ਪਾਰਟੀ ਨੇ ਗੰਨੇ ਦੀ ਕੀਮਤ ’ਚ ਵਾਧਾ ਕਰ ਕੇ ਇਸਨੁੰ ਹਰਿਆਣਾ ਤੇ ਯੂ ਪੀ ਬਰਾਬਰ ਲਿਆਉਣ ਦੀ ਕੀਤੀ ਮੰਗ
ਚੰਡੀਗੜ੍ਹ, 5 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਅਦਾ ਕਰੇ ਅਤੇ ਪਾਰਟੀ ਨੇ ਸੂਬੇ ਗੰਨੇ ਲਈ ਯਕੀਨੀ ਮੁੱਲ ਵਿਚ ਵਾਧੇ ਦੀ ਵੀ ਮੰਗ ਕੀਤੀ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਫਿਰ ਪਾਰਟੀ ਗੰਨਾ ਉਤਪਾਦਕ ਕਿਸਾਨਾਂ ਵਾਸਤੇ ਨਿਟਾ ਹਾਸਲ ਕਰਨ ਲਈ ਸੰਘਰਸ਼ ਸ਼ੁਰੂ ਕਰੇਗੀ।
ਇਸ ਸਬੰਧ ਵਿਚ ਫੈਸਲਾ ਪਾਰਟੀ ਦੀ ਉਚ ਪੱਧਰੀ ਮੀਟਿੰਗ ਵਿਚ ਲਿਆ ਗਿਅ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਪਾਰਟੀ ਮੁੱਖ ਦਫਤਰ ਵਿਖੇ ਕੀਤੀ।
ਮੀਟਿੰਗ ਵਿਚ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2019-20 ਦੇ 107 ਕਰੋੜ ਰੁਪਏ ਸਮੇਤ 188 ਕਰੋੜ ਰੁਪਏ ਦੇ ਬਕਾਏ ਅਦਾ ਕਰਨੇ ਹਨ ਜਦਕਿ 81 ਕਰੋੜ ਰੁਪਏ ਮੌਜੂਦਾ ਸੀਜ਼ਨ ਦੇ ਹਨ। ਪਾਰਟੀ ਨੈ ਕਿਹਾ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦੇ 96 ਕਰੋੜ ਰੁਪਏ ਅਦਾ ਕਰਨੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਪੀੜਾ ਤੋਂ ਜਾਣ ਬੁੱਝ ਕੇ ਅਣਜਾਣ ਬਣ ਰਹੇ ਹਨ। ਉਹਨਾਂ ਕਿਹਾ ਕਿ ਜਿਥੇ ਸਹਿਕਾਰੀ ਖੰਡ ਮਿੰਲਾਂ ਕਿਸਾਨਾਂ ਨੂੰ ਅਦਾਇਗੀ ਕਰਨ ਵਿਚ ਨਿਯਮਿਤ ਤੌਰ ’ਤੇ ਡਿਫਾਲਟਰ ਹੋ ਰਹੀਆਂ ਹਨ, ਉਥੇ ਹੀ ਸਰਕਾਰ ਨੇ ਕਿਸਾਨਾਂ ਦੇ ਬਕਾਏ ਅਦਾ ਕਰਨ ਵਾਸਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਵੀ ਅਦਾਇਗੀ ਕਰਨ ਵਾਸਤੇ ਨਹੀਂ ਆਖਿਆ। ਉਹਨਾਂ ਕਿਹਾ ਕਿ ਕਿਸਾਨਾਂ ਦੇ ਸਾਰੇ ਬਕਾਏ ਤੁਰੰਤ ਵਿਆਜ਼ ਸਮੇਤ ਅਦਾ ਕੀਤੇ ਜਾਣੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਸ਼ੂਗਰਕੇਟ ਕੰਟਰੋਲ ਆਰਡਰ ਐਂਡ ਕਲਾਜ਼ 3 (3) ਸ਼ੂਗਰਕੇਨ ਪਰਚੇਜ਼ ਐਂਡ ਰੈਗੂਲੇਸ਼ਨ ਐਕਟ ਵਿਚ ਇਹ ਕਿਹਾ ਗਿਆ ਹੈ ਕਿ ਖੰਡ ਮਿੱਲਾਂ ਨੁੰ ਗੰਨੇ ਦੀ ਅਦਾਇਗੀ 14 ਦਿਨਾਂ ਦੇ ਅੰਦਰ ਅੰਦਰ ਕਰਨੀ ਪਵੇਗੀ ਜਾਂ ਫਿਰ ਦੇਰ ਨਾਲ ਅਦਾਇਗੀ ਲਈ ਵਿਆਜ਼ ਅਦਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣਾ ਚਾਹੀਦਾ ਹੈ।
ਪਾਰਟੀ ਮੀਟਿੰਗ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਕਿਉਂਕਿ ਖੇਤੀਬਾੜੀ ਮਹਿਕਮਾ ਉਹਨਾਂ ਕੋਲ ਹੈ, ਇਸ ਲਈ ਉਹਨਾਂ ਨੂੰ ਪ੍ਰਾਈਵੇਟ ਖੰਡ ਮਿੱਲਾਂ ਨੂੰ ਨਿਯਮ ਭੰਗ ਕਰਨ ਤੇ ਬਿਨਾਂ ਸਜ਼ਾ ਨਿਕਲ ਜਾਣ ਤੋਂ ਰੋਕਣਾ ਚਾਹੀਦਾ ਹੈ। ਪਾਰਟੀ ਨੇ ਇਹ ਵੀ ਕਿਹਾ ਕਿ ਗੰਨਾ ਉਤਪਾਦਨ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲਣ ਵਿਚ ਮਦਦ ਕੀਤੀ ਹੈ ਅਤੇ ਜੇਕਰ ਗੰਨਾ ਉਤਪਾਦਕਾਂ ਨੁੰ ਸਮੇਂ ਸਿਰ ਅਦਾਇਗੀ ਨਾ ਕੀਤੀ ਗਈ ਤਾਂ ਫਿਰ ਇਸ ਨਾਲ ਸੂਬੇ ਦੀ ਫਸਲੀ ਵਿਭਿੰਨਤਾ ਪ੍ਰੋਗਰਾਮ ਨੁੰ ਸੱਟ ਵੱਜੇਗੀ ਅਤੇ ਇਸ ਨਾਲ ਕਿਸਾਨਾਂ ਨੂੰ ਹੋਰ ਮੰਦੀ ਨਾਲ ਜੂਝਣਾ ਪਵੇਗਾ ਤੇ ਖੇਤੀ ਸੰਕਟ ਖੜ੍ਹਾ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਪੰਜਾਬ ਵਿਚ ਗੰਨੇ ਦੇ ਮੌਜੂਦਾ ਸੀਜ਼ਨ ਲਈ ਦੀ ਐਸ ਏ ਪੀ ਵਿਚ ਵਾਧਾ ਕਰੇਗਾ ਅਤੇ ਪਾਰਟੀ ਨੇ ਕਿਹਾ ਕਿ ਤਿੰਨ ਸਾਲਾਂ ਤੋਂ ਸੂਬੇ ਦੇ ਗੰਨੇ ਦੀ ਕੀਮਤ ਵਿਚ ਵਾਧਾ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਵਿਚ ਗੰਨੇ ਦੀ ਐਸ ਏ ਪੀ 310 ਰੁਪਏ ਕੁਇੰਟਲ ਹੈ ਜਦਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਕਿਸਾਨਾਂ ਨੂੰ 350 ਰੁਪਏ ਪ੍ਰਤੀ ਕੁਇੰਟਲ ਐਸ ਏ ਪੀ ਅਦਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਚਾਲੂ ਸੀਜ਼ਨ ਲਈ ਹੀ ਐਸ ਏ ਪੀ 350 ਰੁਪਏ ਪ੍ਰਤੀ ਕੁਇੰਟਲ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿਚ ਪਿਛਲੇ ਸਮੇਂ ਤੋਂ ਕਿਸਾਨਾਂ ਦੇ ਬਕਾਏ ਅਦਾ ਕਰਨੇ ਚਾਹੀਦੇ ਹਨ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਾਲ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾਂ ਅਤੇ ਪ੍ਰਕਾਸ਼ ਚੰਦ ਗਰਗ ਨੇ ਵੀ ਸ਼ਮੂਲੀਅਤ ਕੀਤੀ।