ਚੰਡੀਗੜ੍ਹ/24 ਮਾਰਚ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਛੇ ਮਹੀਨਿਆਂ ਲਈ ਸਹਿਕਾਰੀ ਬੈਂਕਾਂ ਦੀਆਂ ਕਰਜ਼ੇ ਦੀਆਂ ਕਿਸ਼ਤਾਂ ਦੀ ਉਗਰਾਹੀ ਬੰਦ ਕਰ ਦੇਣ ਅਤੇ ਕਿਸਾਨਾਂ ਤੋਂ ਵਿਆਜ ਨਾ ਲਿਆ ਜਾਵੇ। । ਉੁਹਨਾਂ ਇਹ ਵੀ ਕਿਹਾ ਹੈ ਕਿ ਕਿਸਾਨਾਂ ਵੱਲੋਂ ਸਹਿਕਾਰੀ ਬੈਂਕਾਂ ਤੋਂ ਲਏ ਕਰਜ਼ਿਆਂ ਵਾਸਤੇ ਪੰਜਾਬ ਸਰਕਾਰ ਇੱਕ ਵਿਆਪਕ ਕਰਜ਼ਾ ਮੁਆਫੀ ਸਕੀਮ ਲੈ ਕੇ ਆਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਕਰਕੇ ਖੇਤੀ ਸੈਕਟਰ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਜਿਸ ਅੰਦਰ ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਵਿਚ ਖੇਤੀ ਅਰਥ ਵਿਵਸਥਾ ਨੂੰ ਢਹਿ ਢੇਰੀ ਹੋਣ ਤੋਂ ਬਚਾਉਣ ਲਈ ਉੱਚਿਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਨਾ ਪਵੇ।
ਸਰਦਾਰ ਬਾਦਲ ਨੇ ਕਿਹਾ ਕਿ ਸਹਿਕਾਰੀ ਬੈਕਾਂ ਤੋਂ ਲਏ ਕਰਜ਼ੇ ਸੰਬੰਧੀ ਰਾਹਤ ਦੇਣ ਤੋਂ ਇਲਾਵਾ ਸੂਬਾ ਸਰਕਾਰ ਨੂੰ ਇੱਕ ਵਿਆਪਕ ਕਰਜ਼ਾ ਮੁਆਫੀ ਸਕੀਮ ਤਿਆਰ ਕਰਨੀ ਚਾਹੀਦੀ ਹੈ, ਜਿਸ ਦੀ ਲੰਬੇ ਸਮੇਂ ਤੋਂ ਲੋੜ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਇਸ ਤਰ੍ਹਾਂ ਸਰਕਾਰ ਨੂੰ ਖੇਤ ਮਜ਼ਦੂਰਾਂ ਲਈ ਨਗਦੀ ਰਾਹਤ ਦਾ ਐਲਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੋਰਨਾਵਾਇਰਸ ਦੀ ਮਹਾਮਾਰੀ ਨੇ ਖੇਤ ਮਜ਼ਦੂਰਾਂ ਉੱਤੇ ਸਭ ਤੋਂ ਵੱਧ ਅਸਰ ਪਾਇਆ ਹੈ,ਜਿਸ ਕਰਕੇ ਉਹਨਾਂ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਣ ਲਈ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਗਦ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼ਹਿਰਾਂ ਵਿਚ ਰਹਿੰਦੇ ਦਿਹਾੜੀਦਾਰਾਂ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਸਿੱਧੀ ਰਾਹਤ ਦਿੱਤੀ ਜਾਣੀ ਚਾਹੀਦੀ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸੇ ਤਰ੍ਹਾਂ ਸਾਰੇ ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀਆਂ, ਜਿਹਨਾਂ ਵਿਚ ਬਜ਼ੁਰਗ ਅਤੇ ਵਿਧਵਾਵਾਂ ਸ਼ਾਮਿਲ ਹਨ, ਨੂੰ ਇੱਕ ਮਹੀਨੇ ਦੀ ਅਗਾਂਊਂ ਪੈਨਸ਼ਨ ਦੇਣੀ ਚਾਹੀਦੀ ਹੈ ਅਤੇ ਨਾਲ ਹੀ ਉਹਨਾਂ ਦੀਆਂ ਸਾਰੀਆਂ ਬਕਾਇਆ ਪੈਨਸ਼ਨਾਂ ਤੁਰੰਤ ਜਾਰੀ ਕਰਨੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕਿਉਂਕਿ ਆਟਾ ਦਾਲ ਸਕੀਮ ਨੂੰ ਜਾਰੀ ਰੱਖਣਾ ਸੰਭਵ ਨਹੀਂ ਹੋ ਸਕੇਗਾ, ਇਸ ਲਈ ਇਸ ਸਕੀਮ ਤਹਿਤ ਦਿੱਤੇ ਜਾਂਦੇ ਰਾਸ਼ਨ ਦੇ ਬਦਲੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਪੈਸੇ ਪਾਉਣੇ ਚਾਹੀਦੇ ਹਨ ਅਤੇ ਲਾਭਪਾਤਰੀਆਂ ਦੇ ਸਾਰੇ ਬਕਾਏ ਜਾਰੀ ਕਰਨ ਤੋਂ ਇਲਾਵਾ ਉਹਨਾਂ ਨੂੰ ਇਸੇ ਸਕੀਮ ਤਹਿਤ ਇੱਕ ਮਹੀਨੇ ਦੇ ਅਗਾਂਊਂ ਲਾਭ ਵੀ ਦੇਣੇ ਚਾਹੀਦੇ ਹਨ।
ਸਰਦਾਰ ਬਾਦਲ ਨੇ ਅਪੀਲ ਕੀਤੀ ਹੈ ਕਿ ਆ ਰਹੀ ਕਣਕ ਦੀ ਫਸਲ ਦੀ ਖਰੀਦਦਾਰੀ ਲਈ ਇੱਕ ਸਪੈਸ਼ਲ ਯੋਜਨਾ ਬਣਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤਕ ਵੀ ਕਰੋਨਾਵਾਇਰਸ ਦੀ ਬੀਮਾਰੀ ਕਾਬੂ ਵਿਚ ਨਹੀਂ ਆਉਂਦੀ ਤਾਂ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਉਹਨਾਂ ਦੀ ਫਸਲ ਖਰੀਦੀ ਜਾਵੇ ਅਤੇ ਉਸ ਨੂੰ ਉੱਥੇ ਹੀ ਸਟੋਰ ਕਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦਦਾਰੀ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।