ਚੰਡੀਗੜ੍ਹ, 24 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਸੂਬੇ ਵਿਚ ਵੱਖ ਵੱਖ ਥਾਵਾਂ ’ਤੇ ਪਿਛਲੇ ਦਿਨਾਂ ਦੌਰਾਨ ਗੜ੍ਹੇਮਾਰੀ ਤੇ ਤੇਜ਼ ਬਰਸਾਤ ਕਾਰਨ ਹੋਏ ਕਿਸਾਨਾਂ ਦੀਆਂ ਫਸਲਾਂ ਦੇ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦਾ ਹੁਕਮ ਦੇਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਨਾ ਸਿਰਫ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ ਬਲਕਿ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਮਾਂ ਹੱਦ ਨਿਸ਼ਚਿਤ ਕਰਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ ਇਸ ਸਾਲ ਸਤੰਬਰ ਵਿਚ ਹੋਈ ਭਾਰੀ ਬਰਸਾਤ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਦਿੱਤਾ। ਉਹਨਾਂ ਕਿਹਾ ਕਿ ਇਸ ਲਈ ਗਿਰਾਦਵਰੀ ਸਮੇਂ ਸਿਰ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਦਾ ਜਾਇਜ਼ਾ ਲੈਣ ਲਈ ਸਰਵੇਖਣ ਕਰਵਾਉਣ ਤੋਂ ਆਪਣੇ ਪੈਰ ਪਿੱਛੇ ਖਿੱਚ ਲਏ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨ ਚੰਨੀ ਸਰਕਾਰ ਦੇ ਖੋਖਲੇ ਐਲਾਨ ਕਰਨ ਦੇ ਨਵੇਂ ਸਭਿਆਚਾਰ ਦੀ ਮਾਰ ਝੱਲ ਰਹੇ ਹਨ। ਉਹਨਾਂ ਕਿਹਾ ਕਿ ਹੁਣ ਨਵਾਂ ਰੁਝਾਨ ਆ ਗਿਆ ਹੈ ਕਿ ਮੁੱਖ ਮੰਤਰੀ ਫੌਰੀ ਰਾਹਤ ਦਾ ਐਲਾਨ ਕਰ ਦਿੰਦੇ ਹਨ ਪਰ ਇਹ ਰਾਹਤ ਕਦੇ ਵੀ ਕਿਸਾਨਾਂ ਤੱਕ ਨਹੀਂ ਪਹੁੰਚਦੀ। ਉਹਨਾਂ ਕਿਹਾ ਕਿ ਅਸੀਂ ਇਹ ਗੱਲ ਪਹਿਲਾਂ ਪਿਛਲੇ ਮਹੀਨੇ ਹੋਈ ਭਾਰੀ ਬਰਸਾਤ ਤੇ ਗੁਲਾਬੀ ਸੁੰਡੀ ਦੇ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦੇ ਮਾਮਲੇ ਵਿਚ ਗਿਰਦਾਵਰੀ ਦੇ ਕੀਤ ਐਲਾਨ ਵਿਚ ਵੇਖੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਦੋਹਾਂ ਮਾਮਲਿਆਂ ਵਿਚ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਰਾਹਤ ਦੇ ਰਹੀ ਹੈ ਤੇ ਉਸਨੇ ਇਸਦੇ ਇਸ਼ਤਿਹਾਰ ਵੀ ਜਾਰੀ ਕਰ ਦਿੱਤੇ ਜਦਕਿ ਅਸੀਅਤ ਵਿਚ ਕਿਸੇ ਵੀ ਕਿਸਾਨ ਨੁੰ ਇਕ ਰੁਪਿਆ ਵੀ ਰਾਹਤ ਨਹੀਂ ਮਿਲੀ।
ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਮੁਰਖ ਬਣਾਉਣ ਦਾ ਯਤਨ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਭਾਰੀ ਬਰਸਾਤ ਤੇ ਗੁਲਾਬੀ ਸੁੰਡੀ ਨਾਲ ਹੋਏ ਹਮਲੇ ਕਾਰਨ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਦੇ ਚੈਕ ਇਕ ਹਫਤੇ ਦੇ ਅੰਦਰ ਅੰਦਰ ਕਿਸਾਨਾਂ ਨੁੰ ਦੇਣ ਦੀ ਹਦਾਇਤ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਹੁਣ ਨਵੇਂ ਸਿਰੇ ਤੋਂ ਹੋਈ ਭਾਰੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਗਈ ਫਸਲ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਇਕ ਹਫਤੇ ਦੇ ਅੰਦਰ ਅੰਦਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਅਤੇ ਪੈਸਾ ਸਬੰਧਤ ਕਿਸਾਨਾਂ ਨੁੰ ਅਦਾ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਅਗਲੀ ਕਣਕ ਦੀ ਫਸਲ ਦੀ ਬਿਜਾਈ ਕਰ ਸਕਣ।