ਚੰਡੀਗੜ੍ਹ/16 ਜਨਵਰੀ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਖੁਲਾਸਾ ਕੀਤਾ ਕਿ ਮੀਡੀਆ ਦੇ ਕੁੱਝ ਹਿੱਸਿਆਂ ਵੱਲੋਂ ਅਕਾਲੀ ਦਲ ਅੰਦਰ ਵਿਰੋਧਤਾ ਹੋਣ ਦਾ ਭੁਲੇਖਾ ਖੜ੍ਹਾ ਕਰਨ ਲਈ ਰਾਈ ਦਾ ਪਹਾੜ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਸਾਂਸਦ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹਨਾਂ ਵੱਲੋਂ ਕੋਰ ਕਮੇਟੀ ਮੀਟਿੰਗ ਵਿੱਚੋਂ ਅਧਵਾਟੇ ਉੱਠ ਕੇ ਜਾਣ ਦੇ ਗਲਤ ਅਰਥ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਂ ਸਪੱਸ਼ਟ ਦੱਸਦਾ ਹਾਂ ਕਿ ਮੈਨੂੰ ਕੁੱਝ ਟਾਲੇ ਨਾ ਸਕਣ ਵਾਲੇ ਜਰੂਰੀ ਰੁਝੇਂਵਿਆਂ ਕਰਕੇ ਕੋਰ ਕਮੇਟੀ ਦੀ ਮੀਟਿੰਗ ਵਿਚੋਂ ਅਧਟਾਵੇ ਉੱਠ ਕੇ ਜਾਣਾ ਪਿਆ ਸੀ। ਮੀਟਿੰਗ ਵਿਚੋਂ ਜਾਣ ਤੋਂ ਪਹਿਲਾਂ ਮੈਂ ਅਕਾਲੀ ਦਲ ਪ੍ਰਧਾਨ ਤੋਂ ਆਗਿਆ ਲਈ ਸੀ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਾਂਸਦ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕੀਤੇ ਜਾਣ ਸਮੇਤ ਮੀਟਿੰਗ ਵਿਚ ਲਏ ਗਏ ਸਾਰਿਆਂ ਫੈਸਲਿਆਂ ਨਾਲ ਮੈਂ ਪੂਰੀ ਤਰ੍ਹਾਂ ਸਹਿਮਤ ਹਾਂ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸਮੁੱਚੀ ਪਾਰਟੀ ਪੂਰੀ ਮਜ਼ਬੂਤੀ ਨਾਲ ਪਾਰਟੀ ਪ੍ਰਧਾਨ ਦੇ ਪਿੱਛੇ ਖੜ੍ਹੀ ਹੈ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਉਤੇ ਫਖ਼ਰ ਮਹਿਸੂਰ ਕਰਦੀ ਹੈ। ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੇ ਉਪ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਤਰੱਕੀ ਦੇ ਰਾਹ ਉੱਤੇ ਬਹੁਤ ਅੱਗੇ ਲੈ ਕੇ ਗਏ ਹਨ ਅਤੇ ਉਹ ਵਿਕਾਸ-ਪੁਰਸ਼ ਵਜੋਂ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਸਰਦਾਰ ਬਾਦਲ ਦੀ ਸੁਚੱਜੀ ਅਗਵਾਈ ਦੌਰਾਨ ਹੀ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਿਆ ਸੀ ਅਤੇ ਸੂਬੇ ਅੰਦਰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਉਸਾਰੀ ਤੋਂ ਇਲਾਵਾ ਸੜ੍ਹਕਾਂ ਦਾ ਜਾਲ ਵਿਛਾਇਆ ਗਿਆ ਸੀ।