ਚੰਡੀਗੜ੍ਹ/24 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਸਾਂਸਦ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ ਵਰਧਨ ਨੂੰ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਇਟ ਕੇਂਦਰ ਦੀ ਸਥਾਪਤੀ ਦੇ ਕਾਰਜ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ।
ਅੱਜ ਇਸ ਮੁੱਦੇ ਉੱਤੇ ਕੇਂਦਰੀ ਸਿਹਤ ਮੰਤਰੀ ਨੂੰ ਇੱਕ ਮੰਗ ਪੱਤਰ ਦਿੰਦਿਆਂ ਫਿਰੋਜ਼ਪੁਰ ਸਾਂਸਦ ਨੇ ਦੱਸਿਆ ਕਿ ਇਹ ਪ੍ਰਾਜੈਕਟ ਅਫਸਰਸ਼ਾਹੀ ਵੱਲੋਂ ਪਾਏ ਅੜਿੱਕਿਆਂ ਵਿਚ ਉਲਝ ਕੇ ਰਹਿ ਗਿਆ ਹੈ। ਉਹਨਾਂ ਨੇ ਸੰਗਰੂਰ ਵਿਖੇ ਸ਼ੁਰੂ ਹੋ ਚੁੱਕੇ ਸੈਟੇਲਾਇਟ ਕੇਂਦਰ ਦੀ ਉਦਾਹਰਣ ਦਿੱਤੀ, ਜਿਸ ਨੂੰ ਫਿਰੋਜ਼ਪੁਰ ਸੈਂਟਰ ਦੇ ਨਾਲ ਹੀ ਮਨਜ਼ੂਰੀ ਦਿੱਤੀ ਗਈ ਸੀ।
ਇਹ ਟਿੱਪਣੀ ਕਰਦਿਆਂ ਕਿ ਇਹ ਪ੍ਰਾਜੈਕਟ ਦਫਤਰੀ ਕਾਰਵਾਈਆਂ ਦਾ ਸ਼ਿਕਾਰ ਹੋ ਗਿਆ ਹੈ, ਸਰਦਾਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਜਲਦੀ ਤੋਂ ਜਲਦੀ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਵਾਸਤੇ ਜਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਇਸ ਪ੍ਰਾਜੈਕਟ ਉੱਤੇ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਹੋਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਇਹ ਗੱਲ ਵੀ ਡਾਕਟਰ ਵਰਧਨ ਦੇ ਧਿਆਨ ਵਿਚ ਲਿਆਂਦੀ ਕਿ ਇਸ ਸੈਟੇਲਾਇਟ ਕੇਂਦਰ ਦੀ ਸਥਾਪਤੀ ਫਿਰੋਜ਼ਪੁਰ ਦੇ ਲੋਕਾਂ ਦੀ ਬਹੁਤ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾਂ ਦੇ ਲਾਭ ਲੈਣ ਲਈ ਪੀਜੀਆਈਐਮਈਆਰ ਚੰਡੀਗੜ੍ਹ ਵਿਖੇ ਜਾਣਾ ਬਹੁਤ ਮੁਸ਼ਕਿਲ ਲੱਗਦਾ ਹੈ। ਇਸ ਲਈ ਇਹ ਸੇਵਾਵਾਂ ਉਹਨਾਂ ਨੂੰ ਜਲਦੀ ਤੋਂ ਜਲਦੀ ਫਿਰੋਜ਼ਪੁਰ ਵਿਖੇ ਮੁਹੱਈਆਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।