ਕਿਹਾ ਕਿ ਪੰਜਾਬ ਖਾਨਾਜੰਗੀ ਦੀ ਕਗਾਰ ’ਤੇ ਪੁੱਜਾ ਕਿਉਂਕਿ ਸੂਬੇ ਵਿਚ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਭੰਗ ਹੋਈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਈ
ਨਵੀਂ ਦਿੱਲੀ/ਚੰਡੀਗੜ੍ਹ, 20 ਦਸੰਬਰ : ਬਠਿੰਡਾ ਦੇ ਮੈਂਬਰ ਪਾਰਲੀਮੈਂਟ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਰਾਜ ਵਿਚ ਡਰੱਗ ਮਾਫੀਆ ਅਤੇ ਸਿਆਸਤਦਾਨਾਂ ਦਰਮਿਆਨ ਗੰਢਤੁੱਪ ਦੇ ਕਾਰਨ ਨਾਰਕੋ ਅਤਿਵਾਦ ਦਾ ਉਭਾਰ ਹੋਇਆ ਹੈ ਜਿਸ ਵਿਚ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਤਬਾਹ ਕਰਨ ਦੀਸਮਰਥਾ ਹੈ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਹਸ਼ਰ ਉਸ ਜਵਾਲਾਮੁਖੀ ਵਾਂਗੂ ਹੈ ਜੋ ਖਾਨਾਜੰਗੀ ਦੀ ਕਗਾਰ ’ਤੇ ਹੈ ਕਿਉਂਕਿ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਪਹਿਲਾਂ ਕਦੇ ਨਹੀਂ ਬਣੇ। ਉਹ ਸੰਸਦ ਵਿਚ ਪੰਜਾਬ ਵਿਚ ਗੈਰ ਕਾਨੂੰਨੀ ਨਸ਼ਿਆਂ ਵਿਚ ਵਾਧੇ ਬਾਰੇ ਨਿਯਮ 193 ਤਹਿਤ ਸੰਬੋਧਨ ਕਰ ਰਹੇ ਸਨ।
ਇਸ ਮਾਮਲੇ ਬੋਲਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਵਾਅਦਾ ਕੀਤਾਸੀ ਕਿ ਨਸ਼ਿਆਂ ਨੂੰ 10 ਦਿਨਾਂ ਦੇ ਅੰਦਰਅੰਦਰ ਖਤਮ ਕਰ ਦਿੱਤਾ ਜਾਵੇਗਾ ਪਰ 9 ਮਹੀਨੇ ਲੰਘਣ ਮਗਰੋ਼ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਬਹੁਤ ਜ਼ਿਆਦਾ ਵੱਧ ਗਿਆ ਹੈ ਜੋ ਕੌਮੀ ਸੁਰੱਖਿਆ ਲਈ ਖ਼ਤਰਾ ਬਣ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਨਾਲ ਹਥਿਆਰ ਸਮਗਲ ਕੀਤੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਵਿਚ ਨਾਰਕੋ ਅਤਿਵਾਦ ਦਾ ਉਭਾਰ ਹੋਇਆ ਹੈ ਅਤੇ ਹੁਣ ਪਹਿਲੀ ਵਾਰ ਆਰ ਪੀ ਜੀ ਹਮਲੇ ਹੋ ਰਹੇ ਹਨ।
ਸਰਦਾਰਨੀ ਬਾਦਲ ਨੇ ਦੱਸਿਆ ਕਿ ਕਿਵੇਂ ਇਹ ਮਾਮਲਾ ਸੁਪਰੀਮ ਕੋਰਟ ਵਿਚ ਆਇਆ ਤਾਂ ਸਰਵਉਚ ਅਦਾਲਤ ਨੇ ਆਪ ਸਰਕਾਰ ਨੂੰ ਝਾੜ ਪਾਈ ਕਿ ਉਹ ਨਸ਼ਿਆਂ ਦੇ ਕੇਸਾਂ ਵਿਚ ਚਾਰਜਸ਼ੀਟ ਦਾਇਰ ਕਰਨ ਵਿਚ ਹੀ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਸਬੰਧੀ 31000 ਐਫ ਆਰ ਆਈ ਦਰਜ ਹੋਣ ਦੇ ਬਾਵਜੂਦ ਸਿਰਫ ਕੁਝ ਕੁ ਕੇਸਾਂ ਵਿਚ ਹੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਹੁਣ ਨਸ਼ਿਆਂ ਦੇ ਮਾਮਲੇ ਵਿਚ ਨੰਬਰ ਇਕ ਸੁਬਾ ਬਣ ਗਿਆ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਹਾਲਾਤਾਂ ਨਾਲ ਨਜਿੱਠਣ ਵਿਚ ਫੇਲ੍ਹ ਹੋਣ ਕਾਰਨ ਹੋਇਆ ਹੈ। ਉਹਨਾਂ ਕਿਹਾ ਕਿ ਤੁਸੀਂ ਉਸ ਮੁੱਖ ਮੰਤਰੀ ਤੋਂ ਕੋਈ ਆਸ ਨਹੀਂ ਰੱਖ ਸਕਦੇ ਜੋ ਸਵੇਰੇ 11.00 ਵਜੇ ਹੀ ਸ਼ਰਾਬ ਪੀ ਕੇ ਸੰਸਦ ਵਿਚ ਆ ਜਾਂਦਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕਰ ਕੇ ਵੀ ਸੂਬੇ ਦੀ ਬਦਨਾਮੀ ਕਰਵਾਈ ਕਿ ਨਸ਼ੇ ਵਿਚ ਧੁੱਤ ਹੋਣ ਕਾਰਨ ਉਹਨਾਂ ਨੂੰ ਲੁਫਥਾਨਸਾ ਏਅਰਲਾਈਨ ਤੋਂ ਹੇਠਾਂ ਲਾਹ ਦਿੱਤਾ ਗਿਆ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਸਾਰੇਮਾਮਲੇ ਵਿਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਵਾਅਦਾ ਕੀਤੇ ਜਾਣ ਦੇ ਬਾਵਜੂਦ ਵੀ ਜਾਂਚ ਨਹੀਂ ਕਰਵਾਈ ਗਈ ਅਤੇ ਮਾਮਲਾ ਠੰਢੇ ਬਸਤੇ ਵਿਚ ਪਾ ਦਿੱਤਾ ਗਿਆ।
ਉਹਨਾਂ ਕਿਹਾ ਕਿ ਅਸੀਂ ਹਰ ਰੋਜ਼ ਵੇਖ ਰਹੇ ਹਾਂ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਨੌਜਵਾਨ ਮੁੰਡੇ ਕੁੜਿਆਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਤੇ ਆਪ ਸਰਕਾਰ ਇਸਨੂੰ ਨਕੇਲ ਪਾਉਣ ਵਿਚ ਬੁਰੀ ਤਰ੍ਹਾ ਫੇਲ੍ਹ ਸਾਬਤ ਹੋਈ ਹੈ।
ਬਠਿੰਡਾ ਦੇ ਐਮ ਪੀ ਨੇ ਇਹ ਗੱਲ ਵੀ ਕੀਤੀ ਕਿ ਕਿਵੇਂ ਪਹਿਲਾਂ ਕਾਂਗਰਸ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਵਿਚ ਹੋਰ ਤੇਜ਼ ਰਫਤਾਰ ਵਾਧਾ ਹੋਇਆ ਹੈ ਅਤੇ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਦੇ ਪਸਾਰ ਤੇ ਗੈਰਕਾਨੂੰਨ ਸ਼ਰਾਬ ਫੈਕਟਰੀਆਂ ਪ੍ਰਤੀ ਅੱਖਾਂ ਹੀ ਮੀਟ ਲਈਆਂ ਜਿਸ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਰੋਕਣ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆਹੈ ਤੇ ਦੇਸ਼ ਨੁੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ ਹੈ। ਉਹਨਾਂ ਇਹ ਵੀ ਕਿਹਾ ਕਿ ਕਿਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਵਾਸਤੇ ਆਪਣੀ ਸ਼ਹਾਦਤ ਦਿੱਤੀ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਹਿਬਜ਼ਾਦਿਆਂ ਸਮੇਤ ਆਪਣਾ ਸਰਬੰਸ ਵਾਰ ਦਿੱਤਾ ਪਰ ਇਸਲਾਮ ਨਹੀਂ ਕਬੂਲਿਆ। ਉਹਨਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਨਸ਼ਿਆਂ ਦੀ ਬੁਰਾਈ ਦੇ ਖਾਤੇ ਲਈ ਸਖ਼ਤ ਕਾਰਵਾਈ ਦੀ ਜ਼ਰੂਰਤ ਹੈ।