ਕਿਹਾ ਕਿ ਇਹ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਸੀ
ਕਿਹਾ ਕਿ ਅਮਰਿੰਦਰ ਸੱਤਾ ਦੇ ਨਸ਼ੇ ਵਿਚ ਚੂਰ ਇੱਕ ਘੁਮੰਡੀ ਹਾਕਮ ਹੈ
ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਪੰਜ ਸੁਆਲ ਪੁੱਛੇ
ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੰਜਾਬ ਇੱਕ ਮੁਖੀ-ਵਿਹੂਣਾ ਸੂਬਾ ਹੈ
ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਪਿਛਲੇ ਤਿੰਨ ਸਾਲ ਵਿਚ ਕੀਤਾ ਇੱਕ ਵੀ ਵਿਕਾਸ ਕਾਰਜ ਜਾਂ ਸ਼ੁਰੂ ਕੀਤੀ ਇੱਕ ਵੀ ਲੋਕ ਭਲਾਈ ਸਕੀਮ ਗਿਣਾਉਣ ਦੀ ਚੁਣੌਤੀ ਦਿੱਤੀ
ਚੰਡੀਗੜ੍ਹ/17 ਮਾਰਚ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਅੰਦਰ ਵਾਪਰੀਆਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਪ੍ਰਤੱਖ ਸਬੂਤ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਇਹ ਨਾਮੁਆਫੀਯੋਗ ਘਟਨਾਵਾਂ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਰਚੀ ਗਈ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ।
ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਤੋਂ ਬਾਅਦ ਦੀ ਘਟਨਾ ਨੇ ਇਸ ਸਾਜ਼ਿਸ਼ ਵਿਚ ਕਾਂਗਰਸ ਦਾ ਹੱਥ ਹੋਣ ਦਾ ਸਪੱਸ਼ਟ ਸਬੂਤ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਚਸ਼ਮਦੀਦ ਗਵਾਹ ਸੁਰਜੀਤ ਸਿੰਘ ਦੇ ਬਿਆਨ ਨੇ ਕਾਂਗਰਸ ਸਰਕਾਰ ਨੂੰ ਪਰੇਸ਼ਾਨ ਕਰ ਦਿੱਤਾ ਸੀ, ਕਿਉਂਕਿ ਉਹ ਜਾਣਦੇ ਸਨ ਕਿ ਹੁਣ ਪੈੜਾਂ ਦੇ ਨਿਸ਼ਾਨ ਉਹਨਾਂ ਦੇ ਘਰ ਤਕ ਆਉਣਗੇ। ਇਹੀ ਵਜ੍ਹਾ ਹੈ ਕਿ ਉਹਨਾਂ ਨੇ ਮੁੱਖ ਗਵਾਹ ਉੱਤੇ ਬਿਆਨ ਬਦਲਣ ਲਈ ਦਬਾਅ ਪਾ ਕੇ ਬੜੀ ਬੇਸ਼ਰਮੀ ਨਾਲ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰਕੇ ਮੁੱਖ ਗਵਾਹ ਦੀ ਰਹੱਸਮਈ ਹਾਲਤਾਂ ਵਿਚ ਮੌਤ ਹੋ ਗਈ ਸੀ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸ ਦੇ ਹੱਥਾਂ ਦੇ ਤੋਤੇ ਉੱਡ ਗਏ ਸਨ ਅਤੇ ਇਸ ਨੇ ਮੁੱਖ ਗਵਾਹਾਂ ਨੂੰ ਸੱਚ ਬੋਲਣ ਤੋਂ ਰੋਕਣ ਅਤੇ ਆਪਣੇ ਪਹਿਲੇ ਬਿਆਨ ਬਦਲਣ ਵਾਸਤੇ ਦਬਾਅ ਪਾਉਣ ਲਈ ਗੁਰਪ੍ਰੀਤ ਸਿੰਘ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਦੀ ਡਿਊਟੀ ਲਾਈ ਸੀ।ਉਹਨਾਂ ਕਿਹਾ ਕਿ ਮਰਹੂਮ ਮੁੱਖ ਗਵਾਹ ਦੀ ਪਤਨੀ ਜਸਬੀਰ ਕੌਰ ਵੱਲੋਂ ਦਿੱਤੇ ਬਿਆਨਾਂ ਨੇ ਕਾਂਗਰਸ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਦਿੱਤਾ ਹੈ। ਕਿਸੇ ਹੋਰ ਸੂਬੇ ਅੰਦਰ ਹੋਈ ਅਜਿਹੀ ਘਟਨਾ ਨੇ ਸਰਕਾਰ ਨੂੰ ਹਿਲਾ ਕੇ ਰੱਖ ਦੇਣਾ ਸੀ, ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਉੱਤੇ ਨਾ ਸਿਰਫ ਚੁੱਪੀ ਧਾਰੀ ਹੋਈ ਹੈ, ਸਗੋਂ ਉਹ ਸ਼ਰੇਆਮ ਦੋਸ਼ੀ ਆਗੂਆਂ ਕਾਂਗੜ ਅਤੇ ਢਿੱਲੋਂ ਦੀ ਵੀ ਪੁਸ਼ਤਪਨਾਹੀ ਕਰ ਰਿਹਾ ਹੈ ਅਤੇ ਮ੍ਰਿਤਕ ਦੀ ਪਤਨੀ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰ ਰਿਹਾ ਹੈ। ਕਿਉਂ?
ਸਰਦਾਰ ਬਾਦਲ ਨੇ ਕਿਹਾ ਕਿ ਮੈਂ ਇੱਕ ਸਿੱਧਾ ਜਿਹਾ ਸੁਆਲ ਪੁੱਛਣਾ ਚਾਹੁੰਦਾ ਹਾਂ ਕਿ ਕਾਂਗਰਸ ਸਰਕਾਰ ਸੱਚਾਈ ਨੂੰ ਕਿਉਂ ਦਬਾਉਣਾ ਚਾਹੁੰਦੀ ਹੈ? ਮੁੱਖ ਮੰਤਰੀ ਢਿੱਲੋਂ ਅਤੇ ਕਾਂਗੜ ਖ਼ਿਲਾਫ ਕਾਰਵਾਈ ਕਿਉਂ ਨਹੀਂ ਕਰ ਰਿਹਾ ਹੈ? ਮੁੱਖ ਗਵਾਹ ਦੀ ਗਰੀਬ ਪਤਨੀ ਨੂੰ ਇਨਸਾਫ ਕਿਉਂ ਨਹੀਂ ਦਿੱਤਾ ਜਾ ਰਿਹਾ ਹੈ?
ਸਰਦਾਰ ਬਾਦਲ ਕਾਂਗਰਸ ਸਰਕਾਰ ਦੇ ਸੂਬੇ ਅੰਦਰ ਤਿੰਨ ਸਾਲ ਮੁਕੰਮਲ ਹੋਣ ਦੇ ਸੰਬੰਧ ਵਿਚ ਰੱਖੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਕਾਂਗਰਸ ਸਰਕਾਰ ਦੇ ਤਿੰਨ ਸਾਲਾਂ ਨੂੰ ਇੱਕ ਅਜਿਹਾ ਦੌਰ ਕਰਾਰ ਦਿੱਤਾ, ਜਦੋਂ ਪੰਜਾਬ ਇੱਕ ਮੁਖੀ-ਵਿਹੂਣਾ ਸੂਬਾ ਰਿਹਾ ਅਤੇ ਸਿਵਲ ਸਕੱਤਰੇਤ ਤੋਂ ਲੈ ਕੇ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤਕ ਕਿਤੇ ਵੀ ਸਰਕਾਰ ਨਾਂ ਦੀ ਕੋਈ ਸ਼ੈਅ ਨਜ਼ਰ ਨਹੀਂ ਆਈ।
ਸਰਦਾਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਤਿੰਨ ਸਾਲਾਂ ਨੂੰ ਸੂਬੇ ਦੇ ਇਤਿਹਾਸ ਦਾ ਹੀ ਨਹੀਂ, ਸਗੋਂ ਪੂਰੇ ਮੁਲਕ ਅੰਦਰ ਪੰਜਾਬ ਦਾ ਸਭ ਤੋਂ ਮਾੜਾ ਦੌਰ ਕਰਾਰ ਦਿੱਤਾ। ਉਹਨਾਂ ਕਿਹਾ ਕਿ ਇਹ ਉਹ ਸਮਾਂ ਸੀ, ਜਦੋਂ ਸੱਤਾ ਦੇ ਨਸ਼ੇ ਵਿਚ ਚੂਰ ਇੱਕ ਘੁਮੰਡੀ ਹਾਕਮ ਕੋਲੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ਼ਘਾਤ, ਲਾਪਰਵਾਹੀ ਅਤੇ ਅਣਗਹਿਲੀ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਇਸ ਹਾਕਮ ਨੇ ਪੰਜਾਬ ਨੂੰ ਰੱਜ ਕੇ ਜਲੀਲ ਕੀਤਾ ਅਤੇ ਆਮ ਲੋਕਾਂ ਨੂੰ ਮਿਲਣਾ ਵੀ ਆਪਣੀ ਮਹਾਰਾਜਿਆਂ ਵਾਲੀ ਸ਼ਾਨ ਦੇ ਖ਼ਿਲਾਫ ਸਮਝਿਆ।
ਸਰਦਾਰ ਬਾਦਲ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲੰਕਣ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜ ਸੁਆਲ ਪੁੱਛੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਉਸ ਦੀ ਸਰਕਾਰ ਵੱਲੋਂ ਸ਼ੁਰੂ ਕੀਤਾ ਕੋਈ ਇੱਕ ਵਿਕਾਸ ਕਾਰਜ ਜਾਂ ਇੱਕ ਸਮਾਜ ਭਲਾਈ ਸਕੀਮ ਗਿਣਾਵੇ। ਉਹਨਾਂ ਕਿਹਾ ਕਿ ਇਹਨਾਂ ਤਿੰਨ ਸਾਲਾਂ ਵਿਚ ਤੁਸੀਂ ਕਿੰਨੀ ਵਾਰ ਆਪਣੇ ਦਫ਼ਤਰ ਜਾਂ ਪੰਜਾਬ ਵਿਚ ਗਏ ਹੋ? ਉਹਨਾਂ ਇਹ ਵੀ ਪੁੱਛਿਆ ਕਿ ਇਹਨਾਂ ਸਾਲਾਂ ਵਿਚ ਤੁਸੀਂ ਕਿੰਨੀ ਵਾਰ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ ਜਾਂ ਹੋਰ ਧਾਰਮਿਕ ਸਥਾਨਾਂ ਉੱਤੇ ਗਏ ਹੋ?
ਉਹਨਾਂ ਕਿਹਾ ਕਿ ਇਹ ਤਿੰਨ ਸਾਲ ਉਹ ਸਮਾਂ ਸੀ, ਜਦੋਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉੱਤੇ ਝੂਠੀ ਸਹੁੰ ਖਾਂਦਿਆਂ ਮਹਾਨ ਗੁਰੂ ਸਾਹਿਬਾਨ ਦੇ ਨਾਂ ਉੱਤੇ ਝੂਠ ਬੋਲਿਆ ਤਾਂ ਕਿ ਉਹ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਦਲਿਤਾਂ ਅਤੇ ਹੋਰ ਲੋਕਾਂ ਨੂੰ ਧੋਖਾ ਦੇ ਸਕੇ। ਕੈਪਟਨ ਨੇ ਕਿਸਾਨਾਂ ਨਾਲ ਮੁਕੰਮਲ ਕਰਜ਼ਾ ਮੁਆਫੀ, ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ, ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ, 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਅਤੇ ਸਮਾਰਟ ਫੋਨ, ਦਲਿਤਾਂ ਨੂੰ 51 ਹਜ਼ਾਰ ਰੁਪਏ ਸ਼ਗਨ ਰਾਸ਼ੀ, ਮੁਫਤ ਘਰ ਅਤੇ ਪੋਸਟ ਮੈਟਰਿਕ ਵਜ਼ੀਫੇ, ਲੜਕੀਆਂ ਨੂੰ ਪੀਐਚਡੀ ਤਕ ਮੁਫਤ ਪੜ੍ਹਾਈ ਅਤੇ ਸੀਨੀਅਰ ਨਾਗਰਿਕਾਂ ਨੂੰ 2500 ਰੁਪਏ ਪੈਨਸ਼ਨ ਦੇਣ ਵਾਅਦਾ ਕਰਕੇ ਧੋਖਾ ਦਿੱਤਾ ਹੈ।
ਸਰਦਾਰ ਬਾਦਲ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਲੋਕ ਪੱਖੀ ਕੰਮਾਂ ਨੂੰ ਠੱਪ ਕਰ ਦਿੱਤਾ ਗਿਆ ਹੈ। ਇਹਨਾਂ ਕੰਮਾਂ ਵਿਚ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉੁਣਾ, ਸ਼ਾਨਦਾਰ ਬੁਨਿਆਦੀ ਢਾਂਚਾ ਤਿਆਰ ਕਰਨਾ, ਜਿਸ ਵਿਚ ਹਵਾਈ ਅੱਡੇ ਅਤੇ ਹਾਈਵੇਜ਼ ਦਾ ਨਿਰਮਾਣ ਸ਼ਾਮਿਲ ਸੀ, ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਨੀਆਂ, ਕੈਂਸਰ ਦੇ ਮੁਫ਼ਤ ਇਲਾਜ ਵਰਗੀਆਂ ਸਿਹਤ ਸਹੂæਲਤਾਂ ਪ੍ਰਦਾਨ ਕਰਨੀਆਂ ਸ਼ਾਮਿਲ ਸਨ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਹਜ਼ੂਰੀ ਵਿਚ ਪਾਵਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਪਾਵਨ ਚਰਨਾਂ ਦੀ ਝੂਠੀ ਸਹੁੰ ਖਾ ਕੇ ਹੋਂਦ ਵਿਚ ਆਈ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬੜੀ ਬੇਸ਼ਰਮੀ ਨਾਲ ਇਹਨਾਂ ਸਾਰੀਆਂ ਸਹੁੰਾਂ ਨੂੰ ਤੋੜ ਦਿੱਤਾ। ਉਸ ਨੇ ਆਪਣੀ ਪ੍ਰੈਸ ਕਾਨਫਰੰਸ ਵਿਚ ਉਸ ਸਹੁੰ ਨੂੰ ਯਾਦ ਕਰਨਾ ਵੀ ਜਰੂਰੀ ਨਹੀਂ ਸਮਝਿਆ।
ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ, ਸਰਦਾਰ ਬਾਦਲ ਨੇ ਕਿਹਾ ਕਿ 90 ਹਜ਼ਾਰ ਕਰੋੜ ਰੁਪਏ ਦੀ ਕਿਸਾਨ ਕਰਜ਼ਾ ਮੁਆਫੀ ਨੂੰ ਪੂਰਾ ਕਰਨਾ ਤਾਂ ਭੁੱਲ ਹੀ ਜਾਓ, ਸਰਕਾਰ ਨੇ ਪਿਛਲੇ ਸਾਲ ਦੇ ਬਜਟ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਰੱਖੇ 3000 ਕਰੋੜ ਰੁਪਏ ਵਿਚੋਂ ਵੀ ਕਿਸੇ ਕਿਸਾਨ ਨੂੰ ਇੱਕ ਰੁਪਿਆ ਤਕ ਜਾਰੀ ਨਹੀਂ ਕੀਤਾ।
ਇਹ ਟਿੱਪਣੀ ਕਰਦਿਆਂ ਕਿ ਸਮਾਜ ਦਾ ਹਰ ਵਰਗ ਕਾਂਗਰਸ ਸਰਕਾਰ ਦੇ ਕਠੋਰ ਵਤੀਰੇ ਤੋਂ ਦੁਖੀ ਹੈ, ਸਰਦਾਰ ਬਾਦਲ ਨੇ ਕਿਹਾ ਕਿ ਜਿਹਨਾਂ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹਨਾਂ ਨੂੰ ਪਹਿਲਾਂ ਦਿੱਤਾ ਜਾਂਦਾ ਤਿੰਨ ਲੱਖ ਰੁਪਏ ਦਾ ਮੁਆਵਜ਼ਾ ਨਹੀਂ ਮਿਲ ਰਿਹਾ ਹੈ।ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਇੰਨੀ ਬੇਧਿਆਨ ਹੋਈ ਬੈਠੀ ਹੈ ਕਿ ਇਹ ਗੰਨਾ ਉਤਪਾਦਕਾਂ ਦੇ 450 ਕਰੋੜ ਰੁਪਏ ਦੇ ਬਕਾਏ ਵੀ ਨਹੀਂ ਦੇ ਰਹੀ ਹੈ ਅਤੇ ਨਾ ਹੀ ਇਸ ਨੇ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਕਿਸਾਨਾਂ ਨੂੰ ਫਸਲੀ ਮੁਆਵਜ਼ਾ ਦਿੱਤਾ ਹੈ।
ਘਰ ਘਰ ਰੁਜ਼ਗਾਰ ਦੇ ਵਾਅਦੇ ਨੂੰ ਨੌਜਵਾਨਾਂ ਨਾਲ ਕੀਤਾ ਸਭ ਤੋਂ ਵੱਡਾ ਧੋਖਾ ਕਰਾਰ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਦੁਖਾਂਤ ਇਹ ਹੈ ਕਿ ਮੁੱਖ ਮੰਤਰੀ ਇਹ ਦਾਅਵਾ ਕਰਕੇ ਨੌਜਵਾਨਾਂ ਦੇ ਜ਼ਖ਼ਮਾਂ ਉਤੇ ਨਮਕ ਛਿੜਕ ਰਿਹਾ ਹੈ ਕਿ ਸਰਕਾਰ ਨੇ 12 ਲੱਖ ਨੌਕਰੀਆਂ ਦੇ ਦਿੱਤੀਆਂ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਵਿਚ ਨੌਜਵਾਨਾਂ ਨੂੰ ਸਿਰਫ 34 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਸਰਕਾਰ ਦੇ ਫਰਜ਼ੀ ਰੁਜ਼ਗਾਰ ਮੇਲਿਆਂ ਵਿਚ ਜਾਣਾ ਛੱਡ ਚੁੱਕੇ ਹਨ, ਉਹ ਪਿਛਲੀਆਂ ਤਿੰਨ ਦੀਵਾਲੀਆਂ ਤੋਂ 2500 ਰੁਪਏ ਬੇਰੁਜ਼ਗਾਰੀ ਭੱਤਾ ਅਤੇ ਸਮਾਰਟ ਫੋਨਾਂ ਦੀ ਉਡੀਕ ਕਰ ਰਹੇ ਹਨ।
ਦਲਿਤਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਬੋਲਦਿਆਂ ਸਰਕਾਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਸੂਬੇ ਦੇ ਸਾਰੇ ਬੇਘਰੇ ਦਲਿਤ ਪਰਿਵਾਰਾਂ ਨੂੰ ਮੁਫਤ ਮਕਾਨ ਜਾਂ ਪੰਜ ਮਰਲੇ ਦੇ ਪਲਾਟ ਅਤੇ ਇੱਕ ਲੱਖ ਰੁਪਏ ਦੀ ਵਿੱਤੀ ਮੱਦਦ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ ਸਕੀਮ ਨੂੰ ਅਜੇ ਤਕ ਸ਼ੁਰੂ ਵੀ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਦਲਿਤਾਂ ਨੂੰ ਦਿੱਤੀ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਉੱਤੇ ਕਾਂਗਰਸ ਸਰਕਾਰ ਵੱਲੋਂ ਲਾਈ ਸ਼ਰਤ ਨੇ ਇਸ ਸਹੂਲਤ ਨੂੰ ਬੇਮਾਅਨੇ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ 50 ਹਜ਼ਾਰ ਤੋਂ ਲੈ ਕੇ ਲੱਖਾਂ ਰੁਪਏ ਤਕ ਦੇ ਬਿਜਲੀ ਦੇ ਬਿਲ ਭੇਜ ਕੇ ਦਲਿਤ ਭਾਈਚਾਰੇ ਉੱਤੇ ਬੋਝ ਪਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੂੰ ਹੋਰ ਸਹੂਲਤਾਂ ਤੋਂ ਇਲਾਵਾ ਵਜ਼ੀਫੇ, ਸਕੂਲ ਵਰਦੀਆਂ ਅਤੇ ਸਾਇਕਲ ਨਹੀਂ ਦਿੱਤੇ ਜਾ ਰਹੇ ਹਨ।
ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਵਾਅਦੇ ਮੁਤਾਬਿਕ ਚਾਰ ਹਫ਼ਤਿਆਂ ਅੰਦਰ ਨਸ਼ਾ ਖ਼ਤਮ ਕਰਨ ਦੀ ਬਜਾਇ ਵਧੇਰੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਰਹੀ ਹੈ, ਸਰਦਾਰ ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਫੜੀਆਂ ਗਈਆਂ ਹੈਰੋਇਨ ਦੀਆਂ ਖੇਪਾਂ ਵਿਚ ਕਾਂਗਰਸੀ ਆਗੂਆਂ ਦੀ ਸਿੱਧੇ ਤੌਰ ਤੇ ਸ਼ਮੂਲੀਅਤ ਸਾਬਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਰਕੇ ਕਰੀਬ 300 ਨੌਜਵਾਨ ਜਾਨ ਗੁਆ ਚੁੱਕੇ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ 300 ਕਰੋੜ ਰੁਪਏ ਦੀਆਂ ਬੁਪਰਨੌਰਫਿਨ ਗੋਲੀਆਂ ਦੇ ਘੁਟਾਲੇ ਸਦਕਾ 67 ਹਜ਼ਾਰ ਨਵੇਂ ਨਸ਼ੇੜੀ ਪੈਦਾ ਹੋ ਚੁੱਕੇ ਹਨ। ਇਹ ਸਭ ਪੰਜਾਬ ਸਰਕਾਰ ਦੀ ਰਿਪੋਰਟ ਦੱਸਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਸੂਬੇ ਨੂੰ ਲੁੱਟਣ ਦੀ ਪੂਰੀ ਖੁੱਲ੍ਹ ਦੇ ਰੱਖੀ ਹੈ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਮਾਫੀਏ ਬਣਾ ਰੱਖੇ ਹਨ, ਜੋ ਗੁੰਡਾ ਟੈਕਸ ਵਸੂਲਦੇ ਹਨ, ਜਿਸ ਨਾਲ ਰੇਤ ਦੀਆਂ ਕੀਮਤਾਂ ਆਮ ਆਦਮੀ ਦੀ ਪਹੁੰਚ ਤੋ ਬਾਹਰ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਇਹਨਾਂ ਵੱਲੋਂ ਨੀਲਾਮੀ ਫੀਸ ਨਾ ਦੇਣ ਕਰਕੇ ਸਰਕਾਰੀ ਖਜ਼ਾਨੇ ਨੂੰ ਵੀ ਚੂਨਾ ਲੱਗ ਰਿਹਾ ਹੈ। ਉਹਨਾਂ ਕਿਹਾ ਕਿ ਇਸ ਲੁੱਟ ਦਾ ਰਾਹ ਖੁੱਲ੍ਹਾ ਰੱਖਣ ਲਈ ਜਾਣ ਬੁੱਝ ਕੇ ਵਾਤਾਵਰਣ ਸੰਬੰਧੀ ਪ੍ਰਵਾਨਗੀਆਂ ਨਹੀਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸੀ ਆਗੂਆਂ ਵੱਲੋਂ ਸ਼ਰਾਬ ਦੀ ਕੀਤੀ ਜਾ ਰਹੀ ਅੰਤਰਰਾਜੀ ਤਸਕਰੀ ਕਰਕੇ ਆਬਕਾਰੀ ਕਰ ਬਹੁਤ ਘਟ ਗਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਸਾਰੇ ਕੀਤੇ ਵਾਅਦੇ ਅਧੂਰੇ ਹੋਣ ਕਰਕੇ ਆਮ ਆਦਮੀ ਦੁੱਖ ਭੋਗ ਰਿਹਾ ਹੈ। ਉਹਨਾਂ ਕਿਹਾ ਕਿ ਤਿੰਨ ਸਾਲਾਂ ਵਿਚ ਬਿਜਲੀ ਦਰਾਂ 17 ਵਾਰ ਵਧਾਈਆਂ ਗਈਆਂ ਹਨ, ਜਿਸ ਨਾਲ ਅਕਾਲੀ-ਭਾਜਪਾ ਸਰਕਾਰ ਸਮੇਂ 5.50 ਰੁਪਏ ਪ੍ਰਤੀ ਯੂਨਿਟ ਮਿਲਦੀ ਬਿਜਲੀ ਹੁਣ 8.5 ਰੁਪਏ ਪ੍ਰਤੀ ਯੂਨਿਟ ਮਿਲ ਰਹੀ ਹੈ। ਉਹਨਾਂ ਕਿਹਾ ਕਿ ਉਦਯੋਗ ਨੂੰ 9 ਰੁਪਏ ਪ੍ਰਤੀ ਯੂਨਿਟ ਤੋਂ ਵੀ ਵੱਧ ਦਿੱਤੀ ਜਾ ਰਹੀ ਬਿਜਲੀ ਕਰਕੇ ਉਦਯੋਗਾਂ ਨੂੰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਇਸ ਸਰਕਾਰ ਨੇ 4300 ਕਰੋੜ ਰੁਪਏ ਦਾ ਬਿਜਲੀ ਘੁਟਾਲਾ ਕੀਤਾ ਹੈ, ਜਿਸ ਤਹਿਤ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ 2700 ਕਰੋੜ ਰੁਪਏ ਅਤੇ ਇੱਕ ਕੋਲਾ ਕੰਪਨੀ ਨੂੰ 1602 ਕਰੋੜ ਰੁਪਏ ਦਾ ਲਾਭ ਪਹੁੰਚਾਉਣ ਲਈ ਅੰਦਰਖਾਤੇ ਸੌਦੇਬਾਜ਼ੀਆਂ ਕੀਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਸਮਾਜ ਭਲਾਈ ਸਕੀਮਾਂ ਲਈ ਫੰਡ ਜਾਰੀ ਨਾ ਹੋਣ ਕਰਕੇ ਆਮ ਆਦਮੀ ਦੁੱਖ ਭੋਗ ਰਿਹਾ ਹੈ। ਉੁਹਨਾਂ ਦੱਸਿਆ ਕਿ ਮਹੀਨਿਆਂ ਤੋਂ ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਹਨਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਮਹੀਨਾ ਅਤੇ ਸ਼ਗਨ ਸਕੀਮ ਦੀ ਰਾਸ਼ੀ 51 ਹਜ਼ਾਰ ਰੁਪਏ ਕਰ ਦਿੱਤੀ ਜਾਵੇਗੀ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਵੱਲੋਂ ਸੂਬੇ ਅੰਦਰ ਪੈਦਾ ਕੀਤੇ ਜੰਗਲ ਰਾਜ ਕਰਕੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਹਨਾਂ ਦੇ ਕਤਲ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੂਬੇ ਅੰਦਰ ਗੈਂਗਸਟਰਾਂ ਦਾ ਸੱਭਿਆਚਾਰ ਵਧਣ ਕਰਕੇ ਝਪਟਮਾਰੀ, ਅਗਵਾ ਅਤੇ ਸੁਪਾਰੀ ਕਤਲ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਮੰਤਰੀ-ਗੈਂਗਸਟਰ ਗਠਜੋੜ ਦਾ ਸਿੱਟਾ ਇਹ ਨਿਕਲਿਆ ਹੈ ਕਿ ਗੈਂਗਸਟਰ ਜੇਲ੍ਹਾਂ ਅੰਦਰ ਬੈਠੇ ਅਪਰਾਧ ਕਰ ਰਹੇ ਹਨ।
ਇਹ ਟਿੱਪਣੀ ਕਰਦਿਆਂ ਕਿ ਸੂਬੇ ਦੇ ਕਰਮਚਾਰੀਆਂ ਦੀ ਹਾਲਤ ਤਰਸਯੋਗ ਹੈ, ਸਰਦਾਰ ਬਾਦਲ ਨੇ ਕਿਹਾ ਕਿ ਕਰਮਚਾਰੀਆਂ ਨੂੰ 4 ਹਜ਼ਾਰ ਕਰੋੜ ਰੁਪਏ ਦੇ ਡੀਏ ਬਕਾਏ ਨਹੀਂ ਦਿੱਤੇ ਗਏ ਹਨ ਅਤੇ ਨਾਲ ਹੀ ਛੇਵੇਂ ਤਨਖਾਹ ਕਮਿਸ਼ਨ ਨੂੰ ਇੱਕ ਹੋਰ ਸਾਲ ਲਈ ਲਟਕਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਠੇਕੇ ਉੱਤੇ ਰੱਖੇ 27 ਹਜ਼ਾਰ ਕਾਮਿਆਂ ਨੂੰ ਰੈਗੂਲਰ ਕਰਨ ਤੋਂ ਇਨਕਾਰ ਕਰ ਰਹੀ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਸੂਬੇ ਅੰਦਰ ਇੱਕ ਵੀ ਵੱਡਾ ਨਿਵੇਸ਼ ਨਹੀਂ ਹੋਇਆ ਹੈ ਅਤੇ ਮੁੱਖ ਮੰਤਰੀ ਨੇ ਕਿਸੇ ਇੱਕ ਵੀ ਵੱਡੇ ਪਲਾਂਟ ਦਾ ਉਦਘਾਟਨ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਜਿਹਨਾਂ ਦੋ ਪ੍ਰਾਜੈਕਟਾਂ ਸੋਨਾਲੀਕਾ ਟਰੈਕਟਰ ਫੈਕਟਰੀ ਐਕਟੈਨਸ਼ਨ ਅਤੇ ਆਈਟੀਸੀ ਕਪੂਰਥਲਾ ਦਾ ਉਦਘਾਟਨ ਕੀਤਾ ਸੀ, ਇਹ ਦੋਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਸਨ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਮਾੜੇ ਪ੍ਰਬੰਧ ਕਰਕੇ ਪਿਛਲੇ ਤਿੰਨ ਸਾਲ ਤੋਂ ਪੰਜਾਬ ਵਿੱਤੀ ਤੌਰ ਤੇ ਪਿਛਾਂਹ ਵੱਲ ਜਾ ਰਿਹਾ ਹੈ। ਉਹਨਾਂ ਕਿਹਾ ਕਿ ਟੈਕਸਾਂ ਅਤੇ ਦੂਜੇ ਸਰੋਤਾਂ ਤੋਂ ਹਾਸਿਲ ਹੁੰਦਾ ਮਾਲੀਆ ਬਹੁਤ ਥੱਲੇ ਚਲਿਆ ਗਿਆ ਹੈ।ਹੁਣ ਇਹ ਸਥਿਤੀ ਹੈ ਕਿ ਸਰਕਾਰ ਨੇ 148 ਸਕੀਮਾਂ ਲਈ 9000 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ।