ਕਿਹਾ ਕਿ ਮਾਝਾ ਖੇਤਰ ਦੇ ਵੱਡੇ ਇਲਾਕੇ ਵਿਚ ਬਾਸਮਤੀ ਦੀ ਫਸਲ ਤਬਾਹ ਹੋਈ
ਅੰਮ੍ਰਿਤਸਰ, 28 ਅਕਤੂਬਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮਾਝਾ ਇਲਾਕੇ ਵਿਚ ਉਹਨਾਂ ਬਾਸਮਤੀ ਉਤਪਾਦਕਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਤਾ ਜਾਵੇ ਜਿਹਨਾਂ ਦੀ ਹਜ਼ਾਰਾਂ ਏਕੜ ਫਸਲ ਪਿਛਲੇ ਦਿਨੀਂ ਗੜ੍ਹੇਮਾਰੀ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਦਰਜਨ ਤੋਂ ਵੱਧ ਪਿੰਡਾਂ ਵਿਚ ਬਾਸਮਤੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਪਰ ਹਾਲੇ ਤੱਕ ਸਰਕਾਰ ਨੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋਇਆ ਹੈ ਕਿਉਂਕਿ ਮਾਝਾ ਇਲਾਕੇ ਦੇ ਕਾਂਗਰਸੀ ਪਾਰਟੀ ਦੀਆਂ ਅੰਦਰੂਨੀ ਲੜਾਈ ਵਿਚ ਰੁੱਝੇ ਹਨ ਤੇ ਖੇਤਰ ਤੋਂ ਦੋ ਡਿਪਟੀ ਮੁੱਖ ਮੰਤਰੀਆਂ ਸਮੇਤ ਛੇ ਮੰਤਰੀ ਹੋਣ ਦੇ ਬਾਵਜੂਦ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ।
ਉਹਨਾਂ ਕਿਹਾ ਕਿ ਬਾਸਮਤੀ ਉਤਪਾਦਕਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਜ਼ਮੀਨ ਮਾਲਕਾਂ ਦੇ ਨਾਲ ਨਾਲ ਜ਼ਮੀਨ ਠੇਕੇ ’ਤੇ ਲੈਣ ਵਾਲਿਆਂ ਨੁੰ ਵੀ ਮੁਆਵਜ਼ਾ ਮਿਲੇ।
ਸਰਦਾਰ ਮਜੀਠੀਆ ਨੇ ਕਿਹਾ ਕਿ ਬਾਸਮਤੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਕਿਉਂਕਿ ਉਹ ਪੱਕ ਗਈ ਸੀ ਤੇ ਵਾਢੀ ਵਾਸਤੇ ਤਿਆਰ ਸੀ। ਉਹਨਾਂ ਕਿਹਾ ਕਿ ਇਸ ਕਾਰਨ ਗੜ੍ਹੇਮਾਰੀ ਨਾਲ ਦਾਣਾ ਟੁੱਟ ਕੇ ਹੇਠਾਂ ਡਿੱਗ ਪਿਆ ਤੇ ਵਾਢੀ ਵਾਸਤੇ ਕੁਝ ਵੀ ਬਾਕੀ ਨਹੀਂ ਰਹਿ ਗਿਆ। ਉਹਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਮਹਿੰਗੇ ਭਾਅ ਜ਼ਮੀਨ ਠੇਕੇ ’ਤੇ ਲੈਣ ਅਤੇ ਡੀਜ਼ਲ ਸਮੇਤ ਖੇਤੀ ਲਾਗਤ ਵੱਧ ਹੋਣ ਕਾਰਨ ਬਹੁਤ ਦਬਾਅ ਹੇਠ ਹੈ। ਉਹਨਾਂ ਕਿਹਾ ਕਿ ਇਸ ਸਾਲ ਡੀ ਏ ਪੀ ਖਾਦ ਦੀ ਕਾਲਾਬਾਜ਼ੀ ਕਾਰਨ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ।
ਉਹਨਾਂ ਕਿਹਾ ਕਿ ਕਿਸਾਨਾਂ ਨੁੰ ਬੇਪਰਵਾਹ ਸਰਕਾਰ ਦੇ ਖੋਖਲੇ ਵਾਅਦਿਆਂ ਕਾਰਨ ਵੀ ਮੁਸ਼ਕਿਲਾਂ ਝੱਲਣੀਆਂ ਪਈਆਂ ਹਨ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਸਫਲ ਪਹਿਲਾਂ ਤਬਾਹ ਹੋ ਗਈ ਸੀ, ਉਹਨਾਂ ਨੂੰ ਗਿਰਦਾਵਰੀ ਹੋਣ ਤੋਂ ਬਾਅਦ ਵੀ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੁੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਨਰਮੇ ਦੀ ਫਸਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਣ ’ਤੇ ਨਿੱਜੀ ਤੌਰ ’ਤੇ ਹੌਂਸਲਾ ਦੁਆਇਆ ਸੀ, ਉਹਨਾਂ ਨੂੰ ਵੀ ਮੁਆਵਜ਼ੇ ਦਾ ਇਕ ਧੇਲਾ ਵੀ ਨਹੀਂ ਮਿਲਿਆ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਦੇ ਰਾਜਕਾਲ ਵਿਚ ਲੋਕਾਂ ਦੇ ਮੁੱਦੇ ਪਿੱਛੇ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੇਸ਼ ਕੀਤੀ ਉਦਾਹਰਣ ਅਨੁਸਾਰ ਚੱਲਣਾ ਚਾਹੀਦਾ ਹੈ। ਉੲਨਾਂ ਕਿਹਾ ਕਿ ਜਦੋਂ ਬੀਤੇ ਸਮੇਂ ਵਿਚ ਕੀਟ ਪਤੰਗਾਂ ਦੇ ਹਮਲੇ ਕਾਰਨ ਨਰਮੇ ਦੀ ਫਸਲ ਤਬਾਹ ਹੁੰਦੀ ਸੀ ਤਾਂ ਉਦੋਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਨੁੰ ਵੀ ਮੁਆਵਜ਼ਾ ਦਿੱਤਾ ਗਿਆ। ਉਹਨਾਂ ਕਿਹਾ ਕਿ ਹੁਣ ਵੀ ਉਹਨਾਂ ਖੇਤ ਮਜ਼ਦੂਰਾਂ ਨੁੰ ਮੁਆਵਜ਼ਾ ਮਿਲਣਾ ਚਾਹੀਦਾ ਹੈ ਜਿਹਨਾਂ ਨੇ ਨਰਮੇ ਦੀ ਫਸਲ ਤਬਾਹ ਹੋਣ ਕਾਰਨ ਆਪਣਾ ਰੋਜ਼ਗਾਰ ਗੁਆ ਲਿਆ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਸਰਕਾਰ ਵਿਚ ਆਪਣਾ ਬਣਦਾ ਹੱਕ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਲਾਗੂ ਕਰਨ ਵਿਚ ਫੇਲ੍ਹ ਹੋ ਗਈ ਹੈ। ਉਹਨਾਂ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੁੰ ਵੀ ਕੀਤੇ ਵਾਅਦੇ ਅਨੁਸਾਰ ਮੁਆਵਜ਼ਾ ਜਾਂ ਨੌਕਰੀਆਂ ਨਹੀਂ ਮਿਲੀਆਂ। ਉਹਨਾਂ ਕਿਹਾ ਕਿ ਹੁਣ ਵੀ ਸਰਕਾਰ ਫਸਲ ਦੇ ਨੁਕਸਾਨ ਲਈ ਤੁਰੰਤ ਮੁਆਵਜ਼ਾ ਦੇਣ ਵਿਚ ਨਾਕਾਮ ਹੋਈ ਹੈ ਤੇ ਇਸ ਤੋਂ ਵੱਧ ਕਿਸਾਨ ਵਿਰੋਧ ਕੀ ਹੋ ਸਕਦਾ ਹੈ ?