ਅੰਮ੍ਰਿਤਸਰ , 30 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਆਗਿਆ ਨਾ ਦੇਣ ’ਤੇ ਸਥਾਨਕ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਥਾਨਕ ਪ੍ਰਸ਼ਾਸਨ ਨੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੱਲ੍ਹ ਕੀਤੇ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣ ਦੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਕੋਰੋਨਾ ਨਿਯਮਾਂ ਦੇ ਮੁਤਾਬਕ ਇਹ ਪ੍ਰੋਗਰਾਮ ਬਿਲਕੁਲ ਘਟਾ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਇਤਿਹਾਸਕ ਮਹੱਤਤਾ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਮਹਿਸੂਸ ਕੀਤਾ ਸੀ ਕਿ ਇਸ ’ਚ ਸ਼ਾਮਲ ਹੋਣਾ ਉਨ੍ਹਾਂ ਦਾ ਫਰਜ਼ ਬਣਦਾ ਹੈ।
ਉਨਾਂ ਕਿਹਾ ਕਿ ਸ੍ਰੀ ਬਾਦਲ ਕਿਉਕਿ ਅਕਾਲੀ ਦਲ ਦੇ ਪ੍ਰਧਾਨ ਹਨ ਇਸ ਲਈ ਉਨ੍ਹਾਂ ਦਾ ਮੌਕੇ ’ਤੇ ਹਾਜ਼ਰ ਹੋਣਾ ਜ਼ਰੂਰੀ ਸੀ। ਉਹ ਪਹਿਲਾਂ ਹੀ ਕੋਰੋਨਾ ਨਿਯਮਾਂ ਦੀ ਪਾਲਨਾ ਕਰਨ ਲਈ ਦ੍ਰਿੜ ਹਨ। ਉਨਾਂ ਕਿਹਾ ਕਿ ਇਹ ਭਰੋਸਾ ਦੇਣ ਦੇ ਬਾਵਜੂਦ ਵੀ ਇਜਾਜ਼ਤ ਨਾ ਦੇਣਾ ਮੰਦਭਾਗਾ ਹੈ।