ਕਿਹਾ ਕਿ ਇਹ ਨਸਲਕੁਸ਼ੀ ਰਾਜੀਵ ਗਾਂਧੀ ਦੇ ਹੁਕਮਾਂ ਉੱਤੇ ਕੀਤੀ ਗਈ ਸੀ
ਪ੍ਰਧਾਨ ਮੰਤਰੀ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਸਮੇਤ ਸਮੂਹਿਕ ਕਤਲੇਆਮ ਦੇ ਸਾਰੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ
ਚੰਡੀਗੜ•/02 ਜਨਵਰੀ: 1984 ਸਿੱਖ ਕਤਲੇਆਮ ਦੇ ਪੀੜਤ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਮਿਲੇ ਅਤੇ ਉਹਨਾਂ ਨੂੰ ਆਪਣੇ ਦਰਦਨਾਕ ਕਹਾਣੀਆਂ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਹਨਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਸਮੇਤ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਜਰੂਰੀ ਕਦਮ ਚੁੱਕਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਹਨਾਂ ਪੀੜਤ ਪਰਿਵਾਰਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੁਕਮਾਂ ਉਤੇ ਕਾਂਗਰਸੀ ਗੁੰਡਿਆਂ ਦੁਆਰਾ ਉਹਨਾਂ ਦੇ ਪਰਿਵਾਰਕ ਜੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ 34 ਸਾਲ ਤੋਂ ਸਿੱਖ ਕਤਲੇਆਮ ਵਿਚ ਸ਼ਾਮਿਲ ਰਹੇ ਕਾਂਗਰਸੀ ਆਗੂਆਂ ਦੀ ਪੁਸ਼ਤਪਨਾਹੀ ਕਰਦੀ ਆ ਰਹੀ ਹੈ ਅਤੇ ਰਕਾਬਗੰਜ ਗੁਰਦੁਆਰਾ ਸਾਹਿਬ ਦੇ ਸਾਹਮਣੇ ਸਿੱਖਾਂ ਦਾ ਸਮੂਹਿਕ ਕਤਲੇਆਮ ਕਰਵਾਉਣ ਵਾਲੇ ਕਾਂਗਰਸੀ ਆਗੂ ਕਮਲ ਨਾਥ ਨੂੰ ਹਾਲ ਹੀ ਵਿਚ ਇਸ ਨੇ ਮੱਧ ਪ੍ਰਦੇਸ਼ ਦਾ ਮੁੱਥਖ ਮੰਤਰੀ ਥਾਪਿਆ ਹੈ।
ਆਪਣੇ ਪਰਿਵਾਰਕ ਜੀਆਂ ਨੂੰ ਸਿੱਖ ਕਤਲੇਆਮ ਦੌਰਾਨ ਗੁਆ ਦੇਣ ਵਾਲੀਆਂ ਬੀਬੀ ਜਗਦੀਸ਼ ਕੌਰ ਅਤੇ ਬੀਬੀ ਨਿਰਪ੍ਰੀਤ ਕੌਰ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹਨਾਂ ਨੂੰ ਹੁਣ ਵੀ ਆਪਣੀ ਜਾਨ ਦਾ ਖਤਰਾ ਹੈ, ਕਿਉਂਕਿ ਉਹ ਕਾਂਗਰਸੀ ਆਗੂਆਂ ਖ਼ਿਲਾਫ ਗਵਾਹੀ ਦੇ ਚੁੱਕੀਆਂ ਹਨ। ਉਹਨਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਕਾਂਗਰਸੀ ਸਰਕਾਰਾਂ ਨੇ ਸਬੂਤ ਮਿਟਾਉਣ ਲਈ ਦਿੱਲੀ ਪੁਲਿਸ ਉੱਤੇ ਦਬਾਅ ਪਾਇਆ ਸੀ ਅਤੇ ਮਰਜ਼ੀ ਨਾਲ ਕੇਸ ਵੀ ਬੰਦ ਕਰਵਾ ਦਿੱਤੇ ਸਨ। ਉਹਨਾਂ ਨੇ ਸਿੱਟ ਬਣਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਿਸ ਸਦਕਾ ਕਾਂਗਰਸ ਸਰਕਾਰ ਦੁਆਰਾ ਬੰਦ ਕੀਤੇ ਗਏ ਕੇਸਾਂ ਨੂੰ ਦੁਬਾਰਾ ਖੋਲਿ•ਆ ਗਿਆ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਹਨਾਂ ਦੇ ਇਸ ਕਦਮ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ, ਜਿਸ ਤਹਿਤ ਕਾਂਗਰਸ ਸਰਕਾਰ ਦੁਆਰਾ ਬੰਦ ਕੀਤੇ ਇੱਕ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ।
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਹਨਾਂ ਬੀਬੀਆਂ ਦੇ ਹੌਂਸਲੇ ਦੀ ਸ਼ਲਾਘਾ ਕੀਤੀ, ਜਿਹਨਾਂ ਨੇ ਇਨਸਾਫ ਲੈਣ ਵਾਸਤੇ ਅਨੇਕਾਂ ਔਕੜਾਂ ਝੱਲਦਿਆਂ ਸਾਰੇ ਤਾਕਤਵਰ ਕਾਂਗਰਸੀ ਆਗੂਆਂ ਖ਼ਿਲਾਫ ਗਵਾਹੀ ਦਿੱਤੀ। ਉਹਨਾਂ ਕਿਹਾ ਕਿ ਸ੍ਰੀ ਮੋਦੀ ਨੇ ਕਿਹਾ ਕਿ ਅਜਿਹੀ ਅਸੂਲੀ ਲੜਾਈ ਲੜਣਾ ਸੌਖਾ ਨਹੀਂ ਸੀ ਅਤੇ ਪੀੜਤਾਂ ਨੇ ਇਹ ਲੜਾਈ ਲੜ ਕੇ ਦੂਜਿਆਂ ਲਈ ਮਿਸਾਲ ਕਾਇਮ ਕੀਤੀ ਹੈ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਦੱਸਿਆ ਕਿ ਇਹਨਾਂ ਵਿਚੋਂ ਬਹੁਤ ਸਾਰੇ ਪੀੜਤ ਗੁਰਦਾਸਪੁਰ ਨਾਲ ਸੰਬੰਧਿਤ ਸਨ, ਜਿੱਥੇ ਪ੍ਰਧਾਨ ਮੰਤਰੀ ਕੱਲ• ਨੂੰ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ 1984 ਕਤਲੇਆਮ ਦੇ ਪੀੜਤਾਂ ਦੀ ਇਨਸਾਫ ਵਾਸਤੇ ਲੜਾਈ ਵਿਚ ਮੱਦਦ ਕਰਨਾ ਜਾਰੀ ਰੱਖੇਗਾ ਅਤੇ ਤਦ ਤਕ ਟਿਕ ਕੇ ਨਹੀਂ ਬੈਠੇਗਾ , ਜਦ ਤਕ ਸਾਰੇ ਦੋਸ਼ੀਆਂ ਨੂੰ ਸਜ਼ਾ ਨਹੀਂ ਹੋ ਜਾਂਦੀ।
ਪ੍ਰਧਾਨ ਮੰਤਰੀ ਨੂੰ ਮਿਲਣ ਵਾਲੇ ਇਸ ਵਫ਼ਦ ਵਿਚ ਸਾਂਸਦ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਿਲ ਸਨ।