ਕਿਹਾ ਕਿ ਸੁਖਪਾਲ ਖਹਿਰਾ ਨੇ ਕਾਂਗਰਸ ਪਾਰਟੀ ਨਾਲ ਗਠਜੋੜ ਦੀ ਵਕਾਲਤ ਕਰਕੇ ਅਕਾਲੀ ਦਲ ਦੀ ਦਲੀਲ ਦੀ ਪੁਸ਼ਟੀ ਕੀਤੀ ਕਿ ਆਪ ਕਾਂਗਰਸ ਦੀ ਬੀ ਟੀਮ ਹੈ
ਕਿਹਾ ਕਿ ਹੋਰ ਕਿਸੇ ਨੂੰ ਨੌਕਰੀ ਨਹੀਂ ਮਿਲੀ, ਪਰ ਸਿੱਧੂ ਪਰਿਵਾਰ ਨੂੰ ਦੋ ਨੌਕਰੀਆਂ ਮਿਲ ਗਈਆਂ
ਸ਼ਾਹਕੋਟ/25 ਮਈ: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਸ ਹਲਕੇ ਦੇ ਲੋਕਾਂ ਨੂੰ 28 ਮਈ ਨੂੰ ਆ ਰਹੀ ਜ਼ਿਮਨੀ ਚੋਣ ਵਿਚ ਸਮਾਜ ਦੇ ਹਰ ਵਰਗ ਨੂੰ ਧੋਖਾ ਦੇਣ ਵਾਲੀ ਘਮੰਡੀ ਕਾਂਗਰਸ ਸਰਕਾਰ ਨੂੰ ਕਰਾਰਾ ਸਬਕ ਸਿਖਾਉਣ ਲਈ ਆਖਿਆ ਹੈ।
ਇੱਥੇ ਮੂਲੇਵਾਲ ਖਹਿਰਾ, ਔਲਖ ਅਤੇ ਦੰਡੋਵਾਲ ਵਿਚ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਵਿਚੋਂ ਜਗਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜ਼ਬੂਰ ਕਰਨ ਦਾ ਇੱਕੋ ਇੱਕ ਤਰੀਕਾ ਇਹ ਹੈ ਕਿ ਕਾਂਗਰਸ ਪਾਰਟੀ ਅਤੇ ਰੇਤ ਮਾਈਨਿੰਗ ਮਾਫੀਆ ਦੇ ਸਰਗਨੇ ਹਰਦੇਵ ਸਿੰਘ ਲਾਡੀ ਨੂੰ ਜ਼ਿਮਨੀ ਚੋਣ ਵਿਚ ਕਰਾਰੀ ਹਾਰ ਦਿੱਤੀ ਜਾਵੇ।
ਸਾਬਕਾ ਮੰਤਰੀ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਨੌਜਵਾਨਾਂ ਨੂੰ ਨੌਕਰੀਆਂ ਅਤੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ,ਸਮਾਜ ਭਲਾਈ ਸਕੀਮਾਂ ਦੀ ਰਾਸ਼ੀ ਵਧਾਉਣ ਵਾਸਤੇ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਹੈ ਅਤੇ ਇੱਕ ਮੰਤਰੀ ਘਟੀਆ ਚੁਟਕਲੇ ਸੁਣਾ ਕੇ ਲੋਕਾਂ ਨੂੰ 'ਠੋਕੋ ਤਾਲੀ' ਵਾਸਤੇ ਕਹਿ ਰਿਹਾ ਹੈ।
ਮੰਤਰੀ ਦੇ ਅਜਿਹੇ ਵਤੀਰੇ ਨੂੰ ਕਿਸਾਨਾਂ, ਨੌਜਵਾਨਾਂ ਅਤੇ ਦਲਿਤਾਂ ਦਾ ਨਿਰਾਦਰ ਕਰਨ ਦੇ ਤੁੱਲ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਮੰਤਰੀ ਇਕ ਬੁੱਧੂ ਵਰਗਾ ਵਿਵਹਾਰ ਕਰ ਰਿਹਾ ਹੈ। ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਵਿਚ ਹੋਰ ਕਿਸੇ ਨੂੰ ਤਾਂ ਨੌਕਰੀ ਮਿਲ ਨਹੀਂ ਰਹੀ ਹੈ, ਪਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੇ ਪਰਿਵਾਰ ਨੂੰ ਦੋ ਨੌਕਰੀਆਂ ਦੇ ਦਿੱਤੀਆਂ ਗਈਆਂ ਹਨ। ਸਿੱਧੂ ਦੀ ਪਤਨੀ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਅਤੇ ਉਸ ਦੇ ਬੇਟੇ ਨੂੰ ਅਸਿਸਟੈਂਟ ਐਡਵੋਕੇਟ ਜਨਰਲ ਬਣਾ ਦਿੱਤਾ ਗਿਆ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਹਲਕੇ ਅੰਦਰ ਕਾਂਗਰਸ ਦੀ ਚੋਣ ਮੁਹਿੰਮ ਖਿੱਲਰਨੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਨਮੋਸ਼ੀਜਨਕ ਹਾਰ ਤੋਂ ਬਚਾਉਣ ਲਈ ਸਾਰੀਆਂ ਮੰਤਰੀਆਂ ਨੂੰ ਹਲਕੇ ਵਿਚ ਭੇਜ ਦਿੱਤਾ ਗਿਆ ਹੈ। ਹੁਣ ਤਾਂ ਆਖਿਰ ਮੁੱਖ ਮੰਤਰੀ ਵੀ ਪਹਾੜਾਂ ਤੋਂ ਉੱਤਰ ਕੇ ਆ ਰਹੇ ਹਨ ਅਤੇ ਕੱਲ• ਨੂੰ ਉਹ ਸ਼ਾਹਕੋਟ ਵਿਚ ਵਿਖਾਈ ਦੇਣਗੇ।
ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸ਼ਾਹਕੋਟ ਵਿਚ ਇਸ ਦਾ ਕੋਈ ਵਜੂਦ ਨਹੀਂ ਰਿਹਾ, ਕਿਉਂਕਿ ਇਸ ਦੇ ਬਹੁਤੇ ਆਗੂ ਅਤੇ ਵਰਕਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਉਹਨਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਅਤੇ ਆਪ ਲੀਡਰ ਸੁਖਪਾਲ ਖਹਿਰਾ ਦੇ ਆਏ ਬਿਆਨ ਕਿ ਆਪ ਨੂੰ ਕਾਂਗਰਸ ਨਾਲ ਗਠਜੋੜ ਕਰ ਲੈਣਾ ਚਾਹੀਦਾ ਹੈ, ਨੇ ਅਕਾਲੀ ਦਲ ਦੀ ਦਲੀਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਆਪ ਕਾਂਗਰਸ ਪਾਰਟੀ ਦੀ ਬੀ ਟੀਮ ਹੈ। ਉਹਨਾਂ ਕਿਹਾ ਕਿ ਖਹਿਰਾ ਨੂੰ ਸ੍ਰੀ ਹਰਿਮੰਦਰ ਸਾਹਿਬ ਉੱਤੇ ਟੈਂਕਾਂ ਨਾਲ ਹਮਲਾ ਕਰਨ ਵਾਲੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣ ਵਾਲੀ ਕਾਂਗਰਸ ਪਾਰਟੀ ਨਾਲ ਹੱਥ ਮਿਲਾਉਣ ਲਈ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸ਼ਾਹਕੋਟ ਵਿਚ ਖਰਬੂਜ਼ਾ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਨਾ ਤਾਂ ਗੜ•ੇਮਾਰੀ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਈ ਗਈ ਹੈ ਅਤੇ ਨਾ ਹੀ ਪੀੜਤ ਕਿਸਾਨਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਨੇ ਵੀ ਸੰਬੋਧਨ ਕੀਤਾ।