ਚੰਡੀਗੜ੍ਹ/17 ਜੂਨ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਦਿੱਲੀ ਵਿਚ ਨਿਰਦੋਸ਼ ਸਿੱਖਾਂ ਉੱਤੇ ਹਮਲੇ ਲਈ ਜ਼ਿੰਮੇਵਾਰ ਪੁਲਿਸ ਕਰਮੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਦਿਆਂ ਉਹਨਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਹਨਾਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮੁਕੱਦਮਾ ਦਰਜ ਕੀਤਾ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਅੰਦਰ ਕਿਸੇ ਵੀ ਭਾਈਚਾਰੇ ਖ਼ਿਲਾਫ ਅਣਮਨੁੱਖੀ ਵਿਵਹਾਰ ਲਈ ਕੋਈ ਜਗ੍ਹਾ ਨਹੀਂ ਹੈ। ਉਹਨਾਂ ਕਿਹਾ ਕਿ ਕੱਲ੍ਹ ਇੱਕ ਬਜ਼ੁਰਗ ਸਿੱਖ ਅਤੇ ਉਸ ਦੇ ਬੇਟੇ ਦੀ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਸਾਹਮਣੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਪੁਲਿਸ ਕਰਮੀਆਂ ਨੇ ਉਹਨਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਹੈ। ਬਜ਼ੁਰਗ ਦੇ ਬੇਟੇ ਵੱਲੋਂ ਕੀਤੇ ਤਰਲਿਆਂ ਦੇ ਬਾਵਜੂਦ ਉਸ ਦੇ ਪਿਤਾ ਨੂੰ ਕੁੱਟਿਆ ਗਿਆ ਅਤੇ ਗਲੀਆਂ ਵਿਚ ਘਸੀਟਿਆ ਗਿਆ। ਬਾਅਦ ਵਿਚ ਬੇਟੇ ਉੱਤੇ ਵੀ ਹਮਲਾ ਕਰਕੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ।
ਗ੍ਰਹਿ ਮੰਤਰੀ ਕੋਲ ਇਸ ਘਿਣਾਉਣੀ ਕਾਰਵਾਈ ਵਿਚ ਸ਼ਾਮਿਲ ਪੁਲਿਸ ਕਰਮੀਆਂ ਨੂੰ ਮਿਸਾਲੀ ਸਜ਼ਾ ਦਿੱਤੇ ਜਾਣ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਜਿਹੀ ਕਾਰਵਾਈ ਸਮਾਜ ਅੰਦਰ ਇਹ ਸੁਨੇਹਾ ਪਹੁੰਚਾਉਣ ਲਈ ਲਾਜ਼ਮੀ ਹੈ ਕਿ ਖਾਕੀ ਵਰਦੀ ਵਾਲਿਆਂ ਦੀ ਧੱਕੇਸ਼ਾਹੀ ਅਤੇ ਅੱਤਿਆਚਾਰ ਨੂੰ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਘਟਨਾ ਵਿਚ ਸ਼ਾਮਿਲ ਰਹੇ ਪੁਲਿਸ ਕਰਮੀਆਂ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਗ੍ਰਹਿ ਮੰਤਰੀ ਕੋਲ ਦੋਸ਼ੀ ਪੁਲਿਸ ਕਰਮੀਆਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਪਰਚਾ ਦਰਜ ਕੀਤੇ ਜਾਣ ਦੀ ਵੀ ਬੇਨਤੀ ਕੀਤੀ।
ਅਕਾਲੀ ਦਲ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਇਹ ਮਾਮਲਾ ਜ਼ੋਰ ਨਾਲ ਉਠਾਉਣ ਲਈ ਆਖਿਆ। ਉਹਨਾਂ ਕਿਹਾ ਕਿ ਮੈਂ ਡੀਐਸਜੀਐਮਸੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਉਹ ਇਸ ਘਿਣਾਉਣੇ ਕਾਰੇ ਲਈ ਜ਼ਿੰਮੇਵਾਰ ਪੁਲਿਸ ਕਰਮੀਆਂ ਖ਼ਿਲਾਫ ਸੰਬੰਧਿਤ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਉਣ ਅਤੇ ਨਿਰਦੋਸ਼ ਸਿੱਖਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ।