ਕਿਹਾ ਕਿ ਮੈਡੀਕਲ ਕਾਲਜ ਦੀ ਇਮਾਰਤ ਅਕਤੂਬਰ 2019 ਤਕ ਤਿਆਰ ਹੋਵੇਗੀ
ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਬਾਰੇ ਪ੍ਰਸਤਾਵ ਭੇਜਦੀ ਹੈ ਤਾਂ ਕੇਂਦਰ ਇਸ ਉੱਤੇ ਗੌਰ ਕਰਨ ਲਈ ਰਾਜ਼ੀ ਹੈ
ਚੰਡੀਗੜ•/22 ਦਸੰਬਰ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਉਹਨਾਂ ਵੱਲੋਂ ਬਠਿੰਡਾ ਏਮਜ਼ ਦੇ ਐਮਬੀਬੀਐਸ ਵਿਦਿਆਰਥੀਆਂ ਦੇ ਪਹਿਲਾਂ ਬੈਚ ਦੀਆਂ ਕਲਾਸਾਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਿਖੇ ਸ਼ੁਰੂ ਕਰਵਾਉਣ ਸੰਬੰਧੀ ਭੇਜੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦੇਣ, ਕਿਉਂਕਿ ਮੈਡੀਕਲ ਕਾਲਜ ਦੀ ਇਮਾਰਤ ਅਕਤੂਬਰ 2019 ਤਕ ਮੁਕੰਮਲ ਹੋਵੇਗੀ।
ਕੇਂਦਰੀ ਮੰਤਰੀ ਨੇ ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਇਹ ਗੱਲ ਵੀ ਉਹਨਾਂ ਧਿਆਨ ਵਿਚ ਲਿਆਂਦੀ ਹੈ ਕਿ ਉਹਨਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨਾਲ ਇਸ ਬਾਬਤ ਗੱਲਬਾਤ ਕਰ ਲਈ ਹੈ ਅਤੇ ਵਾਈਸ-ਚਾਂਸਲਰ ਉਹਨਾਂ ਦੇ ਪ੍ਰਸਤਾਵ ਨਾਲ ਸਹਿਮਤ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਇਸ ਸੰਬੰਧੀ ਪੰਜਾਬ ਸਰਕਾਰ ਪ੍ਰਸਤਾਵ ਭੇਜਦੀ ਹੈ ਤਾਂ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਇਸ ਬਾਰੇ ਵਿਚਾਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।
ਬੀਬੀ ਬਾਦਲ ਨੇ ਮੁੱਖ ਮੰਤਰੀ ਨੂੰ ਚਿੱਠੀ ਰਾਹੀਂ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਹੈ ਕਿ ਇਸ ਕਦਮ ਨਾਲ ਪੰਜਾਬ ਸਰਕਾਰ ਦਾ ਮੈਡੀਕਲ ਦੇ ਵਿਦਿਆਰਥੀਆਂ ਲਈ ਹੋਸਟਲ ਅਤੇ ਲੈਬਾਰਟਰੀਆਂ ਤਿਆਰ ਕਰਨ ਉਤੇ ਹੋਣ ਵਾਲਾ ਵਾਧੂ ਖਰਚਾ ਬਚ ਜਾਵੇਗਾ। ਉਹਨਾਂ ਕਿਹਾ ਕਿ ਬਠਿੰਡਾ ਏਮਜ਼ ਦੇ ਵਿਦਿਆਰਥੀਆਂ ਦੇ ਪਹਿਲੇ ਬੈਚ ਵਾਸਤੇ ਬਾਬਾ ਫਰੀਦ ਯੂਨੀਵਰਸਿਟੀ ਵਿਚ ਲੈਬਾਰਟਰੀ ਅਤੇ ਹੋਸਟਲ ਦੀਆਂ ਸਹੂਲਤਾਂ ਮੌਜੂਦ ਹਨ।
ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਦੂਜੇ ਰਾਜਾਂ ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼, ਜਿੱਥੇ ਏਮਜ਼ ਖੋਲ•ੇ ਜਾ ਰਹੇ ਹਨ, ਨੇ ਵੀ 2019-20 ਬੈਚ ਦੇ ਦਾਖਲੇ ਵਾਸਤੇ ਬਦਲਵੇਂ ਪ੍ਰਬੰਧ ਕੀਤੇ ਹਨ। ਉਹਨਾਂ ਕਿਹਾ ਕਿ ਕਿਉਂਕਿ ਏਮਜ਼ ਪ੍ਰਾਜੈਕਟ ਉਤੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਕਤੂਬਰ 2019 ਤਕ ਮੈਡੀਕਲ ਕਾਲਜ ਦੀ ਇਮਾਰਤ ਤਿਆਰ ਹੋਣ ਦੀ ਸੰਭਾਵਨਾ ਹੈ, ਇਸ ਲਈ ਪੰਜਾਬ ਨੂੰ ਵੀ ਪਹਿਲੇ ਬੈਚ ਲਈ ਬਦਲਵਾਂ ਪ੍ਰਬੰਧ ਕਰਨਾ ਚਾਹੀਦਾ ਹੈ।