ਚੰਡੀਗੜ•/08 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਾਹਕੋਟ ਜ਼ਿਮਨੀ ਵਾਸਤੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਦੀ ਤੁਰੰਤ ਗਿਰਫਤਾਰੀ ਦੇ ਹੁਕਮ ਦੇਣ ਤਾਂ ਕਿ ਕਾਂਗਰਸੀ ਆਗੂ ਖ਼ਿਲਾਫ ਦਰਜ ਅਪਰਾਧਿਕ ਮਾਮਲੇ ਦੀ ਨਿਰਪੱਖ ਅਤੇ ਆਜ਼ਾਦ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਉਂਕਿ ਸ਼ਾਹਕੋਟ ਵਿਚ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ਇਸ ਲਈ ਚੋਣ ਕਮਿਸ਼ਨ ਸੂਬੇ ਅੰਦਰ ਚਲਾਏ ਜਾ ਰਹੇ ਮਾਈਨਿੰਗ ਮਾਫੀਏ ਅੰਦਰ ਕਾਂਗਰਸੀ ਉਮੀਦਵਾਰ ਦੀ ਭੂਮਿਕਾ ਦਾ ਪਰਦਾਫਾਸ਼ ਕਰਨ ਲਈ ਉਸ ਦੀ ਤੁਰੰਤ ਗਿਰਫਤਾਰੀ ਅਤੇ ਹਿਰਾਸਤੀ ਪੁੱਛਗਿੱਛ ਦੇ ਹੁਕਮ ਦੇਣ। ਉਹਨਾਂ ਕਿਹਾ ਕਿ ਇਹ ਇਸ ਲਈ ਜਰੂਰੀ ਹੈ, ਕਿਉਂਕਿ ਕਾਂਗਰਸ ਸਰਕਾਰ ਨਾ ਸਿਰਫ ਲਾਡੀ ਖ਼ਿਲਾਫ ਕਾਰਵਾਈ ਵਿਚ ਅੜਿੱਕੇ ਡਾਹੁਣ ਦੀ ਕੋਸ਼ਿਸ਼ ਕਰ ਰਹੀ ਹੈ, ਸਗੋਂ ਇਸ ਨੇ ਕਾਂਗਰਸੀ ਆਗੂ ਵਿਰੁੱਧ ਪਰਚਾ ਦਰਜ ਕਰਨ ਵਾਲੇ ਮਹਿਤਪੁਰ ਦੇ ਐਸਐਚਓ ਪਰਮਿੰਦਰ ਸਿੰਘ ਖਿਲਾਫ ਇੱਕ ਭੰਡੀ-ਪ੍ਰਚਾਰ ਦੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਵੇਂ ਕਿ ਲਾਡੀ ਦਾ ਮਾਮਲਾ ਹੈ, ਕਿਸੇ ਦੋਸ਼ੀ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਮਗਰੋਂ ਉਸ ਨੂੰ ਗਿਰਫਤਾਰ ਕਰਨਾ ਕੁਦਰਤੀ ਸਰੋਤਾਂ ਦੀ ਚੋਰੀ ਵਰਗੇ ਸੰਵੇਦਨਸ਼ੀਲ ਮਾਮਲੇ ਦੀ ਤੈਅ ਤਕ ਜਾਣ ਲਈ ਲਾਜ਼ਮੀ ਹੁੰਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਇਸ ਮਾਮਲੇ ਵਿਚ ਕਾਰਵਾਈ ਦੀ ਉਮੀਦ ਨਹੀਂ ਹੈ, ਕਿਉਂਕਿ ਇਹ ਦੋਹਰੇ ਮਾਪਦੰਡ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਪੰਜ ਸਾਲ ਪੁਰਾਣੇ ਕੇਸਾਂ ਵਿਚ ਕਾਰਵਾਈ ਕਰਨ ਵਾਸਤੇ ਤਾਂ ਪੂਰਾ ਜ਼ੋਰ ਲਾ ਰੱਖਿਆ ਹੈ ,ਪਰ ਮਾਈਨਿੰਗ ਮਾਫੀਆ ਖਿਲਾਫ ਸਿਰਫ ਇਸ ਲਈ ਕਾਰਵਾਈ ਨਹੀਂ ਕਰ ਰਹੀ ਹੈ, ਕਿਉਂਕਿ ਇਸ ਨੂੰ ਕਾਂਗਰਸ ਪਾਰਟੀ ਦੀ ਪੁਸ਼ਤਪਨਾਹੀ ਹਾਸਿਲ ਹੈ।