ਕਿਹਾ ਕਿ ਕਾਂਗਰਸੀ ਮੁਖੀ ਨੂੰ ਆਪਣੇ ਜ਼ੱਦੀ ਹਲਕੇ ਤੋਂ ਭੱਜ ਕੇ ਗੁਰਦਾਸਪੁਰ ਨਹੀਂ ਜਾਣਾ ਚਾਹੀਦਾ
ਮੁਕਤਸਰ/06 ਮਾਰਚ: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਸ ਨੂੰ ਆਪਣੀ ਲੋਕਪ੍ਰਿਯਤਾ ਪਰਖਣ ਲਈ ਫਿਰੋਜ਼ਪੁਰ ਤੋਂ ਚੋਣ ਲੜਣੀ ਚਾਹੀਦੀ ਹੈ ਨਾ ਕਿ ਆਪਣੇ ਜੱਥਦੀ ਹਲਕੇ ਤੋਂ ਭੱਜ ਕੇ ਗੁਰਦਾਸਪੁਰ ਹਲਕੇ ਤੋਂ ਚੋਣ ਲੜਣੀ ਚਾਹੀਦੀ ਹੈ।
ਮੁਕਤਸਰ ਤੋਂ ਹਜ਼ਾਰਾਂ ਮੋਟਰਸਾਇਕਲਾਂ ਅਤੇ ਕਾਰਾਂ ਦਾ ਰੋਡ ਸ਼ੋਅ ਕੱਢਣ ਮਗਰੋਂ ਮਲੋਟ ਵਿਖੇ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਜਾਖੜ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਹ ਆਪਣਾ ਜ਼ੱਦੀ ਹਲਕਾ ਕਿਉਂ ਛੱਡ ਕੇ ਜਾ ਰਿਹਾ ਹੈ? ਉਹਨਾਂ ਕਿਹਾ ਕਿ ਜੇਕਰ ਤੁਹਾਡੇ ਦਾਅਵੇ ਮੁਤਾਬਿਕ ਕਾਂਗਰਸ ਪਾਰਟੀ ਨੇ ਲੋਕਾਂ ਲਈ ਚੰਗੇ ਕੰਮ ਕੀਤੇ ਹਨ ਤਾਂ ਤੁਹਾਡੇ ਲਈ ਫਿਰੋਜ਼ਪੁਰ ਤੋਂ ਚੋਣ ਲੜਣ ਦਾ ਇਹ ਇੱਕ ਸੁਨਹਿਰਾ ਮੌਕਾ ਹੈ। ਤੁਹਾਨੂੰ ਇਸ ਮੁਕਾਬਲੇ ਤੋਂ ਭੱਜਣਾ ਨਹੀਂ ਚਾਹੀਦਾ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਜਾਖੜ ਦੀ ਅਸਲੀ ਲੋਕਪ੍ਰਿਅਤਾ ਇੱਕ ਵਾਰ ਪਰਖੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ 2017 ਵਿਚ ਸੂਬੇ ਅੰਦਰ ਕਾਂਗਰਸ ਦੀ ਲਹਿਰ ਹੋਣ ਦੇ ਬਾਵਜੂਦ ਅਬੋਹਰ ਦੇ ਲੋਕਾਂ ਨੇ ਉਸ ਨੂੰ ਨਕਾਰ ਦਿੱਤਾ ਸੀ। ਇੰਝ ਲੱਗਦਾ ਹੈ ਕਿ ਇਸੇ ਕਰਕੇ ਉਹ ਮਾਝੇ ਵੱਲ ਭੱਜਣਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਜਾਖੜ ਅਬੋਹਰ ਤੋਂ ਭੱਜਣ ਤੋਂ ਇਲਾਵਾ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ ਝੂਠੇ ਪਰਚੇ ਦਰਜ ਕਰਵਾ ਕੇ ਆਪਣਾ ਗੁੱਸਾ ਕੱਢ ਰਿਹਾ ਹੈ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਲੋਕ ਜਾਖੜ ਪਰਿਵਾਰ ਨੂੰ ਕਰਾਰਾ ਸਬਕ ਸਿਖਾਉਣਗੇ।
ਨੌਜਵਾਨ ਆਗੂਆਂ ਨੂੰ ਉਹਨਾਂ ਸਾਰੇ ਕਿਸਾਨਾਂ ਅਤੇ ਨੌਜਵਾਨਾਂ, ਜਿਹਨਾਂ ਦੇ ਕਰਜ਼ੇ ਮੁਆਫ ਨਹੀਂ ਹੋਏ ਅਤੇ ਨੌਕਰੀਆਂ ਨਹੀ ਮਿਲੀਆਂ, ਕੋਲ ਜਾਣ ਦੀ ਅਪੀਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਸ ਤੋਂ ਪਹਿਲਾਂ ਕਦੇ ਵੀ ਸਮਾਜ ਦੇ ਹਰ ਵਰਗ ਦੀ ਪਿੱਠ ਵਿਚ ਇਸ ਤਰ•ਾਂ ਛੁਰਾ ਨਹੀਂ ਮਾਰਿਆ ਗਿਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਦਾ ਵੀ ਕਰਜ਼ਾ ਮੁਆਫ ਨਹੀਂ ਕੀਤਾ। ਉਹਨਾਂ ਕਿਹਾ ਕਿ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਦੀ ਥਾਂ ਸਰਕਾਰ ਵੱਲੋਂ ਫਸਲੀ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੇ ਦੋ ਸਾਲਾਂ ਵਿਚ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ ਵਧਾ ਕੇ 900 ਤੋਂ ਵੱਧ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਨੌਜਵਾਨਾਂ ਨੂੰ 60 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਅਨੁਸਾਰ ਹਰ ਮਹੀਂਨੇ ਇੱਕ ਲੱਖ ਨੌਕਰੀਆਂ ਬਣਦੀਆਂ ਸਨ। ਇਸ ਤੋਂ ਇਲਾਵਾ ਉਹਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵੀ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਘਰ ਘਰ ਨੌਕਰੀ ਦੇ ਨਾਂ ਉਤੇ ਠੱਗਿਆ ਗਿਆ ਹੈ ਜਦਕਿ ਬੇਰੁਜ਼ਗਾਰੀ ਭੱਤੇ ਵਜੋਂ ਉਹਨਾਂ ਨੂੰ ਸਿਰਫ 150 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਹ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ, ਜਿਸ ਦਾ ਬਦਲਾ ਉਹ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਲੈਣਗੇ।
ਸਰਦਾਰ ਮਜੀਠੀਆ ਨੇ ਵਿਧਾਨ ਸਭਾ ਵਿਚ ਝੂਠ ਬੋਲਣ ਲਈ ਕਿ ਸੂਬੇ ਦੇ ਲੋਕਾਂ ਉੱਤੇ ਕੋਈ ਟੈਕਸ ਨਹੀਂ ਲਾਇਆ ਜਾ ਰਿਹਾ ਹੈ, ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪਿਛਲੇ ਦੋ ਸਾਲਾਂ ਵਿਚ ਬਿਜਲੀ ਦਰਾਂ 'ਚ 30 ਫੀਸਦੀ ਵਾਧਾ ਕਰਦਿਆਂ ਆਮ ਆਦਮੀ ਦੇ ਬੋਝ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 8 ਰੁਪਏ ਪ੍ਰਤੀ ਯੂਨਿਟ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਦਯੋਗਿਕ ਸੈਕਟਰ ਨੂੰ ਵੀ ਸੱਤ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ ਜਦਕਿ ਉਸ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਤਰ•ਾਂ ਦਲਿਤਾਂ ਅਤੇ ਪਛੜੇ ਵਰਗਾਂ ਨੂੰ ਦਿੱਤੀ ਜਾਂਦੀ ਅੰਸ਼ਿਕ ਮੁਫਤ ਬਿਜਲੀ (200 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਨੂੰ ਹਟਾ ਦਿੱਤਾ ਗਿਆ ਹੈ।ਹੁਣ ਇਹ ਸਹੂਲਤ ਇਸ ਸ਼ਰਤ ਉੱਤੇ ਦਿੱਤੀ ਜਾ ਰਹੀ ਹੈ ਕਿ ਜਿਹੜਾ ਪਰਿਵਾਰ ਸਾਲ ਵਿਚ ਤਿੰਨ ਹਜ਼ਾਰ ਯੂਨਿਟ ਤੋਂ ਵੱਧ ਬਿਜਲੀ ਖਰਚੇਗਾ, ਉਸ ਨੂੰ ਪੂਰਾ ਬਿਲ ਅਦਾ ਕਰਨਾ ਪਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕਤਸਰ ਵਿਧਾਇਕ ਕੰਵਰਜੀਤ ਸਿੰਘ ਬਰਕੰਦੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਅਤੇ ਯੂਥ ਅਕਾਲੀ ਦਲ ਦੇ ਸਟੇਟ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਿਰ ਸਨ।