ਹਰਸਿਮਰਤ ਬਾਦਲ ਨੇ ਪੀੜਤ ਪਰਿਵਾਰਾਂ ਨੂੰ ਡਾਕਟਰ ਜਯਸ਼ੰਕਰ ਨੂੰ ਮਿਲਾਇਆ
ਕਿਹਾ ਕਿ ਅਕਾਲੀ ਦਲ ਇਹਨਾਂ ਨੌਜਵਾਨਾਂ ਦੀ ਵਾਪਸੀ ਦਾ ਕਿਰਾਇਆ ਅਦਾ ਕਰੇਗਾ
ਚੰਡੀਗੜ੍ਹ/13 ਜੂਨ: ਕੇਂਦਰੀ ਫੂਡ ਸਪਲਾਈ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਦੱਸਿਆ ਕਿ ਵਿਦੇਸ਼ ਮਾਮਲਿਆਂ ਦੇ ਮੰਤਰੀ ਡਾਕਟਰ ਜਯਸ਼ੰਕਰ ਨੇ ਇਰਾਕ ਵਿਚਲੇ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਇਰਬਿਲ ਸਿਟੀ ਵਿਚ ਫਸੇ ਸੱਤ ਪੰਜਾਬੀ ਨੌਜਵਾਨਾਂ ਦੀ ਤੁਰੰਤ ਵਾਪਸੀ ਲਈ ਫੌਰੀ ਲੋੜੀਂਦੇ ਕਦਮ ਚੁੱਕਣ।
ਬੀਬਾ ਬਾਦਲ ਅੱਜ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਇਰਾਕ ਵਿਚ ਫਸੇ ਪੰਜਾਬੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਦੇਸ਼ ਮੰਤਰੀ ਨੂੰ ਮਿਲੇ। ਉਹਨਾਂ ਦੱਸਿਆ ਕਿ ਇਰਾਕ ਵਿਚ ਭਾਰਤ ਦੇ ਕੌਂਸਲ ਜਨਰਲ ਸ੍ਰੀ ਚੰਦਰਾਮੌਲੀ ਕੇ ਕਰਨ ਵੀ ਇਸ ਮੀਟਿੰਗ ਦਾ ਹਿੱਸਾ ਸਨ, ਜਿਹਨਾਂ ਨੇ ਪੀੜਤ ਮਾਪਿਆਂ ਅਤੇ ਬੀਬਾ ਬਾਦਲ ਨੂੰ ਕੌਂਸਲੇਟ ਵਲੋਂ ਨੌਜਵਾਨਾਂ ਦੀ ਦੇਖ-ਭਾਲ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਇਆ। ਕੌਂਸਲ ਜਨਰਲ ਨੇ ਇਹ ਵੀ ਦੱਸਿਆ ਕਿ ਦੂਤਾਵਾਸ ਦਾ ਸਟਾਫ ਇਹਨਾਂ ਨੌਜਵਾਨਾਂ ਨਾਲ ਸੰਪਰਕ ਵਿਚ ਹੈ ਅਤੇ ਉਹਨਾਂ ਨੂੰ ਵਿੱਤੀ ਸਹਾਇਤਾ ਸਣੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾ ਰਿਹਾ ਹੈ। ਸ੍ਰੀ ਕਰਨ ਨੇ ਕਿਹਾ ਕਿ ਲੋੜ ਪੈਣ ਤੇ ਇਹਨਾਂ ਨੌਜਵਾਨਾਂ ਨੂੰ ਹੋਰ ਵਿੱਤੀ ਮੱਦਦ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਜਦੋਂ ਤੋਂ ਨੌਜਵਾਨਾਂ ਨੇ ਆਪਣੇ ਨਾਲ ਹੋਈ ਠੱਗੀ ਬਾਰੇ ਸ਼ਿਕਾਇਤ ਦਿੱਤੀ ਹੈ, ਇਸ ਸੰਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ।
ਪੀੜਤ ਪਰਿਵਾਰਾਂ ਦੀ ਵਿਥਿਆ ਸੁਣਨ ਤੋਂ ਬਾਅਦ ਡਾਕਟਰ ਜਯਸ਼ੰਕਰ ਨੇ ਕਿਹਾ ਕਿ ਭਾਰਤੀ ਕੌਂਸਲੇਟ ਵੱਲੋਂ ਇਹਨਾਂ ਨੌਜਵਾਨਾਂ ਦੀ ਵਤਨ ਵਾਪਸੀ ਲਈ ਕਾਨੂੰਨੀ ਕਾਰਵਾਈਆਂ ਮੁਕੰਮਲ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਬੀਬਾ ਬਾਦਲ ਨੇ ਵਿਦੇਸ਼ ਮੰਤਰੀ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਟਿਕਟਾਂ ਦਾ ਖਰਚਾ ਅਦਾ ਕਰੇਗਾ। ਪੀੜਤ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਦੂਤਾਵਾਸ ਸਟਾਫ ਵੱਲੋਂ ਚੁੱਕੇ ਕਦਮਾਂ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਹੁਣ ਉਹ ਆਪਣੀ ਬੱਚਿਆਂ ਦੀ ਵਤਨ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਸ ਕੇਸ ਬਾਰੇ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹਨਾਂ ਸੱਤ ਨੌਜਵਾਨਾਂ ਨੂੰ ਇਰਾਕ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਟਰੈਵਲ ਏਜੰਟਾਂ ਦੁਆਰਾ ਠੱਗਿਆ ਗਿਆ ਸੀ। ਉਹਨਾਂ ਕਿਹਾ ਕਿ ਏਜੰਟਾਂ ਨੇ ਉਹਨਾਂ ਦੇ ਜਰੂਰੀ ਦਸਤਾਵੇਜ਼ ਤਿਆਰ ਕਰਵਾਉਣ ਦੇ ਪੈਸੇ ਲੈ ਲਏ, ਪਰ ਉਹਨਾਂ ਨੂੰ ਇਹ ਦਸਤਾਵੇਜ਼ ਸੌਂਪੇ ਨਹੀਂ, ਜਿਹਨਾਂ ਨਾਲ ਉਹ ਇਰਾਕ ਵਿਚ ਕੰਮ ਕਰਨ ਦੇ ਯੋਗ ਹੋ ਜਾਂਦੇ। ਉਹਨਾਂ ਕਿਹਾ ਕਿ ਨੌਜਵਾਨਾਂ ਨੇ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆਪਣੀ ਵਾਪਸੀ ਵਾਸਤੇ ਅਪੀਲ ਕੀਤੀ ਹੈ ਅਤੇ ਉਹਨਾਂ ਧੋਖੇਬਾਜ਼ ਏਜੰਟਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ, ਜਿਹਨਾਂ ਨੇ ਉਹਨਾਂ ਨੂੰ ਬਿਨਾਂ ਪਹਿਚਾਣ ਪੱਤਰਾਂ ਤੋਂ ਬਿਗਾਨੇ ਮੁਲਕ ਵਿਚ ਰੁਲਣ ਲਈ ਛੱਡ ਦਿੱਤਾ।
ਪੀੜਤ ਪਰਿਵਾਰਾਂ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਸਮੇਂ ਫਿਲੌਰ ਦੇ ਵਿਧਾਇਕ ਬਲਦੇਵ ਖਹਿਰਾ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਵੀ ਹਾਜ਼ਿਰ ਸਨ।
ਪੀੜਤ ਪਰਿਵਾਰਾਂ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਸਮੇਂ ਫਿਲੌਰ ਦੇ ਵਿਧਾਇਕ ਬਲਦੇਵ ਖਹਿਰਾ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਵੀ ਹਾਜ਼ਿਰ ਸਨ।