ਕਿਹਾ ਕਿ ਢੀਂਡਸਾ ਨੇ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕੀਤਾ
ਕਿਹਾ ਕਿ ਢੀਂਡਸਾ ਧੜਾ ਤੇ ਆਪ ਹੁਣ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਏਜੰਟ ਬਣੇ
ਚੰਡੀਗੜ•, 7 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਸੁਖਦੇਵ ਸਿੰਘ ਢੀਂਡਸਾ ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਰਚੀ ਗਈ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤਣਾ ਗੈਰ ਕਾਨੂੰਨੀ ਹੈ ਤੇ ਇਹ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਵੇਗੀ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਮੁਹੱਲਾ ਪੱਧਰੀ ਮੀਟਿੰਗ ਕਰ ਕੇ ਇਹ ਝੂਠਾ ਦਾਅਵਾ ਨਹੀਂ ਕਰ ਸਕਦਾ ਕਿ 100 ਸਾਲ ਪੁਰਾਣੀ ਪਾਰਟੀ ਦੀ ਥਾਂ ਉਸਨੇ ਨਵੀਂ ਪਾਰਟੀ ਬਣਾਈ ਹੈ। ਉਹਨਾਂ ਕਿਹਾ ਕਿ ਢੀਂਡਸਾ ਚੰਗੀ ਤਰ•ਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨਕ ਮੁਤਾਬਕ ਅਜਿਹਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਢੀਂਡਸਾ ਨੂੰ ਆਪਣੇ ਤਰੀਕੇ ਚੱਲਣ ਦਾ ਲੋਕਤੰਤਰੀ ਅਧਿਕਾਰ ਹੈ ਪਰ ਸਾਡਾ ਇਤਰਾਜ਼ ਤਾਂ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤ ਕੇ ਕੀਤਾ ਗਿਆ ਫਰਾਡ ਹੈ। ਉਹਨਾਂ ਕਿਹਾ ਕਿ ਉਹ ਚੰਗੀ ਤਰ•ਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨ ਵਿਚ ਇਹ ਅੰਕਿਤ ਹੈ ਕਿ ਪਾਰਟੀ ਦਾ ਢਾਂਚਾ ਤੇ ਡੈਲੀਗੇਟ ਤੇ ਹੀ ਪਾਰਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕਰਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਕਰਨਾ ਉਹਨਾਂ ਵਰਗੇ ਆਪੂ ਨੂੰ ਸੋਭਾ ਨਹੀਂ ਦਿੰਦਾ।
ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ੍ਰੀ ਢੀਂਡਸਾ ਨੇ ਕਾਂਗਰਸ ਦੇ ਇਸ਼ਾਰੇ 'ਤੇ ਕੁਝ ਲੋਕ ਇਕੱਠੇ ਕੀਤੇ। ਕੁਝ ਹੋਰ ਬਲਵੰਤ ਸਿੰਘ ਰਾਮੂਵਾਲੀਆ ਤੇ ਮਨਜੀਤ ਸਿੰਘ ਜੀ. ਕੇ. ਵਰਗੇ ਆਗੂਆਂ ਦੇ ਕਹਿਣ 'ਤੇ ਆਏ ਪਰ ਇਸ ਤੋਂ ਸਪਸ਼ਟ ਹੈ ਕਿ ਉਹਨਾਂ ਦੀ ਆਪੋ ਆਪਣੀ ਜਥੇਬੰਦੀ ਹੈ ਤੇ ਉਹਨਾਂ ਨੇ ਨਵੀਂ ਜਥੇਬੰਦੀ ਵਿਚ ਸ਼ਾਮਲ ਹੋਣ ਲਈ ਆਪਣੀਆਂ ਜਥੇਬੰਦੀਆਂ ਭੰਗ ਨਹੀਂ ਕੀਤੀਆਂ।
ਅਕਾਲੀ ਆਗੂ ਨੇ ਕਿਹਾ ਕਿ ਸ੍ਰੀ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੀ ਨਿਰਾਦਰ ਕੀਤਾ ਹੈ। ਉਹਨਾਂ ਕਿਹਾ ਕਿ ਢੀਂਡਸਾ ਨੇ ਬਜ਼ੁਰਗ ਆਗੂ ਦੇ ਹਸਪਤਾਲ ਵਿਚੋਂ ਬਾਹਰ ਆਉਣ ਦੀ ਉਡੀਕ ਤੱਕ ਨਹੀਂ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣਨ ਲਈ ਕੀਤੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸ੍ਰੀ ਢੀਂਡਸਾ ਵੱਲੋਂ ਇਹ ਪੇਸ਼ਕਸ਼ ਠੁਕਰਾਉਣ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਲੜਨਾ ਨਹੀਂ ਬਲਕਿ ਉਸਦਾ ਪ੍ਰਧਾਨ ਬਣਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਸਿਰਫ ਉਹਨਾਂ ਦੀਆਂ ਇੱਛਾਵਾਂ ਦਾ ਮਾਮਲਾ ਹੈ ਕਿਉਂਕਿ ਉਹਨਾਂ ਨੇ ਤਾਂ ਸ੍ਰੀ ਬ੍ਰਹਮਪੁਰਾ ਨੂੰ ਵੀ ਪ੍ਰਧਾਨ ਮੰਨਣ ਤੋਂ ਨਾਂਹ ਕਰ ਦਿੱਤੀ।
ਅਕਾਲੀ ਆਗੂ ਨੇ ਕਿਹਾ ਕਿ ਇਕ ਤੋਂ ਬਾਅਦ ਇਕ ਸੱਚਾਈ ਸਾਹਮਣੇ ਆ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਸਪਸ਼ਟ ਹੋ ਰਿਹਾ ਹੈ ਕਿ ਇਹ ਕਾਂਗਰਸ ਪਾਰਟੀ ਹੀ ਹੈ ਜਿਸਨੇ ਢੀਂਡਸਾ ਦਾ ਮਾਰਗ ਦਰਸ਼ਨ ਕੀਤਾ ਤੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਰੱਲਣ ਤੋਂ ਇਸ ਡਰ ਕਰ ਕੇ ਰੋਕਿਆ ਕਿ ਕਿਤੇ ਹਿੰਦੂ ਵੋਟ ਬੈਂਕ ਨਾ ਖਿਸਕ ਜਾਵੇ। ਉਹਨਾਂ ਕਿਹਾ ਕਿ ਅਸੀਂ ਟਕਸਾਲੀ ਆਗੂਆਂ ਦਾ ਸਨਮਾਨ ਕਰਦੇ ਹਾਂ ਕਿਉਂਕਿ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਸ੍ਰੀ ਢੀਂਡਸਾ ਨੂੰ ਕਾਂਗਰਸ ਦੇ ਕਹਿਣ 'ਤੇ ਟਕਸਾਲੀ ਸ਼ਬਦ ਵਰਤਣ ਤੋਂ ਭੱਜਣਾ ਨਹੀਂ ਚਾਹੀਦਾ ਸੀ।
ਡਾ. ਚੀਮਾ ਨੇ ਇਹ ਵੀ ਸਪਸ਼ਟ ਕੀਤਾ ਕਿ ਢੀਂਡਸਾ ਧੜਾ ਤੇ ਆਮ ਆਦਮੀ ਪਾਰਟੀ ਹੁਣ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਏਜੰਟ ਬਣ ਗਏ ਹਨ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਕਾਂਗਰਸ ਦੇ ਇਸ਼ਾਰੇ 'ਤੇ ਅਕਾਲੀ ਦਲ ਦੇ ਖਿਲਾਫ ਵੱਡਾ ਗਠਜੋੜ ਬਣਾਉਣ ਦਾ ਯਤਨ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕ ਇਸ ਸਾਜ਼ਿਸ਼ ਨੂੰ ਸਮਝਦੇ ਹਨ ਤੇ ਉਹ ਇਹਨਾਂ ਦੋਹਾਂ ਨੂੰ ਠੁਕਰਾ ਦੇਣਗੇ।
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਇਹ 100 ਸਾਲ ਪੁਰਾਣੀ ਪਾਰਟੀ ਹੈ ਅਤੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਹੈ। ਉਹਨਾਂ ਕਿਹਾ ਕਿ ਜਿਸ ਪਾਰਟੀ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ ਤੇ ਉਸਨੇ ਮੌਜੂਦਾ ਪੰਜਾਬ ਦੀ ਸਿਰਜਣਾ ਤੋਂ ਇਲਾਵਾ ਪੰਜਾਬੀਅਤ ਪ੍ਰਤੀ ਅਹਿਮ ਭੂਮਿਕਾ ਅਦਾ ਕੀਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਤੰਤਰੀ ਪ੍ਰਕਿਰਿਆ ਵਿਚ ਵਿਸ਼ਵਾਸ ਰੱਖਦਾ ਹੈ। ਉਹਨਾਂ ਕਿਹਾ ਕਿ ਕਈ ਲੋਕਾਂ ਨੇ ਪਾਰਟੀ ਤੋਂ ਟੁੱਟ ਤੇ ਆਪਣੀਆਂ ਜਥੇਬੰਦੀਆਂ ਬਣਾਈਆਂ । ਇਹ ਭਾਵੇਂ ਉਹਨਾਂ ਦਾ ਅਧਿਕਾਰ ਹੈ ਪਰ ਕੋਈ ਵੀ ਉਸ ਪਾਰਟੀ ਦੇ ਨਾਂ 'ਤੇ ਦਾਅਵਾ ਨਹੀਂ ਕਰ ਸਕਦਾ ਜਿਸ ਵਿਚੋਂ ਉਸਨੂੰ ਕੱਢਿਆ ਗਿਆ ਹੋਵੇ ਤੇ ਸ੍ਰੀ ਢੀਂਡਸਾ ਦੇ ਮਾਮਲੇ ਵਿਚ ਵੀ ਅਜਿਹਾ ਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਤੇ ਪਾਰਟੀ ਦੇ ਦਫਤਰ ਸਕੱਤਰ ਸ੍ਰੀ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।