ਹਰਿਆਣਾ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਿਸਾਨਾਂ ਨਾਲ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ
ਸਿਰਸਾ/17 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਪੁਲਵਾਮਾ ਹਮਲਾ ਕਰਵਾਉਣ ਲਈ ਪਾਕਿਸਤਾਨ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ। ਇਸ ਦੇ ਨਾਲ ਹੀ ਉਹਨਾਂ ਹਰਿਆਣਾ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸੂਬੇ ਅੰਦਰ ਬਣਨ ਵਾਲੀ ਨਵੀਂ ਸਰਕਾਰ ਦਾ ਭਾਈਵਾਲ ਹੋਇਆ ਤਾਂ ਉਹਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
ਇੱਥੇ ਨਵੀਂ ਅਨਾਜ ਮੰਡੀ ਵਿਚ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਜ਼ਲੀਆਂ ਭੇਂਟ ਕੀਤੀਆਂ ਅਤੇ ਕਿਹਾ ਕਿ ਉਹਨਾਂ ਵੱਲੋਂ ਮਾਂ-ਭੂਮੀ ਵਾਸਤੇ ਕੀਤੀ ਕੁਰਬਾਨੀ ਨੂੰ ਬੇਕਾਰ ਨਹੀਂ ਜਾਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪਾਕਿਸਤਾਨ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ। ਉਹਨਾਂ ਕਿਹਾ ਕਿ ਪਾਕਿਸਤਾਨ ਜੰਮੂ ਅਤੇ ਕਸ਼ਮੀਰ ਅੰਦਰ ਉਸੇ ਤਰ•ਾਂ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਤਰ•ਾਂ ਇਸ ਨੇ ਪੰਜਾਬ ਅਤੇ ਹਰਿਆਣਾ ਵਿਚ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਅਜਿਹੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇੱਕਜੁਟ ਹੋਣ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਵਾਸਤੇ ਅਕਾਲੀ ਦਲ ਹਮੇਸ਼ਾਂ ਮੋਹਰੀ ਰਿਹਾ ਹੈ। ਹਰਿਆਣਾ ਵਿਚ ਪੰਜਾਬੀਆਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਵਾਲੀ ਪਾਰਟੀ ਦੀ ਲੋੜ ਹੈ ਅਤੇ ਅਕਾਲੀ ਦਲ ਉਹਨਾਂ ਦੀ ਅਗਵਾਈ ਕਰਨ ਵਾਸਤੇ ਸਭ ਤੋਂ ਢੁੱਕਵੀਂ ਅਤੇ ਕਾਬਿਲ ਪਾਰਟੀ ਹੈ। ਉਹਨਾਂ ਕਿਹਾ ਕਿ ਪੰਜਾਬੀ ਹਰਿਆਣਾ ਦੀਆਂ 30 ਤੋਂ 40 ਸੀਟਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇ ਕੇ ਅਤੇ ਗਰੀਬ ਤਬਕਿਆਂ ਵਾਸਤੇ ਆਟਾ ਦਾਲ ਵਰਗੀਆਂ ਨਿਵੇਕਲੀਆਂ ਸਕੀਮਾਂ ਸ਼ੁਰੂ ਕਰਕੇ ਇੱਕ ਲੋਕ ਭਲਾਈ ਵਾਲੇ ਰਾਜ ਦੀ ਨੀਂਹ ਰੱਖੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਰਿਆਣਾ ਦੇ ਪਿੰਡਾਂ ਵਿਚ 100 ਫੀਸਦੀ ਸੀਵਰੇਜ ਅਤੇ ਪਾਣੀ ਦੀਆਂ ਸਹੂਲਤਾਂ ਨੂੰ ਯਕੀਨੀ ਬਣਾ ਕੇ ਹਰ ਪਿੰਡ ਨੂੰ ਇੱਕ ਨਮੂਨੇ ਦਾ ਪਿੰਡ ਬਣਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਜਿਵੇਂ ਹੀ ਹਰਿਆਣਾ ਅੰਦਰ ਸਾਡੀ ਸਰਕਾਰ ਬਣ ਜਾਂਦੀ ਹੈ , ਅਸੀਂ ਇਹ ਸਾਰੀਆਂ ਸਹੂਲਤਾਂ ਹਰਿਆਣਾ ਵਾਸੀਆਂ ਨੂੰ ਦੇਵਾਂਗੇ।
ਕਾਂਗਰਸ ਪਾਰਟੀ ਨੂੰ ਸਿੱਖਾਂ ਦੀ ਸਭ ਤੋਂ ਦੁਸ਼ਮਣ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸੀ ਅਤੇ ਇਸ ਨੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ।
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸ ਮੌਕੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਪਿਹੋਵਾ ਅਤੇ ਦੂਜੀਆਂ ਥਾਂਵਾਂ ਉੱਤੇ ਰੈਲੀਆਂ ਕੀਤੀਆਂ ਜਾਣਗੀਆਂ। ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੂਬੇ ਅੰਦਰ ਪੜਾਅਵਾਰ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪਾਰਟੀ ਆ ਰਹੀਆਂ ਅਸੰਬਲੀ ਚੋਣਾਂ ਕਿਸੇ ਹੋਰ ਪਾਰਟੀ ਨਾਲ ਭਾਈਵਾਲੀ ਕਰਕੇ ਜਾਂ ਫਿਰ ਇਕੱਲਿਆਂ ਹੀ ਲੜਣ ਲਈ ਪੂਰੀ ਤਰ•ਾਂ ਵਚਨਬੱਧ ਹੈ।
ਇਸ ਮੌਕੇ ਉੱਤੇ ਬੋਲਦਿਆਂ ਸੀਨੀਅਰ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਰਟੀ ਦਿੱਲੀ ਵਾਂਗ ਹੀ ਹਰਿਆਣਾ ਅੰਦਰ ਵੀ ਇੱਕ ਵੱਡੀ ਤਾਕਤ ਵਜੋਂ ਉੱਭਰ ਸਕਦੀ ਹੈ। ਉਹਨਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਵਸਦੇ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਦਲ ਉੱਤੇ ਟੇਕ ਰੱਖੀ ਜਾਂਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਅਤੇ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਵਿਚ ਕੋਈ ਵੀ ਤਬਦੀਲੀ ਕਰਨ ਤੋਂ ਰੋਕਣ ਸਮੇਤ ਸਿੱਖਾਂ ਦੇ ਬਹੁਤ ਸਾਰੇ ਮਸਲੇ ਹੱਲ ਕਰਵਾ ਚੁੱਕਿਆ ਹੈ। ਸਰਦਾਰ ਸਿਰਸਾ ਨੇ ਇਹ ਵੀ ਐਲਾਨ ਕੀਤਾ ਕਿ ਭਾਜਪਾ ਹਜ਼ੂਰ ਸਾਹਿਬ ਐਕਟ 1956 ਵਿਚ ਕੀਤੀਆਂ ਸੋਧਾਂ ਨੂੰ ਵਾਪਸ ਲੈ ਕੇ ਇਸ ਐਕਟ ਨੂੰ ਲਾਗੂ ਕਰਨ ਲਈ ਸਹਿਮਤ ਹੋ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਕੌਰ ਸਿੰਘ ਕਾਲਿਆਂਵਾਲੀ, ਸ਼ਰਨਜੀਤ ਸਿੰਘ ਸੋਠਾ, ਵੀਰਭਾਨ ਮਹਿਤਾ, ਕੰਵਲਜੀਤ ਸਿੰਘ ਅਜਰਾਣਾ ਅਤੇ ਹਰਜੀਤ ਸਿੰਘ ਡਿੰਪੀ ਢਿੱਲੋਂ ਵੀ ਹਾਜ਼ਿਰ ਸਨ।