾਂ ਨੇ ਤਾਂ ਆਉਣ ਤੋਂ ਇਨਕਾਰ ਹੀ ਕਰ ਦਿੱਤਾ ਭਾਵੇਂ ਕਿ ਐਸ ਪੀ ਤੇ ਡੀ ਐਸ ਪੀ ਇਸ ਮਕਸਦ ਲਈ ਉਚੇਚੇ ਤੌਰ 'ਤੇ ਲਗਾਏ ਗਏ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਅੰਮ੍ਰਿਤਸਰ ਅਤੇ ਬਟਾਲਾ ਜਾਣ ਤੋਂ ਵੀ ਨਾਂਹ ਕਰ ਦਿੱਤੀ ਜਦਕਿ ਇਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਲੀਆਂ ਦੋ ਹੋਰ ਥਾਵਾਂ ਸਨ ਤੇ ਇਸ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਉਹ ਅੱਖਾਂ ਵਿਚ ਘਟਾ ਪਾ ਰਹੇ ਸਨ ਤੇ ਗਰੀਬਾਂ ਤੇ ਦਲਿਤਾਂ ਦੀਆਂ ਜ਼ਿੰਦਗੀਆਂ ਦੀ ਉਹਨਾਂ ਨੂੰ ਕੋਈ ਪਰਵਾਹ ਨਹੀਂ ਹੈ।
ਦੋਹਾਂ ਆਗੂਆਂ, ਜਿਹਨਾਂ ਦੇ ਨਾਲ ਅੰਮ੍ਰਿਤਸਰ ਦੇ ਮੁੱਛਲ ਪਿੰਡ ਤੋਂ ਪੀੜਤ ਪਰਿਵਾਰਾਂ ਦੇ ਰਿਸ਼ਤੇਦਾਰ ਵੀ ਸਨ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਹਨਾਂ ਵਿਧਾਇਕਾਂ ਖਿਲਾਫ ਜ਼ਹਿਰੀਲੀ ਸ਼ਰਾਬ ਵੰਡਣ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲੱਗੇ ਸਨ, ਨੂੰ ਸਟੇਜ 'ਤੇ ਬਿਠਾਉਣਾ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਖੁਦ ਇਸ ਤਰੀਕੇ ਮੁਜਰਮਾਂ ਦਾ ਬਚਾਅ ਕਰ ਰਹੇ ਹਨ ਤਾਂ ਫਿਰ ਇਸ ਭਿਆਨਕ ਤ੍ਰਾਸਦੀ ਦੀ ਨਿਰਪੱਖ ਜਾਂਚ ਕਿਵੇਂ ਹੋ ਸਕਦੀ ਹੈ ? ਉਹਨਾਂ ਕਿਹਾ ਕਿ ਬਜਾਏ ਜਗੀਰਦਾਰ ਵਾਂਗ ਵਿਵਹਾਰ ਕਰ ਕੇ ਪੀੜਤ ਪਰਿਵਾਰਾਂ ਨੂੰ ਜ਼ਲੀਲ ਕਰਨ ਦੇ ਮੁੱਖ ਮੰਤਰੀ ਨੂੰ ਹਰ ਪੀੜਤ ਪਰਿਵਾਰ ਲਈ 25 ਲੱਖ ਰੁਪਏ ਮੁਆਵਜ਼ਾ ਤੇ ਇਕ ਇਕ ਸਰਕਾਰੀ ਨੌਕਰੀ ਦਾ ਐਲਾਨ ਕਰਨਾ ਚਾਹੀਦਾ ਹੈ।
ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬੀਆਂ ਨੂੰ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਹੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ ਇਸੇ ਲਈ ਉਹਨਾਂ ਨੇ ਨਜਾਇਜ਼ ਸ਼ਰਾਬ ਦੇ ਵਪਾਰ ਵਿਚ ਲੱਗੇ ਕਾਂਗਰਸੀਆਂ ਅਤੇ ਡਿਸਟੀਲਰੀ ਮਾਲਕਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸੂਬੇ ਦੇ ਤਿੰਨ ਜ਼ਿਲਿ•ਆਂ ਵਿਚ ਇੰਨੇ ਭਿਆਨਕ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਪਰਨ ਦੇ ਬਾਵਜੂਦ ਮੁੱਖ ਮੰਤਰੀ ਗ੍ਰਹਿ ਅਤੇ ਆਬਕਾਰੀ ਮੰਤਰਾਲਿਆਂ ਦੇ ਇੰਚਾਰਜ ਮੰਤਰੀ ਵਜੋਂ ਲੋੜੀਂਦੀ ਕਾਰਵਾਈ ਕਰਨ ਤੋਂ ਨਾਂਹ ਕਰ ਰਹੇ ਹਨ।
ਸ੍ਰੀ ਭੂੰਦੜ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਇਨਸਾਫ ਮਿਲਣ ਦੀ ਕੋਈ ਆਸ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਰਾਜ ਭਵਨ ਵਿਚ ਰਾਜਪਾਲ ਸ੍ਰੀ ਪੀ ਸਿੰਘ ਬਦਨੌਰ ਨੂੰ ਇਹ ਕਹਿਣ ਆਇਆ ਸੀ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਮਨੋਰੰਜਨ ਕਾਲੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਫਦ ਨੇ ਜੋ ਮੰਗ ਪੱਤਰ ਉਹਨਾਂ ਨੂੰ ਸੌਂਪਿਆ ਸੀ, ਉਸਦੇ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਰਾਜਪਾਲ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੁਰੰਤ ਬਰਖ਼ਾਸਤ ਕਰਨੀ ਚਾਹੀਦੀ ਹੈ, ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਜਾਂ ਫਿਰ ਸੀ ਬੀ ਆਈ ਤੋਂ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ, ਪੀੜਤ ਪਰਿਵਾਰਾਂ ਨੇ ਜਿਹੜੇ ਕਾਂਗਰਸੀ ਵਿਧਾਇਕਾਂ ਦੇ ਨਾਂ ਮੁਜਰਮ ਵਜੋਂ ਲਏ ਹਨ, ਉਹਨਾਂ ਖਿਲਾਫ ਤੁਰੰਤ ਕਤਲ ਦੇ ਕੇਸ ਦਰਜ ਹੋਣੇ ਚਾਹੀਦੇ ਹਨ, ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਅਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਮਲਕੀਅਤ ਵਾਲੀਆਂ ਡਿਸਟੀਲਰੀਆਂ ਸੀਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਦੀ ਸਾਰੀ ਜਾਇਦਾਦ ਕੁਰਕ ਹੋਣੀ ਚਾਹੀਦੀ ਤੇ ਸੂਬੇ ਵਿਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਬੰਦ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਰਾਜਪਾਲ ਨੂੰ ਰਾਜਪੁਰਾ ਦੀ ਨਜਾਇਜ਼ ਸ਼ਰਾਬ ਫੈਕਟਰੀ ਤੇ ਹੋਰ ਅਜਿਹੇ ਮਾਮਲਿਆਂ ਦੀਆਂ ਫਾਈਲਾਂ ਮੰਗਵਾ ਕੇ ਖੁਦ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਸੌਂਪਣੀਆਂ ਚਾਹੀਦੀਆਂ ਹਨ।
\ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਨੇ ਪਹਿਲਾਂ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਗੁਆ ਲਿਆ ਤੇ ਹੁਣ ਤਕਰੀਬਨ 150 ਜਾਨਾਂ ਚਲੀਆਂ ਗਈਆਂ ਤੇ ਕਈ ਲੋਕ ਨੇ ਅੱਖਾਂ ਦੀ ਰੋਸ਼ਨੀ ਗੁਆ ਲਈ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਮੁੱਖ ਮੁੱਦੇ ਤੋਂ ਧਿਆਨ ਪਾਸੇ ਕਰਨਾ ਚਾਹੁੰਦੀ ਹੈ, ਇਸੇ ਲਈ ਸੂਬੇ ਵਿਚ ਦੇਸੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਭਾਵੇਂ ਕਿ ਇਹ ਸਭ ਨੂੰ ਪਤਾ ਹੈ ਕਿ ਇਹਨਾਂ ਦੋ ਡਿਸਟੀਲਰੀਆਂ ਤੋਂ ਮਿਲਦੀ ਈ ਐਨ ਏ ਅਤੇ ਡਿਨੇਚਰਡ ਸਪਿਰਟ ਹੀ ਇਸ ਤ੍ਰਾਸਦੀ ਲਈ ਜ਼ਿੰਮੇਵਾਰ ਹੈ।