ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਕਿ ਕੇਂਦਰ ਸਰਕਾਰ ਸਿੱਖ ਸੰਸਥਾਵਾਂ ਦੇ ਮੁਖੀਆਂ ਵਜੋਂ ਆਪਣੀਆਂ ਰੱਬੜ ਦੀ ਮੋਹਰ ਬਿਠਾਉਣਾ ਚਾਹੁੰਦੀ ਹੈ
ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਾਹ ’ਤੇ ਚੱਲੇਗਾ ਤੇ ਸਰਬੱਤ ਦੇ ਭਲੇ ਲਈ ਦ੍ਰਿੜ੍ਹ ਸੰਕਲਪ
ਟਰਾਂਸਪੋਰਟ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਮਾਫੀਆ ਕਹਿਣ ਦੀ ਕੀਤੀ ਜ਼ੋਰਦਾਰ ਨਿਖੇਧੀ
ਅੰਮ੍ਰਿਤਸਰ, 14 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਕੌਮ ਨੂੰਅਪੀਲ ਕੀਤੀ ਕਿ ਸਿੱਖ ਸੰਸਥਾਵਾਂ ਨੂੰ ਤੋੜਨ ਅਤੇ ਉਹਨਾਂ ਦੇ ਸਿਖ਼ਰਲੇ ਅਹੁਦਿਆਂ ’ਤੇ ਆਪਣੀਆਂ ਕਠਪੁਤਲੀਆਂ ਬਿਠਾਉਣ ਦੀ ਸਾਜ਼ਿਸ਼ ਵਿਚ ਲੱਗੀਆਂ ਤਾਕਤਾਂ ਨੁੰ ਮੂੰਹ ਤੋੜ ਜਵਾਬ ਦਿੱਤਾ ਜਾਵੇ।
ਇਥੇ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਦੁਆਰਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਦੀਸਮਾਪਤੀ ਤੇ ਅਰਦਾਸ ਵਿਚ ਸ਼ਾਮਲ ਹੋਣ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਸਿੱਖ ਸੰਸਥਾਵਾਂ ਦੇ ਮੁਖੀਆਂ ਵਜੋਂ ਆਪਣੀਆਂ ਰੱਬੜ ਦੀ ਮੋਹਰ ਲਗਾਉਣਾ ਚਾਹੁੰਦੀ ਹੈ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੇ ਕੌਮ ਦੇ ਮਾਮਲੇ ਵਿਚ ਦਖਲ ਨਹੀਂ ਦੇਣਾ ਚਾਹੀਦਾ। ਸਾਨੂੰ ਧਾਰਮਿਕ ਆਜ਼ਾਦੀ ਦਾ ਹੱਕ ਹੈ ਤੇਇਸਦਾ ਸਨਮਾਨ ਹੋਣਾ ਚਾਹੀਦਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾਕਿ ਅਕਾਲੀ ਦਲ ਹਮੇਸ਼ਾ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਿਆ ਹੈ ਤੇ ਹਮੇਸ਼ਾ ਚਲਦਾ ਰਹੇਗਾ ਤੇ ਸਰਬੱਤ ਦੇ ਭਲੇ ਵਾਸਤੇ ਕੰਮ ਕਰਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਸਾਰੇ ਧਰਮਾਂ ਤੇ ਫਿਰਕਿਆਂ ਦਾ ਸਤਿਕਾਰ ਹੋਵੇ ਅਤੇ ਅਸੀਂ ਇਸ ਉਦੇਸ਼ ਵਾਸਤੇ ਸਭ ਨੂੰ ਨਾਲ ਲੈ ਕੇ ਚੱਲਣ ਲਈ ਦ੍ਰਿੜ੍ਹ ਸੰਕਲਪ ਹਾਂ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈਹੈ ਤੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ ਹੋਵੇਗੀ ਜਿਸ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ ਤਾਂ ਜੋ ਆਪ ਸਰਕਾਰ ਨੂੰ ਗੈਂਗਸਟਰਾਂ ਦੇ ਹੱਥਾਂ ਵਿਚੋਂ ਕੰਟਰੋਲ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਕਿਵੇਂ ਉਹਨਾਂ ਨੇ ਬੀਤੇ ਦਿਨਾਂ ਵਿਚ ਫਿਰੌਤੀਆਂ ਤੇ ਕਤਲਾਂ ਦਾਸ਼ਿਕਾਰ ਹੋਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ ਜਿਸ ਦੌਰਾਨ ਉਹਨਾਂ ਨੂੰ ਦੱਸਿਆ ਗਿਆ ਕਿ ਪੁਲਿਸ ਫੋਰਸ ਪੂਰੀ ਤਰ੍ਹਾਂ ਨਿਕੰਮੀ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਿਵੇਸ਼ ਪਹਿਲਾਂ ਹੀ ਬੰਦ ਹੋ ਗਿਆ ਹੈ। ਆਮ ਸਾਧਾਰਣ ਵਪਾਰੀ ਵੀ ਹਰਿਆਣਾ ਜਾ ਰਿਹਾ ਹੈ।ਫਿਰੌਤੀਆਂ ਆਮ ਗੱਲ ਹੋਗਈ ਹੈ ਤੇ ਲੋਕ ਵੀ ਪੁਲਿਸ ਕੋਲ ਜਾਣ ਤੋਂ ਡਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਕਦੇ ਵੀ ਪੰਜਾਬ ਵਿਚ ਪਹਿਲਾਂ ਨਹੀਂ ਹੋਏ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟਰਾਂ ਨੂੰ ਮਾਫੀਆ ਕਰਾਰ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਵਿਦੇਸ਼ ਵਿਚ ਟਰਾਂਸਪੋਰਟ ਖੇਤਰ ਵਿਚ ਮੱਲਾਂ ਮਾਰੀਆਂ ਹਨ। ਉਹਨਾਂ ਨੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ । ਉਹਨਾਂ ਕਿਹਾ ਕਿ ਉਹਨਾਂ ਨੂੰਅਪਰਾਧੀਆਂ ਨਾਲ ਜੁੜਿਆ ਸ਼ਬਦ ਮਾਫੀਆ ਕਹਿਣਾ ਬਹੁਤ ਹੀ ਨਿੰਦਣਯੋਗ ਹੈ।
ਟਰਾਂਸਪੋਰਟ ਮੰਤਰੀ ਵੱਲੋਂ ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਕੰਪਨੀਆਂ ਖਿਲਾਫ ਦਿੱਤੇ ਬਿਆਨ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਡਾ ਪਰਿਵਾਰ ਆਜ਼ਾਦੀ ਵੇਲੇ ਤੋਂ ਟਰਾਂਸਪੋਰਟ ਦੇ ਵਪਾਰ ਵਿਚ ਹੈ। ਸਾਡੇ ’ਤੇ ਕਦੇ ਵੀ ਗੈਰਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਹੋਣ ਦੇਦੋਸ਼ ਨਹੀਂ ਲੱਗੇ। ਉਹਨਾਂ ਕਿਹਾ ਕਿ ਪਿਛਲੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਮੌਜੂਦਾ ਸਰਕਾਰ ਨੇ ਸਾਡੀਆਂ ਬੱਸਾਂ ਚਲਣ ਤੋਂ ਰੋਕਣ ਦਾ ਯਤਨ ਕੀਤਾ ਪਰ ਸਾਨੂੰ ਹਾਈ ਕੋਰਟ ਤੋਂ ਰਾਹਤ ਮਿਲੀ। ਉਹਨਾਂ ਇਹ ਵੀ ਦੱਸਿਆ ਕਿ ਉਹ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ ਵੀ ਭੇਜ ਰਹੇ ਹਨ ਅਤੇ ਨਿਆਂ ਹਾਸਲ ਕਰਨ ਵਾਸਤੇ ਜੋ ਵੀ ਕਰਨਾ ਪਿਆ ਕਰਨਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿਚ ਫੇਲ੍ਹ ਹੋਣ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਇਹ ਪਹਿਲੇ ਮੁੱਖ ਮੰਤਰੀ ਹਨ ਜੋ ਬੀ ਬੀ ਐਮ ਬੀ ਤੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿਚ ਫੇਲ੍ਹ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਚੰਡੀਗੜ੍ਹ ਵਿਚ ਪੰਜਾਬ ਦੇ ਅਫਸਰਾਂ ਦੀ ਤਾਇਨਾਤੀ ਕਰਨ ਵਿਚ ਵੀ ਫੇਲ੍ਹ ਹੋਈ ਹੈ ਤੇ ਪੰਜਾਬ ਦੇ ਅਫਸਰਾਂ ਦੀ ਚੰਡੀਗੜ੍ਹ ਵਿਚ ਗਿਣਤੀ ਥੋੜ੍ਹੀ ਹੀ ਰਹਿਗਈ ਹੈ ਤੇ ਪੰਜਾਬ ਕੇਡਰ ਦੇ ਅਫਸਰ ਕੁਲਦੀਪ ਚਾਹਲ ਵਰਗੇ ਅਫਸਰਾਂ ਨੂੰ ਰਿਲੀਵ ਕੀਤਾ ਜਾ ਰਿਹਾ ਹੈ।
ਇਸਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰਸਿੰਘ ਧਾਮੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘਚੀਮਾ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਗੁਰਚਰਨ ਸਿੰਘ ਗਰੇਵਾਲ, ਵਿਰਸਾ ਸਿੰਘ ਵਲਟੋਹਾ, ਕਰਨੈਲ ਸਿੰਘ ਪੀਰਮੁਹੰਮਦ, ਸੋਹਣ ਸਿੰਘ ਠੰਢਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਰਵੀਕਰਨ ਸਿੰਘ ਕਾਹਲੋਂ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ।