ਪ੍ਰੋ. ਚੰਦੂਮਾਜਰਾ ਨੇ ਕਿਹਾ ਲੋਕ ਸਭਾ 'ਚ ਬਿੱਲ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਾਂਗਰਸ ਤੇ ਆਪ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ, ਇਕਸੁਰਤਾ ਨਹੀਂ ਵਿਖਾਈ
ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਪਾਰਟੀ ਪ੍ਰੋਗਰਾਮ ਜਾਰੀ ਕਰੇਗਾ
ਚੰਡੀਗੜ•, 19 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ ਵਿਚ ਸ਼ਾਮਲ ਹੋਣ ਜਦਕਿ ਪਾਰਟੀ ਨੇ ਕਿਹਾ ਕਾਂਗਰਸ ਅਤੇ ਆਪ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਨੂੰ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਕਿਸਾਨ ਹਿੱਤਾਂ ਲਈ ਇਕਸੁਰਤਾ ਨਹੀਂ ਵਿਖਾਈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਿਦਆਂ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਮੁੱਦੇ 'ਤੇ ਇਕ ਸੋਚ ਇਕ ਮੰਚ ਦਾ ਗਠਨ ਕਰਨ ਤੇ ਕਿਹਾ ਕਿ ਪੰਜਾਬ ਇਸ ਮਾਮਲੇ 'ਤੇ ਕਿਸੇ ਵੀ ਤਰੀਕੇ ਦੀ ਵੰਡ ਨਹੀਂ ਸਹਿ ਸਕਦਾ। ਉਹਨਾਂ ਕਿਹਾ ਕਿ ਸਾਰੇ ਕਿਸਾਨ ਸੰਗਠਨਾਂ ਤੇ ਸਿਆਸੀ ਪਾਰਟੀਆਂ ਨੂੰ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਆਪਸੀ ਵੰਡੀਆਂ ਨੇ ਸੂਬੇ ਦਾ ਦਰਿਆਈ ਪਾਣੀਆਂ ਤੇ ਇਸਦੀ ਰਾਜਧਾਨੀ ਦੇ ਮਾਮਲੇ ਵਿਚ ਨੁਕਸਾਨ ਕੀਤਾ ਹੈ।
ਪ੍ਰੋ. ਚੰਦੂਮਾਜਰਾ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿੱਲਾਂ ਖਿਲਾਫ ਪਾਰਟੀ ਦਾ ਇਕ ਪ੍ਰੋਗਰਾਮ ਜਾਰੀ ਕਰੇਗਾ। ਅਸੀਂ ਚੁੱਪ ਨਹੀਂ ਬੈਠਾਂਗੇ। ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਵਾਜ਼ ਚੁੱਕੀ ਹੈ ਤੇ ਹੁਣ ਵੀ ਆਪਣੀ ਪਾਰਟੀ ਦੇ ਅਮੀਰ ਤੇ ਗੌਰਵਮਈ ਇਤਿਹਾਸ ਅਨੁਸਾਰ ਚੁੱਕਦੇ ਰਹਾਂਗੇ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣ ਵਾਸਤੇ 'ਸਾਂਝਾ ਮੰਚ' ਬਣਾਉਣ ਲਈ ਤਿਆਰ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਤੇ ਆਪ ਨੂੰ ਵੀ ਦੋਗਲੀ ਦੀ ਖੇਡ ਖੇਡ ਕੇ ਕਿਸਾਨਾਂ ਨੂੰ ਧੋਖਾ ਦੇਣਾ ਬੰਦ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਇਹ ਪਾਰਟੀਆਂ ਪੰਜਾਬ ਵਿਚ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ ਪਰ ਅਸਲ ਵਿਚ ਇਹ ਇਕ ਦੂਜੇ ਨਾਲ ਰਲੀਆਂ ਹੋਈਆਂ ਹਨ ਅਤੇ ਦਿੱਲੀ ਖਿਲਾਫ ਹਾਂ ਜਾਂ ਨਾ ਦੀ ਲੜਾਈ ਵਿਚ ਸ਼ਾਮਲ ਨਹੀਂ ਹੋ ਰਹੀਆਂ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਤੇ ਆਪ ਨੇ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਦੀ ਮੰਗ ਕਰਦੇ ਬਿੱਲ 'ਤੇ ਵੋਟਾਂ ਦੀ ਡਵੀਜ਼ਨ ਦੀ ਮੰਗ ਕੀਤੀ ਹੁੰਦੀ ਤਾਂ ਭਾਜਪਾ ਖੇਤੀਬਾੜੀ ਬਿੱਲਾਂ ਨੂੰ ਪੇਸ਼ ਕਰਨਾ ਟਾਲਣ ਵਾਸਤੇ ਮਜਬੂਰ ਹੋ ਜਾਂਦੀ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਨੂੰ ਪ੍ਰਵਾਨਗੀ ਦੇਣ ਵਾਸਤੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਦੇ ਦੋਸ਼ੀ ਹਨ ਬਲਕਿ ਉਹਨਾਂ ਨੇ ਆਪਣੇ ਸੁਝਾਅ ਵੀ ਦਿੱਤੇ ਜੋ ਇਹਨਾਂ ਆਰਡੀਨੈਂਸਾਂ ਨਾਲ ਮੇਲ ਖਾਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਸਮੁੱਚੇ ਕਿਸਾਨ ਭਾਈਚਾਰੇ ਦੇ ਵਿਸ਼ਵਾਸ ਨਾਲ ਧੋਖਾ ਕਰਨਾ ਹੈ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਨਾ ਹੀ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਇਕ ਸ਼ਬਦ ਹੀ ਬੋਲਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਦੋਵੇਂ ਪਾਰਟੀਆਂ ਹੁਣ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ।
ਅਕਾਲੀ ਆਗੂ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐਨ ਡੀ ਏ ਸਰਕਾਰ ਵਿਚ ਹੁੰਦਿਆਂ ਸਿੱਖ ਮਸਲੇ ਉਠਾਏ ਹਨ। ਉਹਨਾਂ ਕਿਹਾ ਕਿ ਅਸੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸਜ਼ਾ ਦੁਆਉਣ, ਵਿਦੇਸ਼ਾਂ ਵਿਚਲੇ ਭਾਰਤੀ ਦੂਤਾਵਾਸਾਂ ਵਿਚ ਰੱਖੀ ਕਾਲੀ ਸੂਚੀ ਖਤਮ ਕਰਵਾਉਣ, ਕਰਤਾਰਪੁਰ ਸਾਹਿਬ ਲਾਂਘਾ ਖੁਲ•ਵਾਉਣ ਅਤੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਤੇ ਤਰਨਤਾਰਨ ਨੂੰ ਸ੍ਰੀ ਅੰਮ੍ਰਿਤਸਰ ਨਾਲ ਜੰਮੂ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਪ੍ਰਾਜੈਕਟ ਰਾਹੀਂ ਜੋੜਨ ਵਿਚ ਸਫਲ ਹੋਏ ਹਾਂ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਸੀਂ ਭਾਜਪਾ ਨੂੰ ਆਪਣੀਆਂ ਚਿੰਤਾਵਾਂ ਦੱਸੀਆਂ ਤੇ ਕਿਸਾਨ ਭਾਈਚਾਰੇ ਦੀਆਂ ਭਾਵਨਾਵਾਂ ਤੋਂ ਇਸਦੀ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਪਰ ਉਹਨਾਂ ਨੇ ਮਸਲਾ ਹੱਲ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਨਹੀਂ ਹੋਵਾਂਗੇ ਤੇ ਅਸੀਂ ਉਹਨਾਂ ਲਈ ਤੇ ਪੰਜਾਬ ਲਈ ਨਿਆਂ ਹਾਸਲ ਕਰਨ ਵਾਸਤੇ ਆਪਣਾ ਸੰਘਰਸ਼ ਜਾਰੀ ਰੱਖਾਂਗੇ।