ਚੋਣ ਕਮਿਸ਼ਨ ਨੂੰ ਰੇਤ ਮਾਈਨਿੰਗ ਦੇ ਮਾਮਲੇ ਦੀ ਜਾਂਚ ਲਈ ਕਿਹਾ
ਸ਼ਾਹਕੋਟ ਜ਼ਿਮਨੀ ਚੋਣ ਲਈ ਸੀਨੀਅਰ ਆਬਜ਼ਰਬਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਆਖਿਆ
ਚੰਡੀਗੜ੍ਹ/08 ਮਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਣੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਉਲੰਘਣਾ ਦੀ ਜਾਂਚ ਕਰਨ ਤੋਂ ਇਲਾਵਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਵਾਸਤੇ ਸ਼ਾਹਕੋਟ ਹਲਕੇ ਵਿਚ ਇੱਕ ਸੀਨੀਅਰ ਆਬਜ਼ਰਬਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਵੀ ਆਖਿਆ ਹੈ
ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਅੱਜ ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਕੱਲ੍ਹ ਪੰਜਾਬ ਭਵਨ ਦੇ ਗਲਿਆਰੇ ਵਿਚ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਸੀ, ਜਿਸ ਵਿਚ ਸੂਬੇ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਾਜ਼ਰੀ ਭਰੀ ਸੀ। ਉਹਨਾਂ ਕਿਹਾ ਕਿ ਇਸ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੀ ਇੱਕ ਅਧਿਕਾਰੀ ਅਤੇ ਸ਼ਾਹਕੋਟ ਜ਼ਿਮਨੀ ਚੋਣ ਨਾਲ ਜੁੜੇ ਮਹਿਤਪੁਰ ਦੇ ਐਸਐਚਓ ਖਿਲਾਫ ਭੰਡੀ ਪ੍ਰਚਾਰ ਕੀਤਾ ਸੀ।
ਅਕਾਲੀ ਦਲ ਦੇ ਵਫ਼ਦ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਰਕਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐਨਆਰਆਈ ਸਭਾ ਜਲੰਧਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਸਮੇਤ ਦੂਜੀਆਂ ਪਾਰਟੀਆਂ ਦੇ ਸਿਆਸੀ ਕਾਰਕੁਨਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਸੰਬੰਧੀ ਸਿਆਸੀ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜ਼ਿਮਨੀ ਚੋਣ ਮੌਕੇ ਕਾਂਗਰਸ ਪਾਰਟੀ ਅੰਦਰ ਜੋਸ਼ ਭਰਨ ਵਾਸਤੇ ਇਹ ਸ਼ਮੂਥਲੀਅਤ ਕਰਵਾਈ ਗਈ ਸੀ।
ਇਸ ਘਟਨਾਕ੍ਰਮ ਨੂੰ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਵਾਲੀ ਕਾਰਵਾਈ ਕਰਾਰ ਦਿੰਦਿਆਂ ਡਾਕਟਰ ਦਲਜੀਤ ਚੀਮਾ ਨੇ ਕਿਹਾ ਕਿ ਉਸੇ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿੱਟ ਦੇ ਕਾਂਗਰਸ ਪਾਰਟੀ ਦੇ ਬੁਲਾਰੇ ਦੀ ਭੂਮਿਕਾ ਨਿਭਾਈ, ਜਦਕਿ ਉਸ ਦੀ ਆਪਣੀ ਪੁਲਿਸ ਨੇ ਸ਼ੇਰੋਵਾਲੀਆ ਵਿਰੁੱਧ ਗੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਉਹਨਾਂ ਕਿਹਾ ਕਿ 7 ਮਈ ਨੂੰ ਵਾਪਰੀਆਂ ਸਾਰੀਆਂ ਘਟਨਾਵਾਂ ਦੀ ਲੜੀ ਦੀ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਦਰਜ ਰੇਤ ਮਾਈਨਿੰਗ ਦੇ ਕੇਸ ਦੀ ਜਾਂਚ ਚੋਣ ਕਮਿਸ਼ਨ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਆਖਦਿਆਂ ਮੰਗ-ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਕਮਿਸ਼ਨ ਅਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਅਜਿਹੇ ਢੁੱਕਵੇਂ ਕਦਮ ਚੁੱਕੇ, ਜਿਸ ਨਾਲ ਮਹਿਤਪੁਰ ਦੇ ਐਸਐਚਓ ਸਮੇਤ ਸਥਾਨਕ ਅਧਿਕਾਰੀ ਬਿਨਾਂ ਪੱਖਪਾਤ ਤੋਂ ਆਪਣੀ ਡਿਊਟੀ ਨਿਭਾ ਸਕਣ। ਮੰਗ ਪੱਤਰ ਵਿਚ ਚੋਣ ਕਮਿਸ਼ਨ ਨੂੰ ਐਸਐਚਓ ਦੀ ਨਿੱਜੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਵੀ ਬੇਨਤੀ ਕੀਤੀ ਗਈ। ਇਸ ਤੋਂ ਇਲਾਵਾ ਕਮਿਸ਼ਨ ਨੂੰ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਨੂੰ ਸ਼ਾਹਕੋਟ ਵਿਚ ਜ਼ਿਮਨੀ ਚੋਣ ਦੀ ਡਿਊਟੀ ਉੱਤੇ ਤਾਇਨਾਤ ਕੀਤੇ ਆਪਣੇ ਹੀ ਅਧਿਕਾਰੀਆਂ ਨੂੰ ਧਮਕਾਉਣ ਤੋਂ ਰੋਕਿਆ ਜਾਵੇ। ਵਫ਼ਦ ਨੇ ਚੋਣ ਕਮਿਸ਼ਨ ਕੋਲ ਕਾਂਗਰਸ ਪਾਰਟੀ ਵੱਲੋਂ ਸ਼ਾਹਕੋਟ ਜ਼ਿਮਨੀ ਚੋਣ ਦੇ ਸੰਬੰਧ ਵਿਚ ਆਪਣੇ ਸਿਆਸੀ ਵਿਰੋਧੀਆਂ ਦੇ ਫੋਨ ਟੇਪ ਕੀਤੇ ਜਾਣ ਦੀਆਂ ਘਟਨਾਵਾਂ ਦੀ ਵੀ ਜਾਂਚ ਦੀ ਮੰਗ ਕੀਤੀ।
ਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸਰਦਾਰ ਸਵਰਨ ਸਿੰਘ ਚਨਾਰਥਲ, ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂਖੰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸਰਦਾਰ ਹਰਦੀਪ ਸਿੰਘ ਬੁਟਰੇਲਾ ਵੀ ਸ਼ਾਮਿਲ ਸਨ।